
ਫਗਵਾੜਾ, 19 ਸਤੰਬਰ (ਹਿੰ.ਸ.)| ਫਗਵਾੜਾ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅਰਬਨ ਅਸਟੇਟ ਵਿਖੇ ਬਣੇ ਸੈਕੰਡਰੀ ਕੂੜਾ ਕਲੈਕਸ਼ਨ ਪੁਆਇੰਟ ਨੂੰ ਪੱਕੇ ਤੌਰ ’ਤੇ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵਸਨੀਕਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ। ਇਸ ਮੌਕੇ ਮੇਅਰ ਰਾਮਪਾਲ ਉੱਪਲ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਅਤੇ ਨਗਰ ਨਿਗਮ ਫਗਵਾੜਾ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸੈਕੰਡਰੀ ਕੂੜਾ ਪੁਆਇੰਟ ਦੇ ਬੰਦ ਹੋਣ ਤੋਂ ਬਾਅਦ ਹੁਣ ਇਸ ਥਾਂ ’ਤੇ ਕੂੜਾ ਨਹੀਂ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਅਰਬਨ ਅਸਟੇਟ ਵਾਸੀਆਂ ਨੂੰ ਦਰਪੇਸ਼ ਕੂੜੇ ਦੀ ਸਮੱਸਿਆ ਨੂੰ ਦੂਰ ਕਰਨਾ ਅਤੇ ਇਲਾਕੇ ਦੀ ਸਫ਼ਾਈ ਵਿਵਸਥਾ ਵਿੱਚ ਸੁਧਾਰ ਲਿਆਉਣਾ ਹੈ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਲਈ ਤਿੰਨ ਗੱਡੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਰਾਹੀਂ ਘਰਾਂ ਵਿੱਚੋਂ ਨਿਕਲਣ ਵਾਲਾ ਕੂੜਾ ਨਿਯਮਤ ਤੌਰ ’ਤੇ ਇਕੱਠਾ ਕਰਕੇ ਢੁਕਵੇਂ ਕੂੜਾ ਪ੍ਰਬੰਧਨ ਸਿਸਟਮ ਰਾਹੀਂ ਅੱਗੇ ਭੇਜਿਆ ਜਾਵੇਗਾ। ਇਸ ਨਾਲ ਲੋਕਾਂ ਨੂੰ ਕੂੜਾ ਜਨਤਕ ਥਾਵਾਂ ’ਤੇ ਸੁੱਟਣ ਦੀ ਲੋੜ ਨਹੀਂ ਪਵੇਗੀ।
ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਫ਼-ਸਫ਼ਾਈ, ਸੈਨੀਟੇਸ਼ਨ ਅਤੇ ਬਿਹਤਰ ਨਾਗਰਿਕ ਸਹੂਲਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਉਦੇਸ਼ ਜ਼ਮੀਨੀ ਪੱਧਰ ’ਤੇ ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਸ਼ਹਿਰਾਂ ਵਿੱਚ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਸਾਫ਼ ਅਤੇ ਸਿਹਤਮੰਦ ਸ਼ਹਿਰੀ ਮਾਹੌਲ ਲਈ ਕੂੜੇ ਦੀ ਪ੍ਰਭਾਵਸ਼ਾਲੀ ਢੰਗ ਨਾਲ ਇਕੱਤਰਤਾ ਅਤੇ ਠੋਸ ਰਹਿੰਦ-ਖੂੰਹਦ ਦਾ ਵਿਗਿਆਨਕ ਪ੍ਰਬੰਧਨ ਬਹੁਤ ਜ਼ਰੂਰੀ ਹੈ। ਇਸ ਲਈ ਲੋਕਾਂ ਦੀ ਭਾਗੀਦਾਰੀ ਵੀ ਮਹੱਤਵਪੂਰਨ ਹੈ।
ਸਾਂਸਦ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਘਰੇਲੂ ਕੂੜਾ ਸਿਰਫ਼ ਘਰ-ਘਰ ਆਉਣ ਵਾਲੀਆਂ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਨੂੰ ਹੀ ਸੌਂਪਣ। ਉਨ੍ਹਾਂ ਲੋਕਾਂ ਨੂੰ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਅਤੇ ਸ਼ਹਿਰ ਨੂੰ ਸਾਫ਼ ਰੱਖਣ ਲਈ ਨਗਰ ਨਿਗਮ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH