ਮੀਰੀ-ਪੀਰੀ ਖਾਲਸਾ ਮਾਰਚ ਖਾਲਸਾਈ ਜਾਹੋ-ਜਲਾਲ ਨਾਲ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਰਵਾਨਾ
ਚੰਡੀਗੜ੍ਹ, 02 ਸਤੰਬਰ (ਹਿੰ.ਸ.)| ਮੀਰੀ-ਪੀਰੀ ਖਾਲਸਾ ਮਾਰਚ ਆਪਣੇ ਦੂਜੇ ਪੜਾਅ ਤਹਿਤ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਰਾਤ ਦੇ ਵਿਸ਼ਰਾਮ ਤੋਂ ਬਾਅਦ ਬੁੱਧਵਾਰ ਨੂੰ ਪੰਥਕ ਰਵਾਇਤਾਂ ਅਤੇ ਖਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਗੁਰਦੁਆਰਾ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਲਈ ਰਵਾਨਾ ਹੋਇਆ। ਮ
ਅਗਲੇ ਪੜ੍ਹਾਅ ਲਈ ਰਵਾਨਾ ਹੁੰਦਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ


ਚੰਡੀਗੜ੍ਹ, 02 ਸਤੰਬਰ (ਹਿੰ.ਸ.)| ਮੀਰੀ-ਪੀਰੀ ਖਾਲਸਾ ਮਾਰਚ ਆਪਣੇ ਦੂਜੇ ਪੜਾਅ ਤਹਿਤ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਰਾਤ ਦੇ ਵਿਸ਼ਰਾਮ ਤੋਂ ਬਾਅਦ ਬੁੱਧਵਾਰ ਨੂੰ ਪੰਥਕ ਰਵਾਇਤਾਂ ਅਤੇ ਖਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਗੁਰਦੁਆਰਾ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਲਈ ਰਵਾਨਾ ਹੋਇਆ। ਮਾਰਚ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ।

ਇਸ ਮੌਕੇ ਸਜੇ ਧਾਰਮਿਕ ਦੀਵਾਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਕਥਾ-ਵਿਚਾਰ ਰਾਹੀਂ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਥ ਨੂੰ ਕਮਜ਼ੋਰ ਕਰਨ ਲਈ ਸਮੇਂ-ਸਮੇਂ ’ਤੇ ਕਈ ਚੁਣੌਤੀਆਂ ਸਾਹਮਣੇ ਆਉਂਦੀਆਂ ਰਹੀਆਂ ਹਨ, ਪਰ ਇਹ ਗੱਲ ਹਮੇਸ਼ਾ ਯਾਦ ਰੱਖਣੀ ਚਾਹੀਦੀ ਹੈ ਕਿ ਪੰਥ ਗੁਰੂ ਦਾ ਹੈ ਅਤੇ ਇਸ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਨੌਜਵਾਨਾਂ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਮਾਜ ਨੂੰ ਇਸ ਗੰਭੀਰ ਸਮੱਸਿਆ ਵਿਰੁੱਧ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਮੁੜ ਗੁਰੂ ਨਾਲ ਜੋੜਨਾ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਕਾਰਾਂ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਵੀ ਸਵਾਲ ਚੁੱਕੇ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਉਦੇਸ਼ ਗੁਰਮਤਿ ਦਾ ਪ੍ਰਚਾਰ ਕਰਨ ਦੇ ਨਾਲ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਤੋਂ ਜਾਣੂ ਕਰਵਾਉਣਾ ਹੈ। ਇਸ ਦੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਸਿਰਫ਼ ਇੱਕ ਸ਼ਬਦ ਨਹੀਂ, ਸਗੋਂ ਸਿੱਖ ਜੀਵਨ ਦਾ ਬੁਨਿਆਦੀ ਸਿਧਾਂਤ ਹੈ, ਜੋ ਅਧਿਆਤਮਿਕਤਾ ਦੇ ਨਾਲ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਅਤੇ ਸੱਚ ਲਈ ਡਟ ਕੇ ਖੜ੍ਹਨ ਦੀ ਸਿੱਖਿਆ ਦਿੰਦਾ ਹੈ। ਧਾਮੀ ਨੇ ਦੱਸਿਆ ਕਿ ਖਾਲਸਾ ਮਾਰਚ ਦੀ ਸੰਪੂਰਨਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਹਲਕਿਆਂ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ।

ਮਾਰਚ ਦੇ ਰਸਤੇ ਵਿੱਚ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਕਈ ਥਾਵਾਂ ’ਤੇ ਸਜਾਵਟੀ ਗੇਟ ਬਣਾਏ ਗਏ ਅਤੇ ਲੰਗਰ ਲਗਾ ਕੇ ਸੰਗਤ ਦੀ ਸੇਵਾ ਕੀਤੀ ਗਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਨੂੰ ਸਾਬਤ-ਸੂਰਤ ਹੋ ਕੇ ਸਿੱਖੀ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਇਸ ਦੌਰਾਨ ਕਈ ਨੌਜਵਾਨਾਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿੱਖੀ ਸਰੂਪ ਵਿੱਚ ਰਹਿਣ ਦਾ ਪ੍ਰਣ ਵੀ ਕੀਤਾ ਗਿਆ।

ਮਾਰਚ ਦੇ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ, ਧਰਮ ਪ੍ਰਚਾਰ ਕਮੇਟੀ ਦੇ ਅਧਿਕਾਰੀਆਂ, ਪ੍ਰਚਾਰਕਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande