
ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਵਿਧਾਇਕ ਨੇ ਸੰਗਤਾਂ, ਪ੍ਰਸ਼ਾਸਨ ਤੇ ਸੇਵਾਦਾਰਾਂ ਦਾ ਕੀਤਾ ਧੰਨਵਾਦ
ਬਟਾਲਾ, 20 ਸਤੰਬਰ (ਹਿੰ.ਸ.)| ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਵਿਆਹ ਪੁਰਬ ਸਬੰਧੀ ਬਟਾਲਾ ਵਿੱਚ ਕਰਵਾਏ ਗਏ ਸਮਾਗਮ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਸੰਪੰਨ ਹੋਏ। ਸਮਾਗਮਾਂ ਦੀ ਸਫਲ ਸਮਾਪਤੀ ਉਪਰੰਤ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੰਗਤਾਂ ਵੱਲੋਂ ਮਿਲੇ ਅਥਾਹ ਪਿਆਰ, ਸਹਿਯੋਗ ਅਤੇ ਭਰੋਸੇ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਪਵਿੱਤਰ ਵਿਆਹ ਪੁਰਬ ਮੌਕੇ ਕਰਵਾਏ ਗਏ ਸਮਾਗਮ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।
ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ, ਐਸ.ਐਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਅਤੇ ਨਗਰ ਨਿਗਮ ਦੇ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਨ-ਰਾਤ ਮਿਹਨਤ ਕੀਤੀ ਗਈ।
ਸ਼ੈਰੀ ਕਲਸੀ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੀਆਂ ਪ੍ਰਬੰਧਕ ਕਮੇਟੀਆਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਵੱਲੋਂ ਸਮਾਗਮਾਂ ਦੌਰਾਨ ਪੂਰਨ ਸਹਿਯੋਗ ਦਿੱਤਾ ਗਿਆ।
ਉਨ੍ਹਾਂ ਅਧਿਕਾਰੀਆਂ, ਕਰਮਚਾਰੀਆਂ, ਸਫ਼ਾਈ ਸੇਵਕਾਂ ਅਤੇ ਹੋਰ ਸੇਵਾਦਾਰਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵਿਆਹ ਪੁਰਬ ਸਮਾਗਮਾਂ ਦੌਰਾਨ ਆਪਣੀ ਡਿਊਟੀ ਸ਼ਰਧਾ ਅਤੇ ਸਮਰਪਣ ਨਾਲ ਨਿਭਾਈ। ਇਸ ਤੋਂ ਇਲਾਵਾ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ।
ਵਿਧਾਇਕ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਬਟਾਲਾ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਲਈ ਪਹੁੰਚੀ ਸੰਗਤ ਅਤੇ ਸਮਾਗਮਾਂ ਦੀ ਕਵਰੇਜ ਕਰਨ ਵਾਲੇ ਮੀਡੀਆ ਦੇ ਸਾਰੇ ਸਾਥੀ ਵੀ ਧੰਨਵਾਦ ਦੇ ਹੱਕਦਾਰ ਹਨ। ਉਨ੍ਹਾਂ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਇਸੇ ਤਰ੍ਹਾਂ ਸੰਗਤ ਦੀ ਸੇਵਾ ਕਰਨ ਦਾ ਬਲ ਬਖ਼ਸ਼ਿਆ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH