
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅਧਿਕਾਰੀਆਂ ਨੂੰ ਘਰ-ਘਰ ਪੜਤਾਲ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਲਈ ਕਿਹਾ
ਕਪੂਰਥਲਾ, 19 ਸਤੰਬਰ (ਹਿੰ.ਸ.)| ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨੂੰ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਪ੍ਰਾਪਤ ਅਰਜ਼ੀਆਂ ਦੀ ਵੈਰੀਫਿਕੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਤਹਿਤ ਪੰਜਾਬ ਸਰਕਾਰ ਵੱਲੋਂ 22 ਜੁਲਾਈ ਤੋਂ 11 ਅਗਸਤ 2026 ਤੱਕ ਅਰਜ਼ੀਆਂ ਮੰਗੀਆਂ ਗਈਆਂ ਸਨ। ਇਸ ਨਿਰਧਾਰਤ ਸਮੇਂ ਦੌਰਾਨ ਕਪੂਰਥਲਾ ਜ਼ਿਲ੍ਹੇ ਵਿੱਚ ਕੁੱਲ 50,693 ਅਰਜ਼ੀਆਂ ਪ੍ਰਾਪਤ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਅਰਜ਼ੀਆਂ ਦੀ ਘਰ-ਘਰ ਜਾ ਕੇ ਪੜਤਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਰਜ਼ੀਆਂ ਦੀ ਪੜਤਾਲ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕੀਤੀ ਜਾਵੇ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐੱਸ.) ਦੇ ਦਾਇਰੇ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੇ ਜਾਂਦੇ ਬਣਦੇ ਲਾਭ ਸਮੇਂ ਸਿਰ ਮਿਲ ਸਕਣ।
ਉਨ੍ਹਾਂ ਕਿਹਾ ਕਿ ਵੈਰੀਫਿਕੇਸ਼ਨ ਦੌਰਾਨ ਨਿਰਧਾਰਤ ਮਾਪਦੰਡਾਂ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਅਰਜ਼ੀਆਂ ਦੀ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਤੋਂ ਬਚਣ ਅਤੇ ਪੜਤਾਲ ਦਾ ਕੰਮ ਤੈਅ ਸਮੇਂ ਅਨੁਸਾਰ ਪੂਰਾ ਕਰਨ ਲਈ ਵੀ ਕਿਹਾ।
ਹਿੰਦੂਸਥਾਨ ਸਮਾਚਾਰ / GURSHARAN SINGH