
ਮੱਥਾ ਟੇਕਣ ਲਈ ਪਹੁੰਚੇ ਸਨ ਗੁਰਦੁਆਰਾ ਸਾਹਿਬ, ਕੱਪੜਿਆਂ ਸਮੇਤ ਸਰੋਵਰ ’ਚ ਉਤਰੇ; ਸੀਸੀਟੀਵੀ ’ਚ ਕੈਦ ਹੋਈ ਘਟਨਾਅੰਮ੍ਰਿਤਸਰ, 20 ਸਤੰਬਰ (ਹਿੰ.ਸ.)| ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ 68 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ। ਉਹ ਆਈਡੀਐਚ ਮਾਰਕੀਟ ਵਿੱਚ ਆਰਟੀਫਿਸ਼ੀਅਲ ਗਹਿਣਿਆਂ ਦੀ ਦੁਕਾਨ ਚਲਾਉਂਦੇ ਸਨ।ਜਾਣਕਾਰੀ ਅਨੁਸਾਰ ਮਨਿੰਦਰ ਸਿੰਘ ਸ਼ਨੀਵਾਰ ਦੁਪਹਿਰ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਸ ਦੌਰਾਨ ਉਹ ਕੱਪੜਿਆਂ ਸਮੇਤ ਸਰੋਵਰ ਵਿੱਚ ਉਤਰ ਗਏ। ਬਾਅਦ ਵਿੱਚ ਉਨ੍ਹਾਂ ਦਾ ਪਤਾ ਨਾ ਲੱਗਣ ’ਤੇ ਗੁਰਦੁਆਰਾ ਕਮੇਟੀ ਵੱਲੋਂ ਸਰੋਵਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਉਨ੍ਹਾਂ ਦੀ ਲਾਸ਼ ਦੇਰ ਰਾਤ ਬਰਾਮਦ ਕਰ ਲਈ ਗਈ।ਘਟਨਾ ਸਬੰਧੀ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ਵਿੱਚ ਮਨਿੰਦਰ ਸਿੰਘ ਕੱਪੜਿਆਂ ਸਮੇਤ ਸਰੋਵਰ ਵਿੱਚ ਉਤਰਦੇ ਹੋਏ ਦਿਖਾਈ ਦੇ ਰਹੇ ਹਨ। ਮੁੱਢਲੀ ਤੌਰ ’ਤੇ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਸਰੋਵਰ ਵਿੱਚ ਡੁੱਬਣ ਕਾਰਨ ਉਨ੍ਹਾਂ ਦੀ ਮੌਤ ਹੋਈ ਹੋ ਸਕਦੀ ਹੈ।ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਸਰੋਵਰ ਵਿੱਚ ਤਲਾਸ਼ੀ ਮੁਹਿੰਮ ਤੋਂ ਬਾਅਦ ਮਨਿੰਦਰ ਸਿੰਘ ਦੀ ਲਾਸ਼ ਬਰਾਮਦ ਕਰਕੇ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਸਾਹਮਣੇ ਆਈ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪੂਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਮੁਤਾਬਕ ਪਰਿਵਾਰ ਦੇ ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH