
ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਕੋਲ ਸੀਐਲਯੂ ਚਾਰਜਿਜ਼, ਸਫ਼ਾਈ ਸੇਵਕਾਂ ਤੇ ਵਾਧੂ ਸਟਾਫ਼ ਦੇ ਮੁੱਦੇ ਉਠਾਏਫਗਵਾੜਾ, 16 ਸਤੰਬਰ (ਹਿੰ.ਸ.)| ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਫਗਵਾੜਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਸ਼ਹਿਰ ਵਿੱਚ ਵਿਕਾਸ ਕਾਰਜਾਂ, ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਵਿੱਚ ਸੁਧਾਰ, ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਸ਼ਹਿਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਰਤੀ ਜਾ ਸਕਦੀ ਹੈ।ਡਾ. ਚੱਬੇਵਾਲ ਨੇ ਕਿਹਾ ਕਿ ਵਿਸ਼ੇਸ਼ ਗ੍ਰਾਂਟ ਮਿਲਣ ਨਾਲ ਨਗਰ ਨਿਗਮ ਫਗਵਾੜਾ ਵੱਲੋਂ ਤਰਜੀਹੀ ਆਧਾਰ ’ਤੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਸਕਣਗੇ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਘਨਸ਼ਿਆਮ ਥੋਰੀ ਨਾਲ ਮੀਟਿੰਗ ਕਰਕੇ ਨਗਰ ਨਿਗਮ ਫਗਵਾੜਾ ਨਾਲ ਸਬੰਧਤ ਕਈ ਮੁੱਦੇ ਉਠਾਏ। ਉਨ੍ਹਾਂ ਵਿਭਾਗ ਨੂੰ ਸ਼ਹਿਰ ਵਿੱਚ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸਮੇਂ ਸਿਰ ਕਾਰਵਾਈ ਕਰਨ ਦੀ ਅਪੀਲ ਕੀਤੀ।ਸੰਸਦ ਮੈਂਬਰ ਨੇ ਵਪਾਰਕ ਜ਼ਮੀਨ ਲਈ ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ) ਚਾਰਜਿਜ਼ ਨੂੰ ਤਰਕਸੰਗਤ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਵੱਧ ਚਾਰਜਿਜ਼ ਸਥਾਨਕ ਕਾਰੋਬਾਰੀਆਂ ਅਤੇ ਵਪਾਰਕ ਗਤੀਵਿਧੀਆਂ ’ਤੇ ਅਸਰ ਪਾ ਸਕਦੇ ਹਨ। ਉਨ੍ਹਾਂ ਮੌਜੂਦਾ ਚਾਰਜਿਜ਼ ਦੀ ਸਮੀਖਿਆ ਕਰਕੇ ਵਪਾਰੀਆਂ ਦੇ ਹਿੱਤ ਵਿੱਚ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ।ਡਾ. ਚੱਬੇਵਾਲ ਨੇ ਨਗਰ ਨਿਗਮ ਵਿੱਚ ਸਫ਼ਾਈ ਸੇਵਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵੀ ਵਿਸ਼ੇਸ਼ ਪ੍ਰਵਾਨਗੀ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ 26 ਅਗਸਤ 2026 ਦੇ ਨੋਟੀਫਿਕੇਸ਼ਨ ਅਨੁਸਾਰ 134 ਆਊਟਸੋਰਸ ਸਫ਼ਾਈ ਸੇਵਕਾਂ ਨੂੰ ਇਨਸੋਰਸ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਲਈ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।ਉਨ੍ਹਾਂ ਨਗਰ ਨਿਗਮ ਦੇ ਸੁਚਾਰੂ ਕੰਮਕਾਜ ਲਈ ਵਾਧੂ ਦਫ਼ਤਰੀ ਸਟਾਫ਼ ਮੁਹੱਈਆ ਕਰਵਾਉਣ ਅਤੇ ਫਗਵਾੜਾ ਵਿੱਚ ਆਮ ਆਦਮੀ ਕਲੀਨਿਕ ਲਈ ਜਗ੍ਹਾ ਅਲਾਟ ਕਰਨ ਦੀ ਪ੍ਰਵਾਨਗੀ ਦੇਣ ਦੀ ਮੰਗ ਵੀ ਰੱਖੀ, ਤਾਂ ਜੋ ਵਸਨੀਕਾਂ ਨੂੰ ਪਹੁੰਚਯੋਗ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਹਿੰਦੂਸਥਾਨ ਸਮਾਚਾਰ / GURSHARAN SINGH