
ਡਿਊਟੀ ’ਤੇ ਤਾਇਨਾਤ ਏਐਸਆਈ ਵੀ ਸੁਰੱਖਿਅਤ ਨਹੀਂ, ਪੁਲਿਸ ਚੌਕੀ ਦੇ ਨੇੜੇ ਨੌਜਵਾਨ ਦੇ ਕਤਲ ’ਤੇ ਵੀ ਚੁੱਕੇ ਸਵਾਲ
ਚੰਡੀਗੜ੍ਹ, 18 ਸਤੰਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਕੁਝ ਘੰਟਿਆਂ ਦੇ ਅੰਤਰਾਲ ਦੌਰਾਨ ਪੰਜਾਬ ਪੁਲਿਸ ਦੇ ਏਐਸਆਈ ਹਰਜੀਤ ਸਿੰਘ ਅਤੇ ਇੱਕ 25 ਸਾਲਾ ਨੌਜਵਾਨ ਸਾਹਿਲ ਗਿੱਲ ਦੇ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਘਟਨਾਵਾਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਸਬੰਧੀ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ।
ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਲਾਅ ਐਂਡ ਆਰਡਰ ਠੀਕ ਹੋਣ ਦੇ ਦਾਅਵੇ ਕਰਦੀ ਹੈ, ਪਰ ਅੰਮ੍ਰਿਤਸਰ ਵਿੱਚ ਵਾਪਰੀਆਂ ਤਾਜ਼ਾ ਘਟਨਾਵਾਂ ਵੱਖਰੀ ਤਸਵੀਰ ਪੇਸ਼ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਡਿਊਟੀ ’ਤੇ ਤਾਇਨਾਤ ਏਐਸਆਈ ਹਰਜੀਤ ਸਿੰਘ ਦੀ ਹੱਤਿਆ ਅਤੇ ਪੁਲਿਸ ਚੌਕੀ ਤੋਂ ਕਥਿਤ ਤੌਰ ’ਤੇ ਕਰੀਬ 50 ਮੀਟਰ ਦੀ ਦੂਰੀ ’ਤੇ ਸਾਹਿਲ ਗਿੱਲ ਦੇ ਕਤਲ ਨੇ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਭਾਜਪਾ ਆਗੂ ਨੇ ਕਿਹਾ ਕਿ ਜੇਕਰ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਡਿਊਟੀ ਦੌਰਾਨ ਸੁਰੱਖਿਅਤ ਨਹੀਂ ਹਨ ਅਤੇ ਪੁਲਿਸ ਚੌਕੀ ਦੇ ਨੇੜੇ ਹੀ ਕਤਲ ਦੀ ਘਟਨਾ ਵਾਪਰਦੀ ਹੈ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਸੁਭਾਵਿਕ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ਼ਤਿਹਾਰਾਂ ਅਤੇ ਬਿਆਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਪੁਲਿਸਿੰਗ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਪਰਾਧਿਕ ਘਟਨਾਵਾਂ ਦੀ ਰੋਕਥਾਮ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਘਟਨਾ ਤੋਂ ਬਾਅਦ ਮੁਆਵਜ਼ੇ ਜਾਂ ਹੋਰ ਐਲਾਨ ਆਪਣੀ ਥਾਂ ਹਨ, ਪਰ ਸਰਕਾਰ ਦਾ ਮੁੱਖ ਟੀਚਾ ਅਜਿਹੀਆਂ ਵਾਰਦਾਤਾਂ ਨੂੰ ਰੋਕਣਾ ਹੋਣਾ ਚਾਹੀਦਾ ਹੈ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਏਐਸਆਈ ਹਰਜੀਤ ਸਿੰਘ ਅਤੇ ਸਾਹਿਲ ਗਿੱਲ ਦੇ ਕਤਲ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਕਾਇਮ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਮੁਲਾਜ਼ਮਾਂ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ ਤਾਂ ਸਰਕਾਰ ਨੂੰ ਆਪਣੀ ਕਾਨੂੰਨ ਵਿਵਸਥਾ ਬਾਰੇ ਲੋਕਾਂ ਸਾਹਮਣੇ ਜਵਾਬ ਦੇਣਾ ਚਾਹੀਦਾ ਹੈ।
ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਏਐਸਆਈ ਹਰਜੀਤ ਸਿੰਘ ਅਤੇ ਸਾਹਿਲ ਗਿੱਲ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਭਾਜਪਾ ਦੋਵਾਂ ਪਰਿਵਾਰਾਂ ਦੇ ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH