ਵੜਿੰਗ ਦੀ ਮਾਨ ਸਰਕਾਰ ਨੂੰ ਅਪੀਲ, ਓਪੀਐਸ ਬਹਾਲ ਕਰਨ ਅਤੇ 14,191 ਕਰੋੜ ਰੁਪਏ ਦਾ ਬਕਾਇਆ ਡੀਏ ਦਵੇ ਸਰਕਾਰ
ਚੰਡੀਗੜ੍ਹ, 02 ਸਤੰਬਰ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਕਰਨ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ


ਚੰਡੀਗੜ੍ਹ, 02 ਸਤੰਬਰ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਕਰਨ ਦੀ ਮੰਗ ਕੀਤੀ ਹੈ। ਵੜਿੰਗ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਮੁਲਾਜ਼ਮਾਂ ਦੇ ਜਾਇਜ਼ ਹੱਕਾਂ ਦੀ ਅਦਾਇਗੀ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੀ ਹੈ।ਮੁੱਖ ਮੰਤਰੀ ਨੂੰ ਭੇਜੇ ਪੱਤਰ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦਾ ਲਗਭਗ 14,191 ਕਰੋੜ ਰੁਪਏ ਦਾ ਡੀਏ ਬਕਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਸਰਕਾਰ ਨੂੰ ਬਕਾਇਆ ਅਦਾਇਗੀ ਸਬੰਧੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।ਵੜਿੰਗ ਨੇ ਸਵਾਲ ਕੀਤਾ ਕਿ ਜਦੋਂ ਮੁਲਾਜ਼ਮ ਆਪਣੇ ਬਣਦੇ ਹੱਕ ਦੀ ਮੰਗ ਕਰ ਰਹੇ ਹਨ ਤਾਂ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫੈਸਲਾ ਕਿਉਂ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਾਲਾਂ ਤੋਂ ਸੂਬੇ ਦੇ ਪ੍ਰਸ਼ਾਸਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਯੋਗਦਾਨ ਪਾ ਰਹੇ ਹਨ।ਵੜਿੰਗ ਨੇ ‘ਆਪ’ ਸਰਕਾਰ ’ਤੇ ਇਸ਼ਤਿਹਾਰਬਾਜ਼ੀ ਅਤੇ ਪੰਜਾਬ ਤੋਂ ਬਾਹਰ ਸਿਆਸੀ ਮੁਹਿੰਮਾਂ ’ਤੇ ਸਰਕਾਰੀ ਪੈਸਾ ਖਰਚ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਬਕਾਏ ਦੀ ਅਦਾਇਗੀ ਲਈ ਸਰਕਾਰ ਕੋਲ ਵਿੱਤੀ ਸਮਰੱਥਾ ਮੌਜੂਦ ਹੈ।ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਮੁਲਾਜ਼ਮਾਂ ਦੇ ਬਕਾਇਆ ਡੀਏ ਦੀ ਅਦਾਇਗੀ ਤੁਰੰਤ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅਗਲੀ ਸਰਕਾਰ ਕਾਂਗਰਸ ਦੀ ਹੀ ਬਣੇਗੀ।ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਨਵੰਬਰ ਵਿੱਚ ਓਪੀਐਸ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਕਰੀਬ ਚਾਰ ਸਾਲ ਬਾਅਦ ਵੀ ਇਸ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ।ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਡੀਏ ਸਬੰਧੀ ਰੁਖ ਤੋਂ ਓਪੀਐਸ ਲਾਗੂ ਕਰਨ ਦੀ ਉਸਦੀ ਨੀਅਤ ’ਤੇ ਵੀ ਸਵਾਲ ਖੜ੍ਹੇ ਹੁੰਦੇ ਹਨ। ਵੜਿੰਗ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਬਕਾਇਆ ਡੀਏ ਦੇ ਨਾਲ ਓਪੀਐਸ ਨੂੰ ਵੀ ਲਾਗੂ ਕੀਤਾ ਜਾਵੇਗਾ।ਉਨ੍ਹਾਂ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਕਾਂਗਰਸ ਸਰਕਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਾਰਟੀ ਨੇ ਇਨ੍ਹਾਂ ਸੂਬਿਆਂ ਵਿੱਚ ਓਪੀਐਸ ਸਬੰਧੀ ਕਦਮ ਚੁੱਕੇ ਹਨ। ਵੜਿੰਗ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੇ ਬਕਾਏ ਦੀ ਅਦਾਇਗੀ ਵਿੱਚ ਹੋਰ ਦੇਰੀ ਨਾ ਕੀਤੀ ਜਾਵੇ ਅਤੇ ਓਪੀਐਸ ਲਾਗੂ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande