
ਬਠਿੰਡਾ, 20 ਸਤੰਬਰ (ਹਿੰ.ਸ.)| ਬਠਿੰਡਾ ਦੀ ਸਰਹਿੰਦ ਨਹਿਰ ਵਿੱਚ ਪੁਹਲਾ ਨੇੜੇ ਇੱਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਬਰਾਮਦ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਅਤੇ ਥਾਣਾ ਨਥਾਣਾ ਦੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ।
ਸਹਾਰਾ ਟੀਮ ਦੇ ਮੈਂਬਰ ਰਾਜਿੰਦਰ ਕੁਮਾਰ, ਸੰਦੀਪ ਗਿੱਲ ਅਤੇ ਸੰਦੀਪ ਵਰਮਾ ਨੇ ਪੁਲਿਸ ਦੀ ਮੌਜੂਦਗੀ ਵਿੱਚ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਮ੍ਰਿਤਕ ਦੀ ਉਮਰ ਕਰੀਬ 60 ਤੋਂ 65 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਮ੍ਰਿਤਕ ਨੇ ਚਿੱਟਾ ਕੁੜਤਾ-ਪਜਾਮਾ ਪਾਇਆ ਹੋਇਆ ਸੀ ਅਤੇ ਉਹ ਅੰਮ੍ਰਿਤਧਾਰੀ ਵਿਅਕਤੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਕੋਲੋਂ ਅਜਿਹਾ ਕੋਈ ਦਸਤਾਵੇਜ਼ ਜਾਂ ਹੋਰ ਸਮਾਨ ਨਹੀਂ ਮਿਲਿਆ, ਜਿਸ ਰਾਹੀਂ ਉਸ ਦੀ ਪਛਾਣ ਹੋ ਸਕੇ। ਪੁਲਿਸ ਦੀ ਕਾਰਵਾਈ ਤੋਂ ਬਾਅਦ ਸਹਾਰਾ ਜਨ ਸੇਵਾ ਦੀ ਟੀਮ ਨੇ ਲਾਸ਼ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਸੁਰੱਖਿਅਤ ਰਖਵਾ ਦਿੱਤਾ ਹੈ।
ਥਾਣਾ ਨਥਾਣਾ ਦੇ ਏਐੱਸਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਫਿਲਹਾਲ ਮ੍ਰਿਤਕ ਦੀ ਸ਼ਨਾਖਤ ਨਹੀਂ ਹੋ ਸਕੀ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿੱਚ ਪੋਸਟਰ ਲਗਵਾ ਕੇ ਮ੍ਰਿਤਕ ਦੀ ਪਛਾਣ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਹੈ। ਇਸ ਮਿਆਦ ਦੌਰਾਨ ਜੇਕਰ ਮ੍ਰਿਤਕ ਦੀ ਪਛਾਣ ਨਹੀਂ ਹੁੰਦੀ ਤਾਂ ਪੁਲਿਸ ਵੱਲੋਂ ਨਿਯਮਾਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH