
ਚੰਡੀਗੜ੍ਹ, 02 ਸਤੰਬਰ (ਹਿੰ.ਸ.)| ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਮੌਜੂਦਾ ਵਧੀਕ ਮੁੱਖ ਸਕੱਤਰ (ਮਾਲੀਆ) ਅਨੁਰਾਗ ਵਰਮਾ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਤਲਬ ਕੀਤਾ ਹੈ। ਈਡੀ ਨੇ ਉਨ੍ਹਾਂ ਨੂੰ 7 ਸਤੰਬਰ ਨੂੰ ਆਪਣੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ।
ਇਸ ਤੋਂ ਪਹਿਲਾਂ ਈਡੀ ਨੇ ਅਨੁਰਾਗ ਵਰਮਾ ਨੂੰ 31 ਅਗਸਤ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ, ਪਰ ਉਹ ਜਾਂਚ ਏਜੰਸੀ ਸਾਹਮਣੇ ਹਾਜ਼ਰ ਨਹੀਂ ਹੋਏ। ਵਰਮਾ ਵੱਲੋਂ ਈਡੀ ਕੋਲੋਂ ਇਹ ਕਹਿ ਕੇ ਵਾਧੂ ਸਮਾਂ ਮੰਗਿਆ ਗਿਆ ਸੀ ਕਿ ਉਨ੍ਹਾਂ ਨੂੰ ਮਾਮਲੇ ਨਾਲ ਸਬੰਧਤ ਜ਼ਰੂਰੀ ਦਸਤਾਵੇਜ਼ ਇਕੱਠੇ ਕਰਨ ਲਈ ਹੋਰ ਸਮੇਂ ਦੀ ਲੋੜ ਹੈ। ਇਸ ਤੋਂ ਬਾਅਦ ਈਡੀ ਨੇ ਪੁੱਛਗਿੱਛ ਲਈ ਨਵੀਂ ਤਾਰੀਖ ਨਿਰਧਾਰਤ ਕੀਤੀ ਹੈ।
ਇਹ ਮਾਮਲਾ ਮੋਹਾਲੀ ਦੀ ਸਨਟੇਕ ਸਿਟੀ ਅਤੇ ਅਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਅਤੇ ਨਿਯਮਾਂ ਦੀ ਉਲੰਘਣਾ ਨਾਲ ਸਬੰਧਤ ਹੈ। ਈਡੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ, ਜਦੋਂ ਇਹ ਪ੍ਰੋਜੈਕਟ ਅਤੇ ਉਨ੍ਹਾਂ ਨਾਲ ਜੁੜੇ ਫੈਸਲੇ ਲਏ ਗਏ ਸਨ, ਉਸ ਸਮੇਂ ਅਨੁਰਾਗ ਵਰਮਾ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁਖੀ ਸਨ। ਮੌਜੂਦਾ ਸਮੇਂ ਉਹ ਮਾਲੀਆ ਵਿਭਾਗ ਵਿੱਚ ਵਧੀਕ ਮੁੱਖ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਹਨ।
ਇਸੇ ਮਾਮਲੇ ਵਿੱਚ ਆਈਏਐਸ ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ ਵੀ 27 ਅਗਸਤ ਨੂੰ ਦੁਬਾਰਾ ਈਡੀ ਵੱਲੋਂ ਤਲਬ ਕੀਤਾ ਗਿਆ ਸੀ। ਬਰਾੜ ਇਸ ਤੋਂ ਪਹਿਲਾਂ 18 ਅਗਸਤ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋ ਚੁੱਕੇ ਹਨ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH