

ਚੰਡੀਗੜ੍ਹ, 02 ਸਤੰਬਰ (ਹਿੰ.ਸ.)| ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਹ ਪਹਿਲਕਦਮੀ 1300 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਹਿੱਸਾ ਹੈ।
ਬਾਗਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਜੈਕਟ ਦਾ ਮੁੱਖ ਉਦੇਸ਼ ਬਾਗਬਾਨੀ ਹੇਠ ਰਕਬਾ ਵਧਾਉਣ ਦੇ ਨਾਲ ਇਸ ਨਾਲ ਜੁੜੀ ਵੈਲਯੂ ਚੇਨ ਨੂੰ ਮਜ਼ਬੂਤ ਕਰਨਾ ਹੈ। ਸਰਕਾਰ ਨੇ ਸਾਲ 2036 ਤੱਕ ਬਾਗਬਾਨੀ ਅਧੀਨ ਰਕਬਾ 16 ਲੱਖ ਹੈਕਟੇਅਰ ਕਰਨ ਦਾ ਟੀਚਾ ਰੱਖਿਆ ਹੈ।
ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ 41.25 ਲੱਖ ਹੈਕਟੇਅਰ ਰਕਬਾ ਕਾਸ਼ਤ ਅਧੀਨ ਹੈ, ਜਿਸ ਵਿੱਚੋਂ 5.27 ਲੱਖ ਹੈਕਟੇਅਰ ਬਾਗਬਾਨੀ ਹੇਠ ਹੈ। ਇਸ ਖੇਤਰ ਤੋਂ ਲਗਭਗ 106.10 ਲੱਖ ਮੀਟ੍ਰਿਕ ਟਨ ਉਤਪਾਦਨ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਬਾਗਬਾਨੀ ਵਿੱਚ ਫਲਾਂ, ਸਬਜ਼ੀਆਂ, ਮਸਾਲਿਆਂ, ਫੁੱਲਾਂ ਅਤੇ ਖੁਸ਼ਬੂਦਾਰ ਪੌਦਿਆਂ ਤੋਂ ਇਲਾਵਾ ਮਧੂ-ਮੱਖੀ ਪਾਲਣ ਅਤੇ ਖੁੰਬਾਂ ਦੀ ਕਾਸ਼ਤ ਵੀ ਸ਼ਾਮਲ ਹੈ। ਪ੍ਰਾਜੈਕਟ ਰਾਹੀਂ ਮਸ਼ੀਨਰੀ, ਬੁਨਿਆਦੀ ਢਾਂਚੇ, ਬੀਜ, ਖੋਜ ਅਤੇ ਮਾਰਕੀਟਿੰਗ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਹੌਰਟੀਕਲਚਰ ਨਾਲਿਜ ਸੈਂਟਰ ਖੋਜ, ਤਕਨੀਕੀ ਜਾਣਕਾਰੀ ਅਤੇ ਸਮਰੱਥਾ ਨਿਰਮਾਣ ਲਈ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਨਾਲ ਗੁਣਵੱਤਾ ਵਾਲੇ ਪੌਦਿਆਂ ਅਤੇ ਨਰਸਰੀਆਂ ਨੂੰ ਉਤਸ਼ਾਹ ਮਿਲੇਗਾ।
ਉਨ੍ਹਾਂ ਕਿਹਾ ਕਿ ਵਾਢੀ ਤੋਂ ਬਾਅਦ ਦੇ ਪ੍ਰਬੰਧਨ, ਮਾਰਕੀਟ ਤੱਕ ਪਹੁੰਚ, ਤਕਨੀਕੀ ਸਹਾਇਤਾ ਅਤੇ ਵਿਸਥਾਰ ਸੇਵਾਵਾਂ ਨੂੰ ਮਜ਼ਬੂਤ ਕਰਕੇ ਕਿਸਾਨਾਂ ਲਈ ਵਧੇਰੇ ਆਮਦਨ ਦੇ ਮੌਕੇ ਪੈਦਾ ਕਰਨ ’ਤੇ ਸਰਕਾਰ ਦਾ ਧਿਆਨ ਰਹੇਗਾ। ਇਸ ਨਾਲ ਮਿੱਟੀ ਦੀ ਸਿਹਤ ਸੁਧਾਰਨ ਅਤੇ ਪਾਣੀ ਦੀ ਸੰਭਾਲ ਵਰਗੀਆਂ ਟਿਕਾਊ ਖੇਤੀ ਪ੍ਰਥਾਵਾਂ ਨੂੰ ਵੀ ਹੁਲਾਰਾ ਮਿਲੇਗਾ।
ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH