ਵਿਆਹ ਪੁਰਬ ਮੌਕੇ ਬਟਾਲਾ ’ਚ 24 ਘੰਟੇ ਤਾਇਨਾਤ ਰਹਿਣਗੇ ਫਾਇਰ ਫਾਈਟਰ
ਫਾਇਰ ਅਤੇ ਐਮਰਜੈਂਸੀ ਸਰਵਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਸੁਰੱਖਿਆ ਨਿਰੀਖਣ; ਬਾਹਰਲੇ ਜ਼ਿਲ੍ਹਿਆਂ ਤੋਂ ਵੀ ਫਾਇਰ ਟੈਂਡਰ ਮੰਗਵਾਏ ਬਟਾਲਾ, 16 ਸਤੰਬਰ (ਹਿੰ.ਸ.)| ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਸ਼ਹਿਰ ਵਿੱਚ ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦਿ
ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਤਾਇਨਾਤ ਫਾਇਰ ਫਾਈਟਰ


ਫਾਇਰ ਅਤੇ ਐਮਰਜੈਂਸੀ ਸਰਵਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਸੁਰੱਖਿਆ ਨਿਰੀਖਣ; ਬਾਹਰਲੇ ਜ਼ਿਲ੍ਹਿਆਂ ਤੋਂ ਵੀ ਫਾਇਰ ਟੈਂਡਰ ਮੰਗਵਾਏ

ਬਟਾਲਾ, 16 ਸਤੰਬਰ (ਹਿੰ.ਸ.)| ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਸ਼ਹਿਰ ਵਿੱਚ ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੰਜਾਬ ਫਾਇਰ ਅਤੇ ਐਮਰਜੈਂਸੀ ਸਰਵਿਸ ਵੱਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ-ਕਮਿਸ਼ਨਰ ਨਗਰ ਨਿਗਮ ਬਟਾਲਾ ਦੀਆਂ ਹਦਾਇਤਾਂ ਤਹਿਤ ਫਾਇਰ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦਾ ਸੁਰੱਖਿਆ ਨਿਰੀਖਣ ਕੀਤਾ ਗਿਆ।

ਇਸ ਮੌਕੇ ਸਟੇਸ਼ਨ ਇੰਚਾਰਜ ਨੀਰਜ ਸ਼ਰਮਾ, ਹਰਬਖਸ਼ ਸਿੰਘ ਸਿਵਲ ਡਿਫੈਂਸ, ਜਸਬੀਰ ਸਿੰਘ, ਜਗਰੂਪ ਸਿੰਘ, ਪਰਮਿੰਦਰ ਸਿੰਘ ਅਤੇ ਫਾਇਰ ਫਾਈਟਰਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਜਗਦੀਪ ਸਿੰਘ ਰੰਧਾਵਾ ਤੇ ਸਟਾਫ ਮੌਜੂਦ ਸੀ। ਸਟੇਸ਼ਨ ਇੰਚਾਰਜ ਨੀਰਜ ਸ਼ਰਮਾ ਨੇ ਦੱਸਿਆ ਕਿ ਸੰਗਤਾਂ ਦੇ ਭਾਰੀ ਇਕੱਠ ਵਾਲੀਆਂ ਥਾਵਾਂ ’ਤੇ 24 ਘੰਟੇ ਫਾਇਰ ਫਾਈਟਰਾਂ ਦੀ ਡਿਊਟੀ ਲਗਾਈ ਗਈ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਾਇਰ ਟੈਂਡਰ ਵੀ ਤਾਇਨਾਤ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਲਈ ਠਠਿਆਰੀ ਗੇਟ, ਨਹਿਰੂ ਗੇਟ, ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ, 17 ਅਤੇ 18 ਸਤੰਬਰ ਨੂੰ ਨਗਰ ਕੀਰਤਨ ਦੇ ਨਾਲ-ਨਾਲ ਹੋਰ ਮਹੱਤਵਪੂਰਨ ਥਾਵਾਂ ’ਤੇ ਫਾਇਰ ਟੈਂਡਰ ਤਾਇਨਾਤ ਕੀਤੇ ਜਾਣਗੇ। ਵਿਆਹ ਪੁਰਬ ਦੇ ਮੱਦੇਨਜ਼ਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਜੰਡਿਆਲਾ ਗੁਰੂ, ਪਠਾਨਕੋਟ ਅਤੇ ਗੁਰਦਾਸਪੁਰ ਤੋਂ ਵੀ ਫਾਇਰ ਟੈਂਡਰ ਮੰਗਵਾਏ ਗਏ ਹਨ, ਜਿਨ੍ਹਾਂ ਨੂੰ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਤਾਇਨਾਤ ਕੀਤਾ ਜਾਵੇਗਾ।

ਸਟੇਸ਼ਨ ਇੰਚਾਰਜ ਨੇ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਦੁਕਾਨ ਜਾਂ ਗੋਦਾਮ ਵਿੱਚ ਜਲਣਸ਼ੀਲ ਪਦਾਰਥ ਜਾਂ ਵਿਸਫੋਟਕ ਸਮੱਗਰੀ ਸਟੋਰ ਨਾ ਕੀਤੀ ਜਾਵੇ। ਉਨ੍ਹਾਂ ਲੰਗਰ ਸੁਸਾਇਟੀਆਂ ਨੂੰ ਵੀ ਅੱਗ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੀ ਫਾਇਰ ਗੇਮ ਨਾ ਖੇਡੀ ਜਾਵੇ। ਇਸ ਦੇ ਨਾਲ ਹੀ ਲੋਕਾਂ ਨੂੰ ਰਸਤੇ ਬਿਲਕੁਲ ਸਾਫ਼ ਰੱਖਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਫਾਇਰ ਬ੍ਰਿਗੇਡ, ਪੁਲਿਸ ਅਤੇ ਐਂਬੂਲੈਂਸ ਨੂੰ ਸੜਕ ’ਤੇ ਪਹਿਲ ਦੇ ਆਧਾਰ ’ਤੇ ਰਸਤਾ ਮਿਲ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande