
ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਹੋਈ ਵਿਚਾਰ-ਚਰਚਾ
ਕਪੂਰਥਲਾ, 16 ਸਤੰਬਰ (ਹਿੰ.ਸ.)| ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਜਾਇਜ਼ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਰਗਾਂ ਨਾਲ ਸਬੰਧਤ ਜਾਇਜ਼ ਸ਼ਿਕਾਇਤਾਂ ਨੂੰ ਸੰਵੇਦਨਸ਼ੀਲਤਾ ਨਾਲ ਲੈਂਦਿਆਂ ਸਬੰਧਤ ਵਿਭਾਗਾਂ ਦੇ ਤਾਲਮੇਲ ਨਾਲ ਬਿਨਾਂ ਬੇਲੋੜੀ ਦੇਰੀ ਦੇ ਹੱਲ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹਾ ਸੈਨਿਕ ਬੋਰਡ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਫਲੈਗ ਡੇ ਫੰਡ ਦੀ ਉਗਰਾਹੀ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਭੁਲੱਥ ਵਿਖੇ ਈ.ਸੀ.ਐਚ.ਐਸ. ਪੋਲੀਕਲੀਨਿਕ ਨੂੰ ਮੁੜ ਖੋਲ੍ਹਣ ਅਤੇ ਵੈਟਰਨ ਸਹਾਇਤਾ ਕੇਂਦਰ ਦੀ ਮੁੜ ਸਥਾਪਨਾ ਦਾ ਮੁੱਦਾ ਵੀ ਵਿਚਾਰਿਆ ਗਿਆ।
ਅਕਾਸ਼ ਬਾਂਸਲ ਨੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਮਾਮਲਿਆਂ ’ਤੇ ਤਾਲਮੇਲ ਨਾਲ ਕਾਰਵਾਈ ਕਰਦਿਆਂ ਜਲਦ ਨਿਪਟਾਰਾ ਯਕੀਨੀ ਬਣਾਉਣ ਅਤੇ ਇਸ ਸਬੰਧੀ ਪ੍ਰਗਤੀ ਬਾਰੇ ਜ਼ਿਲ੍ਹਾ ਸੈਨਿਕ ਬੋਰਡ ਨੂੰ ਲਗਾਤਾਰ ਜਾਣੂ ਕਰਵਾਉਣ ਲਈ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਾਬਕਾ ਸੈਨਿਕਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੀ ਵੰਡੇ ਗਏ। ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫਟੀਨੈਂਟ ਕਰਨਲ ਰੋਹਿਤ ਸ਼ਰਮਾ (ਰਿਟਾ.) ਨੇ ਦਫ਼ਤਰ ਦੇ ਕੰਮਕਾਜ ਅਤੇ ਕਾਰਗੁਜ਼ਾਰੀ ਸਬੰਧੀ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH