
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ
ਫਰੀਦਕੋਟ, 16 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਵਿੱਚ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸਬੰਧੀ ਫਰੀਦਕੋਟ ਜ਼ਿਲ੍ਹੇ ਵਿੱਚ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਕੇਸ਼ਵ ਗੋਇਲ ਨੇ ਅਧਿਕਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਰਜਿਸਟ੍ਰੇਸ਼ਨ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਨ ਅਤੇ ਨਿਰਧਾਰਤ ਟੀਚਾ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖਿਡਾਰੀ ਜਾਂ ਵਿਦਿਆਰਥੀ ਨੂੰ ਰਜਿਸਟ੍ਰੇਸ਼ਨ ਸਬੰਧੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਬੰਧਤ ਵਿਭਾਗ ਦੀ ਟੀਮ ਨਾਲ ਤਾਲਮੇਲ ਕਰਕੇ ਉਸ ਦਾ ਤੁਰੰਤ ਹੱਲ ਕੀਤਾ ਜਾਵੇ।
ਉਨ੍ਹਾਂ ਕਾਲਜਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਗਰੁੱਪ ਬਣਾਕੇ ਉਸ ਵਿੱਚ ਰਜਿਸਟ੍ਰੇਸ਼ਨ ਲਿੰਕ ਸਾਂਝਾ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਣ।
ਜ਼ਿਲ੍ਹਾ ਖੇਡ ਅਫਸਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਵੱਧ ਤੋਂ ਵੱਧ ਬੱਚਿਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਕੂਲਾਂ ਅਤੇ ਕਾਲਜਾਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੇਬਲ ਟੈਨਿਸ, ਸ਼ਤਰੰਜ, ਕੁਸ਼ਤੀ, ਮੁੱਕੇਬਾਜ਼ੀ ਅਤੇ ਐਥਲੈਟਿਕਸ ਸਮੇਤ ਵੱਖ-ਵੱਖ ਖੇਡਾਂ ਲਈ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਮਹਿਲਾ ਕ੍ਰਿਕਟ, ਹੈਂਡਬਾਲ ਅਤੇ ਬਾਸਕਟਬਾਲ ਆਦਿ ਵਿੱਚ ਵੀ ਖਿਡਾਰੀ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਕਰੀਬ 30 ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਖਿਡਾਰੀ sports.punjab.gov.in ’ਤੇ ਕਿਊਆਰ ਕੋਡ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਮਾਰਕਿਟ ਕਮੇਟੀ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਆਫਲਾਈਨ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਉਪਲਬਧ ਹੈ।
ਬਲਾਕ ਪੱਧਰ ਦੇ ਜੇਤੂ ਖਿਡਾਰੀ ਜ਼ਿਲ੍ਹਾ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਜੇਤੂ ਖਿਡਾਰੀ ਸੂਬਾ ਪੱਧਰ ’ਤੇ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਸੂਬਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ 10 ਹਜ਼ਾਰ ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ 7 ਹਜ਼ਾਰ ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ 5 ਹਜ਼ਾਰ ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH