ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਸ਼ੁਰੂ
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਹਿੰ.ਸ.)| ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਅੱਜ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋਇਆ। ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਹ ਮਾਰਚ ਸਿੱਖੀ ਦੇ ਸਿਧ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਦੀ ਸ਼ੁਰੂਆਤ ਮੌਕੇ ਅਰਦਾਸ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ  ਗੜਗੱਜ


ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਹਿੰ.ਸ.)| ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਅੱਜ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋਇਆ। ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਹ ਮਾਰਚ ਸਿੱਖੀ ਦੇ ਸਿਧਾਂਤਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਗੁਰਮਤਿ ਜੀਵਨ-ਜਾਚ ਅਤੇ ਖ਼ਾਲਸਾਈ ਜਜ਼ਬੇ ਦਾ ਪ੍ਰਚਾਰ ਕਰਦਾ ਹੋਇਆ ਅੱਗੇ ਵੱਧ ਰਿਹਾ ਹੈ।

ਤੀਜੇ ਪੜਾਅ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਅਰਦਾਸ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ, ਜਦਕਿ ਪਾਵਨ ਹੁਕਮਨਾਮਾ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਖ਼ਾਲਸਾ ਮਾਰਚ ਸੰਗਤਾਂ ਨੂੰ ਸਿੱਖ ਵਿਰੋਧੀ ਤਾਕਤਾਂ ਤੋਂ ਸੁਚੇਤ ਕਰਨ ਦੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿੱਖੀ ਸਰੂਪ ਵਿੱਚ ਪਰਪੱਕ ਹੋਣ ਲਈ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮਾਰਚ ਵਿੱਚ ਸ਼ਾਮਲ ਹੋ ਰਹੀਆਂ ਹਨ ਅਤੇ ਨੌਜਵਾਨਾਂ ਵੱਲੋਂ ਕੇਸ ਰੱਖਣ ਤੇ ਸਾਬਤ-ਸੂਰਤ ਰਹਿਣ ਦਾ ਪ੍ਰਣ ਕੀਤਾ ਜਾ ਰਿਹਾ ਹੈ।

‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਗੱਲ ਕਰਦਿਆਂ ਗਿਆਨੀ ਗੜਗੱਜ ਨੇ ਕਿਹਾ ਕਿ ਗੱਲਬਾਤ ਦਾ ਰਾਹ ਖੁੱਲ੍ਹਾ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ਾਂ ਅਤੇ ਦਿੱਤੇ ਸੁਝਾਵਾਂ ਦੀ ਪਾਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਾਸ ਕੀਤੇ ਕਾਨੂੰਨ ਨੂੰ ਫਿਲਹਾਲ ਮੁਲਤਵੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਸਰਕਾਰ ਦੀ ਸੱਤ ਮੈਂਬਰੀ ਕਮੇਟੀ ਨਾਲ ਗੱਲਬਾਤ ਅੱਗੇ ਤੋਰੇਗੀ।

ਗਿਆਨੀ ਗੜਗੱਜ ਨੇ ਦਿੱਲੀ ਦੇ ਭਾਜਪਾ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਖਿਮਾ-ਜਾਚਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੋਰ ਸਿਆਸੀ ਆਗੂਆਂ ਨੂੰ ਵੀ ਇਸ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਪੰਥ ਦੀ ਚੜ੍ਹਦੀ ਕਲਾ, ਮਨੁੱਖਤਾ ਦੀ ਭਲਾਈ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਚੁਣੌਤੀ ਹੈ ਅਤੇ ਨੌਜਵਾਨਾਂ ਨੂੰ ਇਸ ਤੋਂ ਬਚਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ, ਸਿੱਖੀ ਸਿਧਾਂਤਾਂ ਅਤੇ ਆਪਣੇ ਵਿਰਸੇ ਨਾਲ ਜੋੜ ਕੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ, ਧਾਰਮਿਕ ਸ਼ਖ਼ਸੀਅਤਾਂ, ਪ੍ਰਬੰਧਕਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande