
ਸੀਮਾ ਨੇੜੇ ਚਿੰਨ੍ਹਿਤ ਹੌਟਸਪੌਟਸ ’ਤੇ 2 ਡਰੋਨ ਹੋਣਗੇ ਤਾਇਨਾਤ, ਨਸ਼ਾ-ਹਥਿਆਰਾਂ ਦੀਆਂ ਖੇਪਾਂ ਚੁੱਕਣ ਵਾਲਿਆਂ ਦੀਆਂ ਗਤੀਵਿਧੀਆਂ ’ਤੇ ਵੀ ਰਹੇਗੀ ਨਜ਼ਰ
ਅੰਮ੍ਰਿਤਸਰ, 16 ਸਤੰਬਰ (ਹਿੰ.ਸ.)| ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ, ਹਥਿਆਰ ਅਤੇ ਹੋਰ ਪਾਬੰਦੀਸ਼ੁਦਾ ਸਮੱਗਰੀ ਭੇਜੇ ਜਾਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਨਿਗਰਾਨੀ ਪ੍ਰਬੰਧ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਪੁਲਿਸ ਵੱਲੋਂ ਸਰਹੱਦ ਨਾਲ ਲੱਗਦੇ ਚਿੰਨ੍ਹਿਤ ਸੰਵੇਦਨਸ਼ੀਲ ਇਲਾਕਿਆਂ ਵਿੱਚ 2 ਡਰੋਨ ਤਾਇਨਾਤ ਕੀਤੇ ਜਾਣਗੇ, ਜੋ ਪਹਿਲਾਂ ਤੋਂ ਮੌਜੂਦ ਐਂਟੀ-ਡਰੋਨ ਸਿਸਟਮ ਦੇ ਨਾਲ ਮਿਲ ਕੇ ਕੰਮ ਕਰਨਗੇ।
ਪੁਲਿਸ ਅਧਿਕਾਰੀਆਂ ਮੁਤਾਬਕ, ਇਨ੍ਹਾਂ ਡਰੋਨਾਂ ਦੀ ਮਦਦ ਨਾਲ ਸਰਹੱਦੀ ਖੇਤਰ ਵਿੱਚ ਹਵਾਈ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਉਨ੍ਹਾਂ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਨੂੰ ਵੀ ਟ੍ਰੈਕ ਕੀਤਾ ਜਾਵੇਗਾ, ਜੋ ਕਥਿਤ ਤੌਰ ’ਤੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਨਸ਼ੇ ਜਾਂ ਹਥਿਆਰਾਂ ਦੀਆਂ ਖੇਪਾਂ ਚੁੱਕਣ ਲਈ ਸਰਹੱਦੀ ਪਿੰਡਾਂ ਵਿੱਚ ਪਹੁੰਚਦੇ ਹਨ।
ਇੰਸਪੈਕਟਰ ਜਨਰਲ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨਾਲ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਮੌੜੇ ਪਿੰਡ ਦਾ ਦੌਰਾ ਕੀਤਾ। ਇਸ ਮੌਕੇ ਬੀਐਸਐਫ ਅੰਮ੍ਰਿਤਸਰ ਦੇ ਡੀਆਈਜੀ ਐਸਐਸ ਚੰਦੇਲ ਵੀ ਮੌਜੂਦ ਰਹੇ। ਦੌਰੇ ਦੌਰਾਨ ਅਧਿਕਾਰੀਆਂ ਨੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਐਂਟੀ-ਡਰੋਨ ਸਿਸਟਮ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।
ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵੱਲੋਂ ਅਜਿਹੇ ਕਈ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਸਰਹੱਦ ਪਾਰ ਬੈਠੇ ਤਸਕਰਾਂ ਵੱਲੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ, ਹਥਿਆਰ ਅਤੇ ਹੋਰ ਪਾਬੰਦੀਸ਼ੁਦਾ ਸਮੱਗਰੀ ਭਾਰਤੀ ਖੇਤਰ ਵਿੱਚ ਭੇਜੇ ਜਾਣ ਦਾ ਖ਼ਤਰਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਐਂਟੀ-ਡਰੋਨ ਸਿਸਟਮ ਖਰੀਦ ਕੇ ਤਾਇਨਾਤ ਕੀਤੇ ਜਾ ਚੁੱਕੇ ਹਨ ਅਤੇ ਹੁਣ ਇਸ ਨਿਗਰਾਨੀ ਪ੍ਰਬੰਧ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਪੁਲਿਸ ਮੁਤਾਬਕ ਨਵੀਂ ਡਰੋਨ ਨਿਗਰਾਨੀ ਪ੍ਰਣਾਲੀ ਨਾਲ ਸਰਹੱਦੀ ਖੇਤਰ ਵਿੱਚ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ਦੀ ਜਲਦ ਪਛਾਣ ਕਰਨ ਅਤੇ ਤਸਕਰੀ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਤੱਕ ਪਹੁੰਚਣ ਵਿੱਚ ਮਦਦ ਮਿਲਣ ਦੀ ਉਮੀਦ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਦਿਆਂ ਸਰਹੱਦ ਪਾਰੋਂ ਹੋਣ ਵਾਲੀ ਡਰੋਨ ਆਧਾਰਿਤ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਅਤੇ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH