ਹਰਭਜਨ ਸਿੰਘ ਈ.ਟੀ.ਓ. ਨੇ ਸੜਕਾਂ ਤੇ ਪੁਲਾਂ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਸੜਕ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਚੰਡੀਗੜ੍ਹ, 18 ਸਤੰਬਰ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਭਰ ਵਿੱਚ ਚੱਲ ਰਹੇ ਸੜਕਾਂ ਅਤੇ ਪੁਲਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲ
ਮੀਟਿੰਗ ਦੀ ਅਗਵਾਈ ਕਰਦੇ ਹੋਏ ਮੰਤਰੀ ਹਰਭਜਨ ਸਿੰਘ ਈ.ਟੀ.ਓ.


ਸੜਕ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ, 18 ਸਤੰਬਰ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਭਰ ਵਿੱਚ ਚੱਲ ਰਹੇ ਸੜਕਾਂ ਅਤੇ ਪੁਲਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਤੇ ਸੁਰੱਖਿਅਤ ਆਵਾਜਾਈ ਨੈੱਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਅਤੇ ਪੁਲ ਨਿਰਮਾਣ ਪ੍ਰਾਜੈਕਟਾਂ ਦੀ ਟੈਂਡਰਿੰਗ ਕਰਦੇ ਸਮੇਂ ਉਸਾਰੀ ਲਈ ਢੁਕਵਾਂ ਸਮਾਂ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਜੈਕਟਾਂ ਦੀ ਸਮਾਂ-ਸੀਮਾ ਤੈਅ ਕਰਦਿਆਂ ਬਰਸਾਤ ਅਤੇ ਸਰਦੀ ਸਮੇਤ ਮੌਸਮੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ, ਤਾਂ ਜੋ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਹੋ ਸਕਣ।

ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀ.ਐਮ.ਜੀ.ਐਸ.ਵਾਈ.) ਅਤੇ ਨਾਬਾਰਡ ਤਹਿਤ ਚੱਲ ਰਹੇ ਪ੍ਰਾਜੈਕਟਾਂ ਨੂੰ ਵਿਸ਼ੇਸ਼ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਠੇਕੇਦਾਰਾਂ ਦੀਆਂ ਬਣਦੀਆਂ ਅਦਾਇਗੀਆਂ ਵੀ ਸਮੇਂ ਸਿਰ ਕੀਤੀਆਂ ਜਾਣ, ਤਾਂ ਜੋ ਕੰਮਾਂ ਵਿੱਚ ਵਿੱਤੀ ਕਾਰਨਾਂ ਕਰਕੇ ਕੋਈ ਰੁਕਾਵਟ ਨਾ ਆਵੇ।

ਸੜਕ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਮੰਤਰੀ ਨੇ ਲੇਨ ਮਾਰਕਿੰਗ, ਸੜਕ ਸੁਰੱਖਿਆ ਉਪਕਰਨਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਭਗ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ।

ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਦੇ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਮੀਖਿਆ ਕੀਤੀ ਗਈ। ਮੰਤਰੀ ਨੇ ਕਿਹਾ ਕਿ ਮੌਜੂਦਾ ਮੌਸਮ ਸੜਕਾਂ ’ਤੇ ਲੁੱਕ ਪਾਉਣ ਦੇ ਕੰਮ ਲਈ ਢੁਕਵਾਂ ਹੈ, ਇਸ ਲਈ ਜਿੱਥੇ ਵੀ ਲੋੜ ਹੈ ਉੱਥੇ ਕੰਮ ਦੀ ਰਫ਼ਤਾਰ ਤੇਜ਼ ਕੀਤੀ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਫੰਡਾਂ ਨਾਲ ਸਬੰਧਤ ਬਕਾਇਆ ਮੰਗਾਂ ਤੁਰੰਤ ਦਰਜ ਕਰਨ ਅਤੇ ਬਣਦੀਆਂ ਅਦਾਇਗੀਆਂ ਕਰਨ ਦੀ ਹਦਾਇਤ ਵੀ ਕੀਤੀ, ਤਾਂ ਜੋ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਹੋਵੇ। ਮੰਤਰੀ ਨੇ ਕਿਹਾ ਕਿ ਉਹ ਜਲਦ ਹੀ ਮੁੜ ਮੀਟਿੰਗ ਕਰਕੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ ਅਤੇ ਕੰਮਾਂ ਦੀ ਗੁਣਵੱਤਾ ਤੇ ਸਮਾਂਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ।

ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਹਰਗੁਣਜੀਤ ਕੌਰ ਆਈ.ਏ.ਐਸ., ਸੰਯੁਕਤ ਸਕੱਤਰ ਅਮਰਬੀਰ ਸਿੱਧੂ ਪੀ.ਸੀ.ਐਸ., ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ ਅਤੇ ਅਰਸ਼ਦੀਪ ਸਿੰਘ ਸਮੇਤ ਸੁਪਰੀਟੈਂਡਿੰਗ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande