

ਵੱਖ-ਵੱਖ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਜਾਰੀ, ਪੁਲਿਸ ਮੁਲਾਜ਼ਮਾਂ ਨੂੰ ਪੂਰੀ ਚੌਕਸੀ ਨਾਲ ਡਿਊਟੀ ਨਿਭਾਉਣ ਦੀਆਂ ਹਦਾਇਤਾਂ
ਬਠਿੰਡਾ, 19 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈਆਂ ਦੇ ਨਾਲ-ਨਾਲ ਸੁਰੱਖਿਆ ਪ੍ਰਬੰਧਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਠਿੰਡਾ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਵੱਲੋਂ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਚੈਕਿੰਗ ਕੀਤੀ ਗਈ।
ਐੱਸਐੱਸਪੀ ਨੇ ਨਾਕਿਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਪੂਰੀ ਚੌਕਸੀ ਅਤੇ ਮੁਸਤੈਦੀ ਨਾਲ ਡਿਊਟੀ ਨਿਭਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਕਿਹਾ ਕਿ ਰਾਤ ਸਮੇਂ ਨਾਕਾਬੰਦੀ ਦੌਰਾਨ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਨੂੰ ਗੰਭੀਰਤਾ ਨਾਲ ਕੀਤਾ ਜਾਵੇ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ।
ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸਰਚ ਆਪਰੇਸ਼ਨ ਵੀ ਚਲਾਏ ਜਾ ਰਹੇ ਹਨ। ਪੁਲਿਸ ਵੱਲੋਂ ਖੰਡਰ ਪਈਆਂ ਅਤੇ ਸੁੰਨੀਆਂ ਥਾਵਾਂ ਦੀ ਪਛਾਣ ਕਰਕੇ ਉੱਥੇ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਲੋੜ ਪਾਈ ਜਾ ਰਹੀ ਹੈ, ਉੱਥੇ ਅਜਿਹੀਆਂ ਥਾਵਾਂ ਨੂੰ ਸੀਲ ਕਰਨ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਿਆਂ ਦੀ ਵਰਤੋਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।
ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਫ੍ਰੀਜ਼ ਕਰਨ ਦੀ ਕਾਰਵਾਈ ਵੀ ਜਾਰੀ ਹੈ।
ਬਠਿੰਡਾ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਿਆਂ ਦੇ ਖਾਤਮੇ ਅਤੇ ਸੁਰੱਖਿਅਤ ਮਾਹੌਲ ਬਣਾਉਣ ਲਈ ਪੁਲਿਸ ਦਾ ਸਹਿਯੋਗ ਕਰਨ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਸਰਚ ਆਪਰੇਸ਼ਨ ਅਤੇ ਰਾਤ ਸਮੇਂ ਨਾਕਾਬੰਦੀ ਦੀਆਂ ਕਾਰਵਾਈਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ।
ਹਿੰਦੂਸਥਾਨ ਸਮਾਚਾਰ / GURSHARAN SINGH