
ਮੋਹਾਲੀ, 16 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀਆਂ ਗਈਆਂ। ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-78 ਅਤੇ ਸੈਕਟਰ-79 ਤੋਂ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਦਕਿ ਤੀਜੀ ਬੱਸ ਪਿੰਡ ਮੌਜਪੁਰ ਤੋਂ ਰਵਾਨਾ ਹੋਈ।
ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸੈਕਟਰ-78 ਤੋਂ ਕੌਂਸਲਰ ਸ਼ਰਨਜੀਤ ਕੌਰ ਅਤੇ ਸੈਕਟਰ-79 ਤੋਂ ਕੌਂਸਲਰ ਹਰਜੀਤ ਸਿੰਘ ਭੋਲੂ ਦੀ ਅਗਵਾਈ ਹੇਠ ਸੀਨੀਅਰ ਸਿਟੀਜ਼ਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਮੋਹਾਲੀ ਵਿਧਾਨ ਸਭਾ ਹਲਕੇ ਤੋਂ 144 ਬੱਸਾਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ। ਅੱਜ ਤਿੰਨ ਹੋਰ ਬੱਸਾਂ ਯਾਤਰਾ ਲਈ ਰਵਾਨਾ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਕੁੱਲ 254 ਬੂਥ ਹਨ ਅਤੇ ਘੱਟੋ-ਘੱਟ ਇੱਕ ਬੱਸ ਹਰ ਬੂਥ ਤੋਂ ਤੀਰਥ ਯਾਤਰਾ ਲਈ ਰਵਾਨਾ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ 254 ਬੱਸਾਂ ਦਾ ਟੀਚਾ ਪੂਰਾ ਹੋਣ ਤੋਂ ਬਾਅਦ ਵੀ ਇਹ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਸ਼ੁਰੂਆਤੀ ਦੌਰ ਵਿੱਚ ਲੋਕਾਂ ਨੂੰ ਯੋਜਨਾ ਬਾਰੇ ਜਾਣਕਾਰੀ ਦੇਣ ਵਿੱਚ ਕੁਝ ਸਮਾਂ ਲੱਗਿਆ, ਪਰ ਹੁਣ ਸ਼ਰਧਾਲੂਆਂ ਵਿੱਚ ਯਾਤਰਾ ਨੂੰ ਲੈ ਕੇ ਉਤਸ਼ਾਹ ਵਧ ਰਿਹਾ ਹੈ ਅਤੇ ਯਾਤਰਾ ਲਈ ਮੰਗ ਵੀ ਲਗਾਤਾਰ ਵਧ ਰਹੀ ਹੈ।
ਕੁਲਵੰਤ ਸਿੰਘ ਨੇ ਦੱਸਿਆ ਕਿ ਪਹਿਲਾਂ ਮੁੱਖ ਤੌਰ ’ਤੇ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਦੇ ਸਨ, ਪਰ ਹੁਣ ਖਾਟੂ ਸ਼ਿਆਮ, ਸਾਲਾਸਰ ਅਤੇ ਵਰਿੰਦਾਵਨ ਸਮੇਤ ਹੋਰ ਧਾਰਮਿਕ ਸਥਾਨਾਂ ਲਈ ਵੀ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਤੋਂ ਏਸੀ ਬੱਸਾਂ ਰਾਹੀਂ ਯਾਤਰਾ ਲਈ ਲਿਆਂਦਾ ਜਾਂਦਾ ਹੈ ਅਤੇ ਵਾਪਸੀ ’ਤੇ ਘਰ ਦੇ ਨੇੜੇ ਹੀ ਛੱਡਿਆ ਜਾਂਦਾ ਹੈ। ਯਾਤਰਾ ਦੌਰਾਨ ਖਾਣ-ਪੀਣ, ਰਿਹਾਇਸ਼ ਅਤੇ ਆਉਣ-ਜਾਣ ਦੇ ਪ੍ਰਬੰਧ ਕੀਤੇ ਜਾਂਦੇ ਹਨ। ਸਲੀਪਰ ਬੱਸਾਂ ਰਾਹੀਂ ਰਾਤ ਸਮੇਂ ਯਾਤਰਾ ਕਰਨ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ।
ਵਿਧਾਇਕ ਨੇ ਦੱਸਿਆ ਕਿ ਯਾਤਰਾ ਦੌਰਾਨ ਸੀਨੀਅਰ ਸਿਟੀਜ਼ਨ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਹਰ ਬੱਸ ਵਿੱਚ ਇੱਕ ਗਾਈਡ ਅਤੇ ਡਾਕਟਰ ਦੀ ਮੌਜੂਦਗੀ ਯਕੀਨੀ ਬਣਾਈ ਜਾਂਦੀ ਹੈ। ਇਸ ਮੌਕੇ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਭੁਪਿੰਦਰ ਸਿੰਘ ਜੌਹਲ, ਅਵਤਾਰ ਸਿੰਘ ਮੌਲੀ, ਦੀਦਾਰ ਸਿੰਘ ਅਤੇ ਮੇਜਰ ਸਿੰਘ ਤੋਂ ਇਲਾਵਾ ਪਿੰਡ ਮੌਜਪੁਰ ਵਿਖੇ ਸਰਪੰਚ ਸੰਦੀਪ ਕੌਰ, ਸੁਖਵਿੰਦਰ ਸਿੰਘ ਮਿੱਠਾ, ਪੰਚ ਗੁਰਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ, ਪਰਮਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH