
ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਟੀਮ ਨੇ ਮੱਥਾ ਟੇਕਿਆ; 16 ਤੇ 17 ਸਤੰਬਰ ਨੂੰ ਜੀਐੱਨਡੀਯੂ ’ਚ ਹੋਣਗੇ ਚਾਰ ਸ਼ੋਅਅੰਮ੍ਰਿਤਸਰ, 16 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਧਾਰਮਿਕ ਵਿਰਾਸਤ, ਸੱਭਿਆਚਾਰਕ ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ‘ਹਮਾਰੇ ਰਾਮ’ ਨਾਟਕ ਦੀ ਟੀਮ ਅੱਜ ਬਾਲੀਵੁੱਡ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਟੀਮ ਦੇ ਨਾਲ ਮੌਜੂਦ ਸਨ।ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ੂਤੋਸ਼ ਰਾਣਾ ਨੇ ਕਿਹਾ ਕਿ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਤਤਪਰ ਰਹਿੰਦੇ ਹਨ।ਆਸ਼ੂਤੋਸ਼ ਰਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਚਾਰ ਸ਼ੋਅ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਨਾਟਕ ਦੇ ਸ਼ੋਅ ਕਰਵਾਏ ਜਾ ਚੁੱਕੇ ਹਨ ਅਤੇ ਇਨ੍ਹਾਂ ਨੂੰ ਦਰਸ਼ਕਾਂ ਵੱਲੋਂ ਹੁੰਗਾਰਾ ਮਿਲਿਆ ਹੈ।ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਲੋਕਾਂ ਨੂੰ ਜੋੜਨ ਲਈ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ 16 ਅਤੇ 17 ਸਤੰਬਰ ਨੂੰ ਇਸ ਨਾਟਕ ਦਾ ਮੰਚਨ ਕੀਤਾ ਜਾਵੇਗਾ ਅਤੇ ਹਰ ਦਿਨ ਦੋ ਸ਼ੋਅ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਭਾਰਤੀ ਪਰੰਪਰਾਵਾਂ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਰਾਮਾਇਣ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅੰਮ੍ਰਿਤਸਰ ਦੇ ਦਰਸ਼ਕ ਵੀ ਨਾਟਕ ਨੂੰ ਭਰਵਾਂ ਹੁੰਗਾਰਾ ਦੇਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH