
ਬਠਿੰਡਾ, 19 ਸਤੰਬਰ (ਹਿੰ.ਸ.)| ਬਠਿੰਡਾ ਦੇ ਮਾਨਸਾ ਰੋਡ ’ਤੇ ਕੋਟਫੱਤਾ ਸੂਏ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿੱਚ ਆਰਮੀ ਤੋਂ ਸੇਵਾਮੁਕਤ ਫੌਜੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਐਸਐਸਐਫ ਪੁਲਿਸ ਅਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੀ। ਥਾਣਾ ਕੋਟਫੱਤਾ ਦੀ ਪੁਲਿਸ ਨੇ ਵੀ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਕੀਤੇ ਜਾਣ ਤੋਂ ਬਾਅਦ ਸਹਾਰਾ ਜਨ ਸੇਵਾ ਦੀ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਬਠਿੰਡਾ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚਾਇਆ।
ਥਾਣਾ ਕੋਟਫੱਤਾ ਦੇ ਐਸਐਚਓ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ 58 ਸਾਲਾ ਅਮ੍ਰਿਤਪਾਲ ਸਿੰਘ ਪੁੱਤਰ ਭਾਨ ਸਿੰਘ ਵਜੋਂ ਹੋਈ ਹੈ। ਉਹ ਦਰਿਆਪੁਰ ਕਲਾਂ ਦੇ ਰਹਿਣ ਵਾਲੇ ਸਨ ਅਤੇ ਭਾਰਤੀ ਫੌਜ ਤੋਂ ਸੇਵਾਮੁਕਤ ਸਨ। ਜਾਣਕਾਰੀ ਮੁਤਾਬਕ ਅਮ੍ਰਿਤਪਾਲ ਸਿੰਘ ਬਠਿੰਡਾ ਸਥਿਤ ਆਰਮੀ ਕੈਂਟੀਨ ਤੋਂ ਸਾਮਾਨ ਲੈ ਕੇ ਆਪਣੇ ਘਰ ਵਾਪਸ ਜਾ ਰਹੇ ਸਨ, ਜਦੋਂ ਕੋਟਫੱਤਾ ਸੂਏ ਨੇੜੇ ਇਹ ਹਾਦਸਾ ਵਾਪਰ ਗਿਆ।
ਪੁਲਿਸ ਅਨੁਸਾਰ ਦਸ਼ਮੇਸ਼ ਨਗਰ, ਸੁਨਾਮ ਵਾਸੀ ਯੁਵਰਾਜ ਸ਼ਰਮਾ ਪੁੱਤਰ ਕੁਲਦੀਪ ਕੁਮਾਰ ਕਾਰ ਚਲਾ ਰਿਹਾ ਸੀ। ਕਾਰ ਨੇ ਅਮ੍ਰਿਤਪਾਲ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਾਰ ਚਾਲਕ ਯੁਵਰਾਜ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਸਬੰਧੀ ਵੀ ਤੱਥ ਇਕੱਠੇ ਕੀਤੇ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH