

ਨਿਰਵਿਘਨ ਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਪਟਿਆਲਾ, 19 ਸਤੰਬਰ (ਹਿੰ.ਸ.)| ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਦੇ ਨਵ-ਨਿਯੁਕਤ ਚੇਅਰਮੈਨ ਆਈਏਐਸ ਗੁਰਕੀਰਤ ਕਿਰਪਾਲ ਸਿੰਘ ਨੇ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਦੋਵੇਂ ਕਾਰਪੋਰੇਸ਼ਨਾਂ ਦੇ ਡਾਇਰੈਕਟਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਬਿਜਲੀ ਉਤਪਾਦਨ, ਸਪਲਾਈ ਅਤੇ ਟਰਾਂਸਮਿਸ਼ਨ ਪ੍ਰਬੰਧਾਂ ਦੀ ਮੌਜੂਦਾ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।
ਇਸ ਮੌਕੇ ਡਾਇਰੈਕਟਰ ਵੰਡ ਇੰਜ. ਇੰਦਰਪਾਲ ਸਿੰਘ, ਡਾਇਰੈਕਟਰ ਜਨਰੇਸ਼ਨ ਇੰਜ. ਪੁਨਰਦੀਪ ਸਿੰਘ ਬਰਾੜ, ਡਾਇਰੈਕਟਰ ਕਮਰਸ਼ੀਅਲ ਇੰਜ. ਹਰਸ਼ਰਨ ਕੌਰ ਤ੍ਰੇਹਨ, ਡਾਇਰੈਕਟਰ ਵਿੱਤ ਪੀਐਸਟੀਸੀਐਲ ਸੀ.ਏ. ਵਿਨੋਦ ਬਾਂਸਲ ਸਮੇਤ ਪੀਐਸਪੀਸੀਐਲ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਚੇਅਰਮੈਨ ਨੇ ਸੂਬੇ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ, ਬਿਜਲੀ ਉਤਪਾਦਨ, ਬਿਜਲੀ ਖਰੀਦ, ਮੌਜੂਦਾ ਥਰਮਲ ਪਲਾਂਟਾਂ ਦੀ ਕਾਰਗੁਜ਼ਾਰੀ, ਕੋਲੇ ਦੀ ਉਪਲਬਧਤਾ, ਟਰਾਂਸਮਿਸ਼ਨ ਅਤੇ ਸਪਲਾਈ ਪ੍ਰਬੰਧਾਂ ਤੋਂ ਇਲਾਵਾ ਬਿਜਲੀ ਬਿੱਲਾਂ ਨਾਲ ਸਬੰਧਤ ਮਾਮਲਿਆਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ।
ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਨੂੰ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਬਿਜਲੀ ਨਿਗਮ ਦੀ ਮੁੱਖ ਤਰਜੀਹ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਅਨੁਸਾਰ 8 ਘੰਟੇ ਨਿਰਵਿਘਨ ਖੇਤੀਬਾੜੀ ਬਿਜਲੀ ਸਪਲਾਈ ਯਕੀਨੀ ਬਣਾਉਣਾ ਵੀ ਨਿਗਮ ਦੀ ਅਹਿਮ ਜ਼ਿੰਮੇਵਾਰੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਬਿਜਲੀ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਉਤਪਾਦਨ, ਟਰਾਂਸਮਿਸ਼ਨ ਅਤੇ ਸਪਲਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਮੌਜੂਦਾ ਥਰਮਲ ਪਲਾਂਟਾਂ ਦੀ ਕਾਰਗੁਜ਼ਾਰੀ, ਕੋਲੇ ਦੀ ਉਪਲਬਧਤਾ ਅਤੇ ਬਿਜਲੀ ਖਰੀਦ ਦੀ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖਣ ਦੇ ਵੀ ਨਿਰਦੇਸ਼ ਦਿੱਤੇ।
ਚੇਅਰਮੈਨ ਨੇ ਕਿਹਾ ਕਿ ਘਰੇਲੂ, ਖੇਤੀਬਾੜੀ ਅਤੇ ਵਪਾਰਕ ਬਿਜਲੀ ਸਪਲਾਈ ਨਾਲ ਸਬੰਧਤ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਫੀਲਡ ਪੱਧਰ ’ਤੇ ਨਿਗਰਾਨੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵੀ ਅਧਿਕਾਰੀਆਂ ਨੂੰ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਡੀਆ ਸਾਥੀ ਕਿਸੇ ਵੀ ਸਮੇਂ ਉਨ੍ਹਾਂ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ। ਉਨ੍ਹਾਂ ਖਪਤਕਾਰਾਂ ਨੂੰ ਪੀਐਸਪੀਸੀਐਲ ਦੀਆਂ ਨਵੀਆਂ ਪਹਿਲਕਦਮੀਆਂ ਅਤੇ ਸਰਕਾਰੀ ਨੀਤੀਆਂ ਸਬੰਧੀ ਸਹੀ ਤੇ ਸਮੇਂ ਸਿਰ ਜਾਣਕਾਰੀ ਹਾਸਲ ਕਰਨ ਲਈ ਨਿਗਮ ਦੇ ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ ਸਮੇਤ ਸੋਸ਼ਲ ਮੀਡੀਆ ਮੰਚਾਂ ਨਾਲ ਜੁੜਨ ਦੀ ਅਪੀਲ ਕੀਤੀ।
ਚੇਅਰਮੈਨ ਨੇ ਦੋਵੇਂ ਕਾਰਪੋਰੇਸ਼ਨਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਬਿਜਲੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਹਿੰਦੂਸਥਾਨ ਸਮਾਚਾਰ / GURSHARAN SINGH