
ਰੂਪਨਗਰ, 17 ਸਤੰਬਰ (ਹਿੰ.ਸ.)| ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਜਲਦ ਸ਼ੁਰੂ ਕਰਨ, ਜ਼ਿਲ੍ਹੇ ਦੀਆਂ ਮੰਡੀਆਂ ਨੂੰ ਸੁਚਾਰੂ ਢੰਗ ਨਾਲ ਖੋਲ੍ਹਣ ਅਤੇ ਮੰਡੀਆਂ ਵਿੱਚ ਪਈਆਂ ਕਣਕ ਦੀਆਂ ਬੋਰੀਆਂ ਨੂੰ ਤੁਰੰਤ ਚੁਕਵਾਉਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਥੇਬੰਦੀ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸ਼ਹਿਰੀ ਪ੍ਰਧਾਨ ਦਲਜੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਾਠ ਮੁਗਲ ਮਾਜਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਨੂੰ ਜਲਦ ਖੋਲ੍ਹਿਆ ਜਾਵੇ ਅਤੇ ਕਣਕ ਦੀਆਂ ਬੋਰੀਆਂ ਨਾਲ ਭਰੀਆਂ ਮੰਡੀਆਂ ਨੂੰ ਖਾਲੀ ਕਰਵਾਇਆ ਜਾਵੇ, ਤਾਂ ਜੋ ਝੋਨੇ ਦੀ ਆਮਦ ਸਮੇਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ ਕਿਸਾਨਾਂ ਨੇ ਸਰਕਾਰੀ ਹਦਾਇਤਾਂ ਮੁਤਾਬਕ ਝੋਨੇ ਦੀ ਲਵਾਈ ਸ਼ੁਰੂ ਕੀਤੀ। ਉਨ੍ਹਾਂ ਮੁਤਾਬਕ ਹੁਣ ਲਗਭਗ 106 ਦਿਨ ਬੀਤ ਚੁੱਕੇ ਹਨ ਅਤੇ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਟਾਈ ਸ਼ੁਰੂ ਹੋਣ ਤੋਂ ਬਾਅਦ ਕਿਸਾਨ ਫਸਲ ਮੰਡੀਆਂ ਵਿੱਚ ਲਿਆਉਣ ਲੱਗ ਪਏ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਅਜੇ ਤੱਕ ਸਰਕਾਰ ਜਾਂ ਸਬੰਧਤ ਵਿਭਾਗਾਂ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਕਈ ਮੰਡੀਆਂ ਨੂੰ ਵੀ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨਾਂ ਵਿੱਚ ਚਿੰਤਾ ਅਤੇ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਪੱਕੀ ਫਸਲ ਨੂੰ ਸੰਭਾਲਣਾ ਅਤੇ ਸਮੇਂ ਸਿਰ ਮੰਡੀਆਂ ਵਿੱਚ ਲਿਆਉਣਾ ਕਿਸਾਨਾਂ ਲਈ ਮੁਸ਼ਕਲ ਬਣ ਰਿਹਾ ਹੈ। ਜੇਕਰ ਮੰਡੀਆਂ ਵਿੱਚ ਫਸਲ ਦੀ ਖਰੀਦ ਅਤੇ ਲਿਫਟਿੰਗ ਦਾ ਪ੍ਰਬੰਧ ਸਮੇਂ ਸਿਰ ਨਾ ਕੀਤਾ ਗਿਆ ਤਾਂ ਕਿਸਾਨਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕਿਸਾਨ ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਪਈ ਕਣਕ ਦੀਆਂ ਬੋਰੀਆਂ ਨੂੰ ਤੁਰੰਤ ਚੁਕਵਾਉਣ ਅਤੇ ਨਵੀਂ ਫਸਲ ਦੀ ਆਮਦ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਇਸ ਮੌਕੇ ਸੋਹਣ ਸਿੰਘ ਮਗਰੋੜ, ਲਖਵੀਰ ਸਿੰਘ ਮੁਗਲ ਮਾਜਰੀ, ਸਤਵਿੰਦਰ ਸਿੰਘ ਬਬਾਨੀ, ਸੁਖਵਿੰਦਰ ਸਿੰਘ ਚਟੋਲੀ ਅਤੇ ਸ਼ਮਸ਼ੇਰ ਸਿੰਘ ਮਗਰੋੜ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH