
ਕਿਹਾ- ਭਾਜਪਾ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਆਪਣੀ ‘ਬੀ-ਟੀਮ’ ਨਾਲ ਦੋਸਤਾਨਾ ਮੈਚ ਖੇਡ ਰਹੀ ਹੈ
ਚੰਡੀਗੜ੍ਹ, 18 ਸਤੰਬਰ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀਆਂ ਸਰਹੱਦਾਂ ਰਾਹੀਂ ਭਾਰਤ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਣਦੀ ਹੈ, ਕਿਉਂਕਿ ਸੀਮਾ ਸੁਰੱਖਿਆ ਬਲ (ਬੀਐੱਸਐੱਫ.) ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ।
ਪੰਜਾਬ ਵਿੱਚ ਭਾਜਪਾ ਵੱਲੋਂ ਕੱਢੀ ਜਾਣ ਵਾਲੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੀ ਇਸ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ। ਉਨ੍ਹਾਂ ਦਾਅਵਾ ਕੀਤਾ ਕਿ ਵਿਦੇਸ਼ਾਂ ਤੋਂ ਪਾਕਿਸਤਾਨ ਦੇ ਰਸਤੇ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਬੀਐੱਸਐੱਫ. ਸਰਹੱਦ ਰਾਹੀਂ ਨਸ਼ਿਆਂ ਦੀ ਆਮਦ ਨੂੰ ਰੋਕਣ ਵਿੱਚ ਕਿਉਂ ਅਸਫ਼ਲ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਲੋਕਾਂ ਨੂੰ ਇਸ ਸਬੰਧੀ ਜਵਾਬ ਅਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਵੜਿੰਗ ਨੇ ਦੋਸ਼ ਲਾਇਆ ਕਿ ਨਸ਼ਿਆਂ ਦੀ ਤਸਕਰੀ ਸਿਰਫ਼ ਪੰਜਾਬ ਰਾਹੀਂ ਹੀ ਨਹੀਂ, ਸਗੋਂ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਵੀ ਹੋ ਰਹੀ ਹੈ।
ਵੜਿੰਗ ਨੇ ਭਾਜਪਾ ’ਤੇ ਤੰਜ਼ ਕੱਸਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਨਸ਼ਿਆਂ ਵਰਗੇ ਗੰਭੀਰ ਮੁੱਦੇ ’ਤੇ ਆਪਣੀ ‘ਬੀ-ਟੀਮ’ ਨਾਲ ਦੋਸਤਾਨਾ ਮੈਚ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਯਾਤਰਾ ਕੱਢੀ ਜਾ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਨਸ਼ਿਆਂ ਦੇ ਮੁੱਦੇ ਨੂੰ ਚੋਣ ਹਿੱਤਾਂ ਲਈ ਵਰਤ ਰਹੀਆਂ ਹਨ। ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਸਿਆਸੀ ਦਾਅਵਿਆਂ ਤੋਂ ਅੱਕ ਚੁੱਕੇ ਹਨ ਅਤੇ ਸਰਕਾਰਾਂ ਨੂੰ ਨਸ਼ਿਆਂ ਦੀ ਤਸਕਰੀ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH