
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨਵ-ਨਿਯੁਕਤ ਹੈਲਪਰਾਂ ਨੂੰ ਦਿੱਤੀ ਵਧਾਈ
ਫਾਜ਼ਿਲਕਾ, 18 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਰਕਾਰੀ ਸਹੂਲਤਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਦੀ ਵਚਨਬੱਧਤਾ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ 39 ਆਂਗਨਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਵਿਧਾਇਕ ਸਵਨਾ ਨੇ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀ ਸਿਰਫ਼ ਰੁਜ਼ਗਾਰ ਦਾ ਮੌਕਾ ਨਹੀਂ, ਸਗੋਂ ਸਮਾਜ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਨੀਂਹ ਮਜ਼ਬੂਤ ਕਰਨ ਦੀ ਅਹਿਮ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਬੱਚਿਆਂ ਦੀ ਮੁੱਢਲੀ ਦੇਖਭਾਲ, ਪੋਸ਼ਣ ਅਤੇ ਵਿਕਾਸ ਦੇ ਨਾਲ-ਨਾਲ ਮਾਵਾਂ ਅਤੇ ਪਰਿਵਾਰਾਂ ਨੂੰ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ, ਸੇਵਾ-ਭਾਵਨਾ ਅਤੇ ਲਗਨ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਦਾ ਮਕਸਦ ਲੋਕਾਂ ਦੀ ਜ਼ਿੰਦਗੀ ਨੂੰ ਸੌਖਾ ਬਣਾਉਣਾ ਅਤੇ ਲੋੜਵੰਦਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗਤਾ ਅਤੇ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਨਿਯੁਕਤੀ ਪਰਿਵਾਰ ਲਈ ਆਰਥਿਕ ਮਜ਼ਬੂਤੀ ਦੇ ਨਾਲ ਨਵੀਂ ਉਮੀਦ ਅਤੇ ਆਤਮ-ਵਿਸ਼ਵਾਸ ਦਾ ਸੰਦੇਸ਼ ਲੈ ਕੇ ਆਉਂਦੀ ਹੈ।
ਨਵ-ਨਿਯੁਕਤ ਆਂਗਨਵਾੜੀ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਦਿਆਂ ਪੰਜਾਬ ਸਰਕਾਰ ਅਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗੜਵਾਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH