
ਲੁਧਿਆਣਾ, 17 ਸਤੰਬਰ (ਹਿੰ.ਸ.)| ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇ ’ਤੇ ਢੰਡਾਰੀ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੇ ਬਣੇ ਇੱਕ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਦੇ ਖੱਡੇ ਵਿੱਚੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਸਵੇਰੇ ਥਾਣਾ ਸਾਹਨੇਵਾਲ ਪੁਲਿਸ ਨੂੰ ਮਿਲੀ, ਜਿਸ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ।
ਖੱਡਾ ਡੂੰਘਾ ਹੋਣ ਕਾਰਨ ਲਾਸ਼ ਨੂੰ ਬਾਹਰ ਕੱਢਣ ਵਿੱਚ ਪੁਲਿਸ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਉਨ੍ਹਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਗਿਆ।
ਲਾਸ਼ ਬਾਹਰ ਕੱਢੇ ਜਾਣ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਮੁਤਾਬਕ ਲਾਸ਼ ਕਾਫ਼ੀ ਗਲੀ-ਸੜੀ ਹਾਲਤ ਵਿੱਚ ਸੀ ਅਤੇ ਸਰੀਰ ਬੁਰੀ ਤਰ੍ਹਾਂ ਫੁੱਲਿਆ ਹੋਇਆ ਸੀ। ਮੁੱਢਲੀ ਜਾਣਕਾਰੀ ਮੁਤਾਬਕ ਲਾਸ਼ ਘੱਟੋ-ਘੱਟ ਦੋ ਦਿਨ ਪੁਰਾਣੀ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਹਾਲਾਂਕਿ ਲਾਸ਼ ਦੇ ਹਾਈਵੇ ਕਿਨਾਰੇ ਹਾਰਵੈਸਟਿੰਗ ਸਿਸਟਮ ਦੇ ਗੱਡੇ ਵਿੱਚੋਂ ਮਿਲਣ ਕਾਰਨ ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਨੌਜਵਾਨ ਦੀ ਮੌਤ ਹਾਦਸੇ ਕਾਰਨ ਹੋਈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ।
ਫਿਲਹਾਲ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਸਾਹਨੇਵਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ਼ਿਨਾਖਤ ਲਈ 72 ਘੰਟਿਆਂ ਤੱਕ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਈ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਹੋਰ ਥਾਣਿਆਂ ਵਿੱਚ ਦਰਜ ਗੁੰਮਸ਼ੁਦਗੀ ਦੀਆਂ ਰਿਪੋਰਟਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇਗੀ। ਫਿਲਹਾਲ ਪੁਲਿਸ ਵੱਲੋਂ ਹਾਦਸੇ ਸਮੇਤ ਹੋਰ ਸਾਰੇ ਸੰਭਾਵਿਤ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH