ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਨੁਰਾਗ ਵਰਮਾ ਤੋਂ ਮਾਲ ਵਿਭਾਗ ਦਾ ਚਾਰਜ ਵਾਪਸ ਲਿਆ
ਚੰਡੀਗੜ੍ਹ, 17 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਸੀਨੀਅਰ ਆਈਏਐੱਸ ਅਧਿਕਾਰੀਆਂ ਦੇ ਵਿਭਾਗਾਂ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਅਨੁਰਾਗ ਵਰਮਾ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਦੇ ਅਹੁਦੇ ਤੋਂ ਹਟਾ ਕੇ ਖੇ
ਅਨੁਰਾਗ ਵਰਮਾ ਦੀ ਫਾਈਲ ਫੋਟੋ।


ਚੰਡੀਗੜ੍ਹ, 17 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਸੀਨੀਅਰ ਆਈਏਐੱਸ ਅਧਿਕਾਰੀਆਂ ਦੇ ਵਿਭਾਗਾਂ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਅਨੁਰਾਗ ਵਰਮਾ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਦੇ ਅਹੁਦੇ ਤੋਂ ਹਟਾ ਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਧੀਕ ਚਾਰਜ ਵੀ ਦਿੱਤਾ ਗਿਆ ਹੈ।

ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਜ਼ਿੰਮੇਵਾਰੀ ਹੁਣ ਸੀਨੀਅਰ ਆਈਏਐੱਸ ਅਧਿਕਾਰੀ ਜਸਪ੍ਰੀਤ ਤਲਵਾੜ ਨੂੰ ਸੌਂਪੀ ਗਈ ਹੈ। ਉਹ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਵਜੋਂ ਇਹ ਵਿਭਾਗ ਸੰਭਾਲਣਗੇ। ਉਨ੍ਹਾਂ ਕੋਲ ਮਾਈਨਜ਼ ਐਂਡ ਜਿਓਲੋਜੀ ਅਤੇ ਜਸਟਿਸ ਵਿਭਾਗਾਂ ਦੇ ਵਧੀਕ ਚਾਰਜ ਵੀ ਜਾਰੀ ਰਹਿਣਗੇ।

ਪ੍ਰਸ਼ਾਸਨਿਕ ਫੇਰਬਦਲ ਤਹਿਤ ਅਰਸ਼ਦੀਪ ਸਿੰਘ ਥਿੰਦ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੋਂ ਹਟਾ ਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਪ੍ਰਸ਼ਾਸਨਿਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਉਨ੍ਹਾਂ ਨੂੰ ਪਲੈਨਿੰਗ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਦਾ ਚਾਰਜ ਵੀ ਦਿੱਤਾ ਗਿਆ ਹੈ, ਜਦਕਿ ਬਾਗਬਾਨੀ ਵਿਭਾਗ ਦਾ ਵਧੀਕ ਚਾਰਜ ਉਨ੍ਹਾਂ ਕੋਲ ਜਾਰੀ ਰਹੇਗਾ।

ਸਰਕਾਰ ਦੇ ਹੁਕਮਾਂ ਮੁਤਾਬਕ ਸਾਰੇ ਸਬੰਧਤ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਤੁਰੰਤ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਤਬਾਦਲੇ 17 ਸਤੰਬਰ ਤੋਂ ਪ੍ਰਭਾਵੀ ਹੋ ਗਏ ਹਨ।

ਅਨੁਰਾਗ ਵਰਮਾ ਦਾ ਤਬਾਦਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਮੋਹਾਲੀ ਦੇ ਸਨਟੈਕ ਸਿਟੀ ਪ੍ਰੋਜੈਕਟ ਨਾਲ ਸਬੰਧਤ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸੰਦਰਭ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੇ ਜਾਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਅਤੇ ਈਡੀ ਦੀ ਜਾਂਚ ਵਿਚਕਾਰ ਕਿਸੇ ਸਿੱਧੇ ਸਬੰਧ ਦਾ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਗਿਆ ਹੈ।

ਸਨਟੈਕ ਸਿਟੀ ਮਾਮਲੇ ਵਿੱਚ ਜਾਂਚ ਏਜੰਸੀ ਵੱਲੋਂ ਕਥਿਤ ਸੀਐੱਲਯੂ ਅਤੇ ਜ਼ਮੀਨ ਨਾਲ ਜੁੜੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਦੋਸ਼ਾਂ ਸਬੰਧੀ ਸਬੰਧਤ ਅਧਿਕਾਰੀਆਂ ਵੱਲੋਂ ਕਿਸੇ ਨਿਯਮ ਦੀ ਉਲੰਘਣਾ ਜਾਂ ਬਿਲਡਰਾਂ ਨੂੰ ਗਲਤ ਫਾਇਦਾ ਦੇਣ ਤੋਂ ਇਨਕਾਰ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande