ਅੰਮ੍ਰਿਤਸਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ’ਚ ਪੁਲਿਸ ਦੀ ਵੱਡੀ ਕਾਰਵਾਈ, 11 ਸ਼ੱਕੀ ਹਿਰਾਸਤ ’ਚ
ਅੰਮ੍ਰਿਤਸਰ, 02 ਸਤੰਬਰ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਬੁੱਧਵਾਰ ਸਵੇਰੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੀ ਸਰਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਨੇ ਕਰੀਬ 11 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ, ਜਦਕਿ ਕਈ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕੀਤੀ ਗਈ। ਇਹ ਕਾਰਵ
ਅੰਮ੍ਰਿਤਸਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ’ਚ ਪੁਲਿਸ ਦੀ ਵੱਡੀ ਕਾਰਵਾਈ, 11 ਸ਼ੱਕੀ ਹਿਰਾਸਤ ’ਚ


ਅੰਮ੍ਰਿਤਸਰ, 02 ਸਤੰਬਰ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਬੁੱਧਵਾਰ ਸਵੇਰੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੀ ਸਰਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਨੇ ਕਰੀਬ 11 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ, ਜਦਕਿ ਕਈ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕੀਤੀ ਗਈ। ਇਹ ਕਾਰਵਾਈ ਡੀਸੀਪੀ ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੀ ਗਈ।

ਮੁਹਿੰਮ ਵਿੱਚ ਕਰੀਬ 150 ਪੁਲਿਸ ਮੁਲਾਜ਼ਮ ਅਤੇ ਕਮਾਂਡੋ ਵੱਖ-ਵੱਖ ਟੀਮਾਂ ਵਿੱਚ ਸ਼ਾਮਲ ਹੋਏ। ਏਡੀਸੀਪੀ ਸਿਟੀ-1 ਯੋਗੇਸ਼ਵਰ ਸਿੰਘ, ਏਸੀਪੀ ਸੈਂਟਰਲ ਸੁਰਿੰਦਰ ਸਿੰਘ, ਸਬੰਧਤ ਥਾਣਿਆਂ ਦੇ ਐਸਐਚਓ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਰਹੇ। ਪੁਲਿਸ ਟੀਮਾਂ ਨੇ ਅੰਨਗੜ੍ਹ, ਵਾਲਮੀਕੀ ਮੁਹੱਲਾ, ਸ਼ੇਖਾ ਬਾਜ਼ਾਰ ਸਮੇਤ ਆਸ-ਪਾਸ ਦੇ ਇਲਾਕਿਆਂ ਨੂੰ ਘੇਰ ਕੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ। ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਤੇ ਮਾਲਕੀ ਦੀ ਪੁਸ਼ਟੀ ਕੀਤੀ ਗਈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਅਪਰਾਧਿਕ ਪਿਛੋਕੜ ਵਾਲੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਗਈ।

ਅਧਿਕਾਰੀਆਂ ਮੁਤਾਬਕ ਇਸ ਮੁਹਿੰਮ ਦਾ ਮੁੱਖ ਮਕਸਦ ਨਸ਼ਾ ਤਸਕਰਾਂ, ਸਪਲਾਇਰਾਂ ਅਤੇ ਨਸ਼ਿਆਂ ਦੇ ਗੈਰਕਾਨੂੰਨੀ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨਾ ਸੀ। ਡੀਸੀਪੀ ਨੇ ਖੁਦ ਇਲਾਕਿਆਂ ਦਾ ਕੀਤਾ ਦੌਰਾ ਡੀਸੀਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਸਰਚ ਮੁਹਿੰਮ ਦੀ ਨਿਗਰਾਨੀ ਕੀਤੀ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਕੁਝ ਵਸਨੀਕਾਂ ਨੇ ਪੁਲਿਸ ਨੂੰ ਦੱਸਿਆ ਕਿ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਅਤੇ ਵਧੀ ਹੋਈ ਨਿਗਰਾਨੀ ਕਾਰਨ ਇਲਾਕੇ ਦੀ ਸਥਿਤੀ ਵਿੱਚ ਸੁਧਾਰ ਆਇਆ ਹੈ। ਡੀਸੀਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਪੁਲਿਸ ਦਾ ਦਬਾਅ ਲਗਾਤਾਰ ਜਾਰੀ ਰਹੇਗਾ ਅਤੇ ਸ਼ਹਿਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਮੁੜ ਪੈਰ ਨਹੀਂ ਪਸਾਰਨ ਦਿੱਤੇ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ਿਆਂ ਦੀ ਵਿਕਰੀ ਜਾਂ ਸਪਲਾਈ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰਨ। ਪੁਲਿਸ ਨੇ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਭਰੋਸੇਯੋਗ ਜਾਣਕਾਰੀ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande