
ਪੁਲਿਸ ਨੇ ਚਾਰ ਮੁਲਜ਼ਮ ਕੀਤੇ ਗ੍ਰਿਫ਼ਤਾਰ, 30 ਬੋਰ ਦੇ ਦੋ ਪਿਸਤੌਲ ਅਤੇ ਦੋ ਮੈਗਜ਼ੀਨ ਬਰਾਮਦ
ਤਰਨਤਾਰਨ, 20 ਸਤੰਬਰ (ਹਿੰ.ਸ.)| ਤਰਨਤਾਰਨ ਪੁਲਿਸ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰ ਮੰਗਵਾ ਕੇ ਅੱਗੇ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 30 ਬੋਰ ਦੇ ਦੋ ਪਿਸਤੌਲ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਹਨ। ਚਾਰਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਐੱਸਪੀ (ਐੱਚ) ਸੁਖਮਿੰਦਰ ਸਿੰਘ ਕੈਰੋਂ ਨੇ ਦੱਸਿਆ ਕਿ ਡੀਐੱਸਪੀ ਅਤੁਲ ਸੋਨੀ ਦੀ ਅਗਵਾਈ ਹੇਠ ਪੁਲਿਸ ਨੂੰ ਇਲਾਕੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ ਕੁਝ ਸ਼ੱਕੀ ਵਿਅਕਤੀਆਂ ਦੇ ਘੁੰਮਣ ਸਬੰਧੀ ਗੁਪਤ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ ’ਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਦੀ ਟੀਮ ਨੇ ਸੁਰਸਿੰਘ ਮੋੜ ’ਤੇ ਨਾਕਾਬੰਦੀ ਕੀਤੀ।
ਇਸ ਦੌਰਾਨ ਪੁਲਿਸ ਨੇ ਇੱਕ ਬੋਲੇਰੋ ਗੱਡੀ ਨੂੰ ਰੋਕ ਕੇ ਉਸ ਵਿੱਚ ਸਵਾਰ ਚਾਰ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ। ਸ਼ੱਕ ਦੇ ਆਧਾਰ ’ਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 30 ਬੋਰ ਦੇ ਦੋ ਪਿਸਤੌਲ ਅਤੇ ਦੋ ਮੈਗਜ਼ੀਨ ਬਰਾਮਦ ਹੋਏ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਵਾਸੀ ਮਾੜੀ ਗੌੜ ਸਿੰਘ, ਪੰਕਜ ਕੁਮਾਰ ਵਾਸੀ ਕੱਕੜ ਮੁਹੱਲਾ ਭਿੱਖੀਵਿੰਡ, ਮਨੀਕਰਨ ਸਿੰਘ ਵਾਸੀ ਭਾਈ ਲੱਧੂ ਅਤੇ ਗੁਰਪ੍ਰੀਤ ਸਿੰਘ ਵਾਸੀ ਭਾਈ ਲੱਧੂ ਵਜੋਂ ਹੋਈ ਹੈ।
ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਗਿਰੋਹ ਦੇ ਹੋਰ ਮੈਂਬਰਾਂ, ਸੰਪਰਕਾਂ ਅਤੇ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਪੂਰੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਵੀ ਪੜਤਾਲ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH