ਪੰਜਾਬ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗੈਰ-ਸਰਕਾਰੀ ਮੈਂਬਰ ਨਾਮਜ਼ਦ
ਚੰਡੀਗੜ੍ਹ, 17 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਟੇਟ ਮੈਂਟਲ ਹੈਲਥ ਅਥਾਰਟੀ (ਐੱਸ.ਐੱਮ.ਐੱਚ.ਏ.) ਵਿੱਚ 11 ਗੈਰ-ਸਰਕਾਰੀ ਮੈਂਬਰ ਨਾਮਜ਼ਦ ਕੀਤੇ ਹਨ। ਸਰਕਾਰ ਮੁਤਾਬਕ ਇਸ ਕਦਮ ਦਾ ਉਦੇਸ਼ ਮਾਨਸਿਕ ਸਿਹਤ ਨਾਲ ਜੂਝ ਰਹੇ ਲੋਕਾਂ ਦੇ ਅਧਿਕਾਰਾਂ
ਪੰਜਾਬ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗੈਰ-ਸਰਕਾਰੀ ਮੈਂਬਰ ਨਾਮਜ਼ਦ


ਚੰਡੀਗੜ੍ਹ, 17 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਟੇਟ ਮੈਂਟਲ ਹੈਲਥ ਅਥਾਰਟੀ (ਐੱਸ.ਐੱਮ.ਐੱਚ.ਏ.) ਵਿੱਚ 11 ਗੈਰ-ਸਰਕਾਰੀ ਮੈਂਬਰ ਨਾਮਜ਼ਦ ਕੀਤੇ ਹਨ। ਸਰਕਾਰ ਮੁਤਾਬਕ ਇਸ ਕਦਮ ਦਾ ਉਦੇਸ਼ ਮਾਨਸਿਕ ਸਿਹਤ ਨਾਲ ਜੂਝ ਰਹੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਸੂਬੇ ਵਿੱਚ ਵਧੇਰੇ ਜਵਾਬਦੇਹ ਅਤੇ ਗੁਣਵੱਤਾ ਵਾਲੀ ਮਾਨਸਿਕ ਸਿਹਤ ਪ੍ਰਣਾਲੀ ਵਿਕਸਤ ਕਰਨਾ ਹੈ।ਸਟੇਟ ਮੈਂਟਲ ਹੈਲਥ ਅਥਾਰਟੀ ਵੱਲੋਂ ਮੈਂਟਲ ਹੈਲਥਕੇਅਰ ਐਕਟ, 2017 ਦੇ ਪ੍ਰਬੰਧਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੀ ਨਿਗਰਾਨੀ, ਨਿਯਮਨ ਅਤੇ ਗੁਣਵੱਤਾ ਵਿੱਚ ਸੁਧਾਰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਵੀ ਅਥਾਰਟੀ ਦੀ ਹੋਵੇਗੀ। ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਨਸਿਕ ਸਿਹਤ ਅਤੇ ਨਸ਼ਾ ਮੁਕਤੀ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਇਸ ਕਦਮ ਨੂੰ ਅਹਿਮ ਮੰਨਿਆ ਜਾ ਰਿਹਾ ਹੈ।ਸਟੇਟ ਮੈਂਟਲ ਹੈਲਥ ਅਥਾਰਟੀ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੇ ਨਿਯਮਨ ਲਈ ਪ੍ਰਮੁੱਖ ਕਾਨੂੰਨੀ ਸੰਸਥਾ ਹੈ। ਇਹ ਮਾਨਸਿਕ ਸਿਹਤ ਸੇਵਾਵਾਂ ਲਈ ਗੁਣਵੱਤਾ ਅਤੇ ਸੇਵਾ ਮਾਪਦੰਡ ਤੈਅ ਕਰਨ, ਸਬੰਧਤ ਮਾਹਿਰਾਂ ਦੀ ਰਜਿਸਟ੍ਰੇਸ਼ਨ ਅਤੇ ਸਰਕਾਰ ਨੂੰ ਮਾਨਸਿਕ ਸਿਹਤ ਨੀਤੀ ਨਾਲ ਜੁੜੇ ਮਾਮਲਿਆਂ ਵਿੱਚ ਸਲਾਹ ਦੇਣ ਦਾ ਕੰਮ ਕਰਦੀ ਹੈ।ਅਥਾਰਟੀ ਦੇ ਸਰਕਾਰੀ ਮੈਂਬਰਾਂ ਵਿੱਚ ਸਿਹਤ, ਮੈਡੀਕਲ ਸਿੱਖਿਆ ਅਤੇ ਸਮਾਜਿਕ ਭਲਾਈ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ। ਜਦਕਿ 11 ਗੈਰ-ਸਰਕਾਰੀ ਮੈਂਬਰਾਂ ਵਿੱਚ ਮਨੋਚਿਕਿਤਸਕ, ਮਨੋਵਿਗਿਆਨੀ, ਮਨੋਰੋਗ ਸਮਾਜ ਸੇਵਕ, ਨਰਸਾਂ, ਮਾਨਸਿਕ ਬੀਮਾਰੀ ਨਾਲ ਜੂਝ ਰਹੇ ਲੋਕਾਂ, ਦੇਖਭਾਲ ਕਰਨ ਵਾਲਿਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹਨ। ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਜੱਜ ਜਾਂ ਯੋਗ ਨਿਆਂਇਕ ਅਧਿਕਾਰੀ ਦੀ ਅਗਵਾਈ ਹੇਠ ਮੈਂਟਲ ਹੈਲਥ ਰਿਵਿਊ ਬੋਰਡ ਵੀ ਕੰਮ ਕਰ ਰਹੇ ਹਨ। ਇਹ ਬੋਰਡ ਮਾਨਸਿਕ ਸਿਹਤ ਸੰਸਥਾਵਾਂ ਵਿੱਚ ਦਾਖਲੇ ਅਤੇ ਇਲਾਜ ਨਾਲ ਸਬੰਧਤ ਫੈਸਲਿਆਂ ਦੀ ਸਮੀਖਿਆ ਕਰਦੇ ਹਨ। ਇਸ ਤੋਂ ਇਲਾਵਾ ਸ਼ਿਕਾਇਤਾਂ, ਅਧਿਕਾਰਾਂ ਦੀ ਕਥਿਤ ਉਲੰਘਣਾ, ਅਗਾਊਂ ਨਿਰਦੇਸ਼ਾਂ ਅਤੇ ਨਾਮਜ਼ਦ ਨੁਮਾਇੰਦਿਆਂ ਨਾਲ ਜੁੜੇ ਮਾਮਲਿਆਂ ਦੀ ਵੀ ਜਾਂਚ ਕੀਤੀ ਜਾਂਦੀ ਹੈ।ਸੀਨੀਅਰ ਮਨੋਚਿਕਿਤਸਕ ਅਤੇ ਨਾਮਜ਼ਦ ਮੈਂਬਰ ਡਾ. ਸਤਿਏਨ ਸ਼ਰਮਾ ਨੇ ਕਿਹਾ ਕਿ ਅਥਾਰਟੀ ਦਾ ਗਠਨ ਪੰਜਾਬ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੇ ਵਿਕਾਸ ਨੂੰ ਗੁਣਵੱਤਾ ਅਤੇ ਜਵਾਬਦੇਹੀ ਨਾਲ ਜੋੜਨ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਮਾਣ-ਸਨਮਾਨ, ਇਲਾਜ ਦੀ ਨਿਰੰਤਰਤਾ, ਮੁੜਵਸੇਬੇ ਅਤੇ ਪਰਿਵਾਰਾਂ ਦੀਆਂ ਲੋੜਾਂ ’ਤੇ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ।ਡਾ. ਸਤੀਸ਼ ਕੇ. ਥਾਪਰ ਨੇ ਕਿਹਾ ਕਿ ਪੰਜਾਬ ਦੀਆਂ ਮਾਨਸਿਕ ਸਿਹਤ ਚੁਣੌਤੀਆਂ ਲਈ ਸੂਬੇ ਦੇ ਲੋਕਾਂ ਅਤੇ ਭਾਈਚਾਰਿਆਂ ਦੀਆਂ ਅਸਲ ਲੋੜਾਂ ਅਨੁਸਾਰ ਹੱਲ ਤਿਆਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਅਥਾਰਟੀ ਸੂਬੇ ਭਰ ਵਿੱਚ ਮਾਨਸਿਕ ਸਿਹਤ ਸੇਵਾਵਾਂ ਵਿੱਚ ਇਕਸਾਰਤਾ ਅਤੇ ਜਵਾਬਦੇਹੀ ਲਿਆਉਣ ਵਿੱਚ ਮਦਦ ਕਰ ਸਕਦੀ ਹੈ। ਅਥਾਰਟੀ ਦੀ ਨਾਮਜ਼ਦ ਮੈਂਬਰਾਂ ਨਾਲ ਪਹਿਲੀ ਮੀਟਿੰਗ ਆਉਣ ਵਾਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਸਰਕਾਰ ਮੁਤਾਬਕ ਐੱਸ.ਐੱਮ.ਐੱਚ.ਏ. ਪੰਜਾਬ ਵਿੱਚ ਮਾਨਸਿਕ ਸਿਹਤ ਸੇਵਾਵਾਂ ਲਈ ਇੱਕ ਸਮਾਨ ਪ੍ਰਣਾਲੀ ਵਿਕਸਤ ਕਰਨ ਅਤੇ ਇਨ੍ਹਾਂ ਸੇਵਾਵਾਂ ਨੂੰ ਮਰੀਜ਼ਾਂ ਦੀਆਂ ਲੋੜਾਂ ਤੇ ਅਧਿਕਾਰਾਂ ਦੇ ਅਨੁਕੂਲ ਬਣਾਉਣ ਵਿੱਚ ਭੂਮਿਕਾ ਨਿਭਾਏਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande