
ਫਾਜ਼ਿਲਕਾ, 20 ਸਤੰਬਰ (ਹਿੰ.ਸ.)| ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਵਿਸ਼ੇਸ਼ ਚੈਕਿੰਗ ਅਤੇ ਸੈਂਪਲਿੰਗ ਮੁਹਿੰਮ ਚਲਾਈ ਗਈ। ਸਿਵਲ ਸਰਜਨ ਡਾ. ਕਵਿਤਾ ਦੇ ਨਿਰਦੇਸ਼ਾਂ ਅਤੇ ਅਗਵਾਈ ਹੇਠ ਚਲਾਈ ਇਸ ਮੁਹਿੰਮ ਦੌਰਾਨ ਫਾਜ਼ਿਲਕਾ ਅਤੇ ਅਬੋਹਰ ਸ਼ਹਿਰਾਂ ਵਿੱਚ ਮਿਠਾਈਆਂ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਜਾਂਚ ਕੀਤੀ ਗਈ।
ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਨੇ ਵੱਖ-ਵੱਖ ਦੁਕਾਨਾਂ ਅਤੇ ਡੇਅਰੀਆਂ ਤੋਂ ਖੋਆ ਆਧਾਰਿਤ ਮਿਠਾਈਆਂ ਅਤੇ ਪਨੀਰ ਦੇ ਕੁੱਲ 12 ਸੈਂਪਲ ਲਏ। ਵਿਭਾਗ ਵੱਲੋਂ ਇਹ ਕਾਰਵਾਈ ਤਿਉਹਾਰਾਂ ਦੌਰਾਨ ਬਾਜ਼ਾਰ ਵਿੱਚ ਵਿਕ ਰਹੀਆਂ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ।
ਫੂਡ ਸੇਫਟੀ ਅਫਸਰ ਨੇ ਦੱਸਿਆ ਕਿ ਇਕੱਠੇ ਕੀਤੇ ਗਏ ਸਾਰੇ ਸੈਂਪਲ ਨਿਯਮਾਂ ਅਨੁਸਾਰ ਜਾਂਚ ਲਈ ਫੂਡ ਲੈਬਾਰਟਰੀ ਭੇਜੇ ਜਾਣਗੇ। ਲੈਬਾਰਟਰੀ ਰਿਪੋਰਟਾਂ ਦੇ ਆਧਾਰ ’ਤੇ ਜੇਕਰ ਕੋਈ ਸੈਂਪਲ ਨਿਰਧਾਰਤ ਮਾਪਦੰਡਾਂ ’ਤੇ ਖਰਾ ਨਾ ਉਤਰਿਆ ਤਾਂ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਮਿਠਾਈਆਂ ਅਤੇ ਡੇਅਰੀ ਉਤਪਾਦਾਂ ਦੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਖਪਤਕਾਰਾਂ ਨੂੰ ਸਿਰਫ਼ ਤਾਜ਼ਾ, ਸਾਫ਼-ਸੁਥਰਾ ਅਤੇ ਮਿਆਰੀ ਸਮਾਨ ਹੀ ਮੁਹੱਈਆ ਕਰਵਾਉਣ ਅਤੇ ਖੁਰਾਕ ਸੁਰੱਖਿਆ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ।
ਵਿਭਾਗ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਚੈਕਿੰਗ, ਸੈਂਪਲਿੰਗ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਦਾ ਉਦੇਸ਼ ਖਪਤਕਾਰਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਬਾਜ਼ਾਰ ਵਿੱਚ ਮਿਲਾਵਟਖੋਰੀ ਨੂੰ ਰੋਕਣਾ ਅਤੇ ਲੋਕਾਂ ਨੂੰ ਸੁਰੱਖਿਅਤ ਖਾਣ-ਪੀਣ ਦੀਆਂ ਵਸਤੂਆਂ ਉਪਲਬਧ ਕਰਵਾਉਣਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH