
ਸ਼ਹਿਰ ਦੀ ਸੁੰਦਰਤਾ ਅਤੇ ਧਾਰਮਿਕ-ਸੱਭਿਆਚਾਰਕ ਵਿਰਾਸਤ ਨੂੰ ਮਿਲੇਗੀ ਨਵੀਂ ਪਛਾਣ : ਸ਼ੈਰੀ ਕਲਸੀ
ਬਟਾਲਾ, 17 ਸਤੰਬਰ (ਹਿੰ.ਸ.)| ਬਟਾਲਾ ਸ਼ਹਿਰ ਦੇ ਵਿਕਾਸ ਅਤੇ ਸੁੰਦਰਤਾ ਨੂੰ ਨਵਾਂ ਰੂਪ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬੁੱਧਵਾਰ ਦੇਰ ਸ਼ਾਮ ਸਿੰਬਲ ਚੌਕ ਵਿਖੇ ਨਵੇਂ ਬਣੇ ਵਿਸ਼ਵਕਰਮਾ ਚੌਕ ਦਾ ਸ਼ਹਿਰ ਵਾਸੀਆਂ ਦੀ ਹਾਜ਼ਰੀ ਵਿੱਚ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਐਕਸੀਅਨ ਨਿਰਮਲ ਸਿੰਘ, ਐੱਸ.ਡੀ.ਓ. ਰੋਹਿਤ ਉੱਪਲ ਸਮੇਤ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸਿਰਜਣਹਾਰ ਅਤੇ ਕਾਰੀਗਰਾਂ ਦੇ ਆਰਾਧਿਆ ਦੇਵਤਾ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਨਾਮ ’ਤੇ ਬਣਾਇਆ ਗਿਆ ਇਹ ਚੌਕ ਸਮਾਜ ਲਈ ਪ੍ਰੇਰਣਾ ਦਾ ਸਰੋਤ ਬਣੇਗਾ।
ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਚੌਕ ਦੀ ਸਥਾਪਨਾ ਨਾਲ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਬਟਾਲਾ ਇਤਿਹਾਸਕ ਅਤੇ ਉਦਯੋਗਿਕ ਪੱਖੋਂ ਵਿਸ਼ੇਸ਼ ਮਹੱਤਵ ਰੱਖਦਾ ਹੈ ਅਤੇ ਅਜਿਹੇ ਪ੍ਰੋਜੈਕਟ ਸ਼ਹਿਰ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਦੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਆਸ ਪ੍ਰਗਟਾਈ ਕਿ ਸ਼ਹਿਰ ਦੇ ਵਿਕਾਸ ਅਤੇ ਸੁੰਦਰਤਾ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਯਤਨ ਜਾਰੀ ਰਹਿਣਗੇ।
ਇਸ ਮੌਕੇ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹਰ ਵਰਗ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਦੌਰਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਹੈ ਅਤੇ ਕਰਵਾਏ ਗਏ ਵਿਕਾਸ ਕਾਰਜ ਸਪੱਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH