‘ਮੁਫ਼ਤ ਸਕੀਮਾਂ ਨਹੀਂ, ਚਿੱਟੇ ਤੋਂ ਛੁਟਕਾਰਾ ਚਾਹੀਦਾ’: ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਨੇ ਚੁੱਕੀ ਆਵਾਜ਼
ਚੰਡੀਗੜ੍ਹ, 17 ਸਤੰਬਰ (ਹਿੰ.ਸ.)| ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ‘ਮਾਵਾਂ ਮੰਗਦੀਆਂ ਜਵਾਬ’ ਦੇ ਬੈਨਰ ਹੇਠ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਨਸ਼ੇ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਮੀਡੀਆ ਦੇ ਸਾਹਮਣੇ ਲਿਆ
ਚੰਡੀਗੜ੍ਹ ਵਿੱਚ ‘ਮਾਵਾਂ ਮੰਗਦੀਆਂ ਜਵਾਬ’ ਦੇ ਬੈਨਰ ਹੇਠ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਹੋਰ।


ਚੰਡੀਗੜ੍ਹ, 17 ਸਤੰਬਰ (ਹਿੰ.ਸ.)| ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ‘ਮਾਵਾਂ ਮੰਗਦੀਆਂ ਜਵਾਬ’ ਦੇ ਬੈਨਰ ਹੇਠ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਨਸ਼ੇ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਮੀਡੀਆ ਦੇ ਸਾਹਮਣੇ ਲਿਆਂਦਾ ਗਿਆ। ਪਰਿਵਾਰਾਂ ਨੇ ਸਰਕਾਰ ਤੋਂ ਮੁਫ਼ਤ ਸਹੂਲਤਾਂ ਦੀ ਬਜਾਏ ਨਸ਼ਿਆਂ ਖ਼ਿਲਾਫ਼ ਠੋਸ ਕਾਰਵਾਈ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਮੌਤਾਂ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਕੀਤੀ।

ਇੱਕ ਮ੍ਰਿਤਕ ਨੌਜਵਾਨ ਦੀ ਮਾਂ ਨੇ ਕਿਹਾ, “ਨਾ ਮੈਨੂੰ ਮੁਫ਼ਤ ਆਟਾ-ਦਾਲ ਚਾਹੀਦੀ ਹੈ, ਨਾ ਮੁਫ਼ਤ ਯਾਤਰਾ ਤੇ ਨਾ ਹੀ ਮੁਫ਼ਤ ਬਿਜਲੀ। ਸਾਨੂੰ ਮੁਫ਼ਤ ਸਕੀਮਾਂ ਨਹੀਂ, ਚਿੱਟੇ ਤੋਂ ਛੁਟਕਾਰਾ ਚਾਹੀਦਾ ਹੈ।” ਪਰਿਵਾਰਾਂ ਨੇ ਆਪਣੇ ਦਰਦ ਸਾਂਝੇ ਕਰਦਿਆਂ ਨਸ਼ਾ ਤਸਕਰੀ ’ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਕਾਰਨ ਵੱਡੀ ਗਿਣਤੀ ਵਿੱਚ ਪਰਿਵਾਰ ਪ੍ਰਭਾਵਿਤ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਜਵਾਬਦੇਹ ਹੋਣਾ ਚਾਹੀਦਾ ਹੈ।

ਢਿੱਲੋਂ ਨੇ ਕਿਹਾ ਕਿ ਭਾਜਪਾ ਵੱਲੋਂ 18 ਸਤੰਬਰ ਤੋਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਦੋ ਸਾਲਾਂ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਕਾਰਵਾਈ ਕੀਤੀ ਜਾਵੇਗੀ।

ਭਾਜਪਾ ਆਗੂ ਸੁਨੀਲ ਜਾਖੜ ਨੇ ਨਸ਼ੇ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਦੁੱਖ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੱਸਿਆ ਨਾਲ ਜੂਝ ਰਹੇ ਪਰਿਵਾਰਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵੱਲੋਂ ਕੀਤੀਆਂ ਗ੍ਰਿਫ਼ਤਾਰੀਆਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਸਰਕਾਰ ਤੋਂ ਪੁੱਛਿਆ ਕਿ ਇਸ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਕਿਉਂ ਬਰਕਰਾਰ ਹੈ।

ਜਾਖੜ ਨੇ ਪੁਲਿਸ ਅਧਿਕਾਰੀਆਂ ਦੀ ਜਵਾਬਦੇਹੀ ਅਤੇ ਜੇਲ੍ਹਾਂ ਵਿੱਚ ਨਸ਼ਿਆਂ ਦੀ ਕਥਿਤ ਉਪਲਬਧਤਾ ਨੂੰ ਲੈ ਕੇ ਵੀ ਸਵਾਲ ਉਠਾਏ। ਇਹ ਦੋਸ਼ ਭਾਜਪਾ ਆਗੂਆਂ ਵੱਲੋਂ ਲਗਾਏ ਗਏ ਹਨ।

ਅਬੋਹਰ ਤੋਂ ਪਹੁੰਚੀ ਇੱਕ ਮਹਿਲਾ ਨੇ ਦੱਸਿਆ ਕਿ ਉਸ ਨੇ ਆਪਣੇ ਭਰਾ ਦੇ ਨਸ਼ਾ ਕਰਨ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਸੀ। ਉਸ ਦੇ ਮੁਤਾਬਕ ਪੁਲਿਸ ਵੱਲੋਂ ਨਸ਼ਾ ਖਰੀਦ ਕੇ ਮੌਕੇ ’ਤੇ ਫੜਵਾਉਣ ਲਈ ਕਿਹਾ ਗਿਆ। ਉਸ ਨੇ ਸਵਾਲ ਕੀਤਾ ਕਿ ਜਦੋਂ ਪੁਲਿਸ ਨੂੰ ਨਸ਼ਾ ਵੇਚਣ ਵਾਲੀ ਥਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ ਤਾਂ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਇੱਕ ਹੋਰ ਮਹਿਲਾ ਨੇ ਦੱਸਿਆ ਕਿ ਉਸ ਦੇ ਦੋਵੇਂ ਪੁੱਤਰ ਨਸ਼ੇ ਦੀ ਲਪੇਟ ਵਿੱਚ ਆ ਕੇ ਜਾਨ ਗੁਆ ਬੈਠੇ ਅਤੇ ਹੁਣ ਉਹ ਮਿਹਨਤ-ਮਜ਼ਦੂਰੀ ਕਰਕੇ ਗੁਜ਼ਾਰਾ ਕਰ ਰਹੀ ਹੈ। ਮੋਰਿੰਡਾ ਤੋਂ ਆਏ ਇੱਕ ਵਿਅਕਤੀ ਨੇ ਦੱਸਿਆ ਕਿ ਉਸ ਦਾ ਪੁੱਤਰ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਖਰੜ ਦੇ ਘੜੂੰਆਂ ਤੋਂ ਆਏ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਨਸ਼ੇ ਦੀ ਲਤ ਤੋਂ ਪੀੜਤ ਦੱਸਦਿਆਂ ਸਰਕਾਰ ਤੋਂ ਇਲਾਜ ਅਤੇ ਮਦਦ ਦੀ ਮੰਗ ਕੀਤੀ। ਨਵਾਂਸ਼ਹਿਰ ਤੋਂ ਆਏ ਇੱਕ ਹੋਰ ਨੌਜਵਾਨ ਨੇ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਕਾਰਵਾਈ ਨਾ ਹੋਣ ਦਾ ਦੋਸ਼ ਲਗਾਇਆ। ਭਾਜਪਾ ਆਗੂਆਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਆਵਾਜ਼ ਨੂੰ ਲੈ ਕੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande