
ਗਰਭਵਤੀ ਮਾਵਾਂ, ਨਵਜੰਮੇ ਬੱਚਿਆਂ ਅਤੇ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ
ਫਰੀਦਕੋਟ, 17 ਸਤੰਬਰ (ਹਿੰ.ਸ.)| ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਸਪਤਾਲ ਸਾਦਿਕ ਵਿਖੇ ਕੌਮੀ ਸੰਤੁਲਿਤ ਖੁਰਾਕ ਹਫ਼ਤੇ ਸਬੰਧੀ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਲੋਕਾਂ ਨੂੰ ਸੰਤੁਲਿਤ ਭੋਜਨ ਦੇ ਮਹੱਤਵ ਅਤੇ ਸਿਹਤਮੰਦ ਜੀਵਨਸ਼ੈਲੀ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਾ. ਪ੍ਰੀਤੀ ਗੋਇਲ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ, ਨਵਜੰਮੇ ਬੱਚਿਆਂ, ਕਿਸ਼ੋਰਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਇਸ ਦੇ ਸਰੋਤਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਾਰਾ ਸਾਲ ਸੰਤੁਲਿਤ ਖੁਰਾਕ ਸਬੰਧੀ ਜਾਗਰੂਕਤਾ ਦਿੱਤੀ ਜਾਂਦੀ ਹੈ, ਪਰ ਇਸ ਹਫ਼ਤੇ ਦੌਰਾਨ ਵਿਸ਼ੇਸ਼ ਮੁਹਿੰਮ ਰਾਹੀਂ ਲੋਕਾਂ ਤੱਕ ਸਿਹਤਮੰਦ ਖੁਰਾਕ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਰੁਝੇਵਿਆਂ ਭਰੀ ਜ਼ਿੰਦਗੀ ਦੇ ਬਾਵਜੂਦ ਹਰੇਕ ਵਿਅਕਤੀ ਨੂੰ ਆਪਣੀ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਰੋਜ਼ਾਨਾ ਖੁਰਾਕ ਵਿੱਚ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਪਾਣੀ, ਚਰਬੀ, ਵਿਟਾਮਿਨ ਅਤੇ ਖਣਿਜ ਪਦਾਰਥਾਂ ਦੀ ਲੋੜੀਂਦੀ ਮਾਤਰਾ ਹੋਣੀ ਚਾਹੀਦੀ ਹੈ। ਇਸ ਲਈ ਹਰੀਆਂ ਸਬਜ਼ੀਆਂ, ਸਲਾਦ, ਦੁੱਧ, ਮੌਸਮੀ ਫਲ, ਉਬਲੀਆਂ ਅਤੇ ਪੁੰਗਰੀਆਂ ਦਾਲਾਂ ਆਦਿ ਨੂੰ ਖੁਰਾਕ ਦਾ ਹਿੱਸਾ ਬਣਾਉਣ ਦੀ ਸਲਾਹ ਦਿੱਤੀ ਗਈ।
ਗਰਭਵਤੀ ਔਰਤਾਂ ਨੂੰ ਸਾਫ਼-ਸੁਥਰਾ ਅਤੇ ਸੰਤੁਲਿਤ ਭੋਜਨ ਖਾਣ ਦੇ ਨਾਲ ਮਾਹਿਰ ਡਾਕਟਰ ਤੋਂ ਨਿਯਮਤ ਜਾਂਚ ਕਰਵਾਉਣ ਲਈ ਕਿਹਾ ਗਿਆ। ਨਵਜੰਮੇ ਬੱਚਿਆਂ ਲਈ ਮਾਂ ਦੇ ਦੁੱਧ ਨੂੰ ਸੰਪੂਰਨ ਪੌਸ਼ਟਿਕ ਆਹਾਰ ਦੱਸਦਿਆਂ ਕਿਹਾ ਗਿਆ ਕਿ ਜਨਮ ਤੋਂ ਇੱਕ ਘੰਟੇ ਦੇ ਅੰਦਰ ਮਾਂ ਦਾ ਦੁੱਧ ਸ਼ੁਰੂ ਕਰਨਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨੇ ਬੱਚੇ ਨੂੰ ਕੇਵਲ ਮਾਂ ਦਾ ਦੁੱਧ ਦੇਣਾ ਚਾਹੀਦਾ ਹੈ। ਛੇ ਮਹੀਨੇ ਬਾਅਦ ਮਾਂ ਦੇ ਦੁੱਧ ਦੇ ਨਾਲ ਪੂਰਕ ਖੁਰਾਕ ਸ਼ੁਰੂ ਕਰਨ ਅਤੇ ਦੋ ਸਾਲ ਤੱਕ ਮਾਂ ਦਾ ਦੁੱਧ ਜਾਰੀ ਰੱਖਣ ਦੀ ਸਲਾਹ ਦਿੱਤੀ ਗਈ। ਇਸ ਦੌਰਾਨ ਤਲੇ ਹੋਏ ਭੋਜਨ, ਫਾਸਟ ਫੂਡ, ਵੱਧ ਨਮਕ ਅਤੇ ਚੀਨੀ ਦੀ ਵਰਤੋਂ ਤੋਂ ਪਰਹੇਜ਼ ਕਰਨ ਅਤੇ ਸ਼ਰਾਬ ਤੇ ਸਿਗਰਟਨੋਸ਼ੀ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਨਰਸਿੰਗ ਟਿਊਟਰ ਮੈਡਮ ਮਨਦੀਪ ਕੌਰ ਦੀ ਅਗਵਾਈ ਹੇਠ ਰੋਲ ਪਲੇਅ ਰਾਹੀਂ ਵੀ ਸਿਹਤਮੰਦ ਖੁਰਾਕ ਦਾ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਦੱਸਿਆ ਗਿਆ ਕਿ ਅਸੰਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀ ਦੀ ਘਾਟ ਕਾਰਨ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਮੋਟਾਪੇ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਦਾ ਖਤਰਾ ਵਧ ਸਕਦਾ ਹੈ। ਲੋਕਾਂ ਨੂੰ ਸੰਤੁਲਿਤ ਭੋਜਨ ਦੇ ਨਾਲ ਨਿਯਮਤ ਸਰੀਰਕ ਕਸਰਤ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਜਗਵੀਰ ਸਿੰਘ, ਡਾ. ਮਨੀਸ਼, ਡਾ. ਅਭਿਲਾਸ਼ਾ, ਰਾਜਿੰਦਰ ਅਰੋੜਾ, ਰੁਪਿੰਦਰ ਕੌਰ ਸਮੇਤ ਹਸਪਤਾਲ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।
ਹਿੰਦੂਸਥਾਨ ਸਮਾਚਾਰ / GURSHARAN SINGH