
ਸਤੰਬਰ ਦੀ ਤਨਖਾਹ ਵਿੱਚ 4% ਅਤੇ ਅਕਤੂਬਰ ਦੀ ਤਨਖਾਹ ਵਿੱਚ ਵਾਧੂ 4% ਮਹਿੰਗਾਈ ਭੱਤਾ ਮਿਲੇਗਾ
ਚੰਡੀਗੜ੍ਹ, 18 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ 8 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫੈਸਲੇ ਮੁਤਾਬਕ ਵਧਿਆ ਹੋਇਆ ਡੀਏ ਦੋ ਪੜਾਵਾਂ ਵਿੱਚ ਦਿੱਤਾ ਜਾਵੇਗਾ। ਸਤੰਬਰ ਦੀ ਤਨਖਾਹ ਵਿੱਚ 4 ਫੀਸਦੀ ਅਤੇ ਅਕਤੂਬਰ ਦੀ ਤਨਖਾਹ ਵਿੱਚ ਵਾਧੂ 4 ਫੀਸਦੀ ਡੀਏ ਮਿਲੇਗਾ।
ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਸ਼ੁੱਕਰਵਾਰ ਨੂੰ ਹੋਈ ਮੀਟਿੰਗ ਵਿੱਚ ਲੰਬਿਤ ਡੀਏ, ਪੁਰਾਣੀ ਪੈਨਸ਼ਨ ਸਕੀਮ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਜ਼ਮ ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤਾ ਅਤੇ ਡੀਏ ਦੇ ਏਰੀਅਰ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਪਿਛਲੇ ਕੁਝ ਹਫ਼ਤਿਆਂ ਦੌਰਾਨ ਮੁਲਾਜ਼ਮਾਂ ਵੱਲੋਂ ਸੂਬੇ ਭਰ ਵਿੱਚ ਹੜਤਾਲ, ਸਮੂਹਿਕ ਛੁੱਟੀ ਅਤੇ ਪੈਨ-ਡਾਊਨ ਰੋਸ ਵਰਗੇ ਪ੍ਰਦਰਸ਼ਨ ਵੀ ਕੀਤੇ ਗਏ ਸਨ। ਇਸ ਤੋਂ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਨੇ ਦਾਅਵਾ ਕੀਤਾ ਸੀ ਕਿ ਜਨਵਰੀ 2026 ਤੱਕ 18 ਫੀਸਦੀ ਡੀਏ ਬਕਾਇਆ ਹੋ ਚੁੱਕਾ ਹੈ।
ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਕਰੀਬ 90 ਮਿੰਟ ਤੱਕ ਚੱਲੀ ਗੱਲਬਾਤ ਤੋਂ ਬਾਅਦ 8 ਫੀਸਦੀ ਡੀਏ ਜਾਰੀ ਕਰਨ ’ਤੇ ਸਹਿਮਤੀ ਬਣੀ। ਇਸ ਦਾ ਲਾਭ ਸੇਵਾ ਨਿਭਾ ਰਹੇ ਸਰਕਾਰੀ ਮੁਲਾਜ਼ਮਾਂ ਦੇ ਨਾਲ-ਨਾਲ ਪੈਨਸ਼ਨਰਾਂ ਨੂੰ ਵੀ ਮਿਲੇਗਾ।
ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਡੀਏ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਮੁਲਾਜ਼ਮ ਅੰਦੋਲਨ ਫਿਲਹਾਲ ਖ਼ਤਮ ਹੋਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ ਪੁਰਾਣੀ ਪੈਨਸ਼ਨ ਸਕੀਮ ਅਤੇ ਬਕਾਇਆ ਰਕਮ ਸਮੇਤ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ’ਤੇ ਅਗਲੀ ਕਾਰਵਾਈ ਨੂੰ ਲੈ ਕੇ ਨਜ਼ਰ ਬਣੀ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH