
ਡੇਰਾਬੱਸੀ, 20 ਸਤੰਬਰ (ਹਿੰ.ਸ.)| ਮੋਹਾਲੀ ਦੇ ਡੇਰਾਬੱਸੀ ਸਥਿਤ ਪਿੰਡ ਸੁੰਡਰਾਂ ਵਿੱਚ ਸ਼ਨੀਵਾਰ ਰਾਤ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਲਗਭਗ 30 ਤੋਂ 35 ਝੁੱਗੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕਈ ਪਰਿਵਾਰ ਆਪਣਾ ਘਰੇਲੂ ਸਾਮਾਨ ਵੀ ਬਾਹਰ ਨਹੀਂ ਕੱਢ ਸਕੇ। ਮੁੱਢਲੀ ਜਾਣਕਾਰੀ ਅਨੁਸਾਰ ਘਟਨਾ ਵਿੱਚ ਕਿਸੇ ਦੀ ਜਾਨ ਜਾਣ ਦੀ ਸੂਚਨਾ ਨਹੀਂ ਹੈ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੰਜਾਬ ਅਤੇ ਹਰਿਆਣਾ ਤੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। 3 ਤੋਂ 4 ਫਾਇਰ ਟੈਂਡਰਾਂ ਦੀ ਮਦਦ ਨਾਲ ਫਾਇਰ ਕਰਮਚਾਰੀਆਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਫਿਲਹਾਲ ਝੁੱਗੀਆਂ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਵੀ ਸਬੰਧਤ ਵਿਭਾਗਾਂ ਨੂੰ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਅੱਗ ਲੱਗਣ ਦੇ ਕਾਰਨ ਅਤੇ ਹੋਏ ਨੁਕਸਾਨ ਦੀ ਸਥਿਤੀ ਸਪੱਸ਼ਟ ਹੋਵੇਗੀ।
ਪਿੰਡ ਸੁੰਡਰਾਂ ਵਿੱਚ ਝੁੱਗੀਆਂ ਨੂੰ ਅੱਗ ਲੱਗਣ ਦੀ ਇਹ ਪਹਿਲੀ ਘਟਨਾ ਨਹੀਂ ਹੈ। 14 ਮਈ 2022 ਨੂੰ ਵੀ ਇਸੇ ਇਲਾਕੇ ਵਿੱਚ ਵੱਡਾ ਅਗਨੀਕਾਂਡ ਵਾਪਰਿਆ ਸੀ। ਉਸ ਸਮੇਂ ਲਗਭਗ 40 ਤੋਂ 45 ਝੁੱਗੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ ਸਨ। ਇਸ ਘਟਨਾ ਵਿੱਚ ਡੇਢ ਸਾਲ ਦੀ ਬੱਚੀ ਰੂਪਾ ਦੀ ਸੜਨ ਕਾਰਨ ਮੌਤ ਹੋ ਗਈ ਸੀ।
ਡੇਰਾਬੱਸੀ ਦੇ ਐੱਸਡੀਐੱਮ ਅਮਿਤ ਗੁਪਤਾ ਨੇ ਦੱਸਿਆ ਕਿ ਝੁੱਗੀਆਂ ਵਿੱਚ ਅੱਗ ਲੱਗਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਸੂਚਿਤ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH