
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕੀਤਾ ਉਦਘਾਟਨ, ਵੱਖ-ਵੱਖ ਰਾਜਾਂ ਤੋਂ ਪੁੱਜੇ ਦਸਤਕਾਰ
ਫਰੀਦਕੋਟ, 20 ਸਤੰਬਰ (ਹਿੰ.ਸ.)| ਬਾਬਾ ਸ਼ੇਖ ਫਰੀਦ ਆਗਮਨ ਪੁਰਬ-2026 ਤਹਿਤ ਨਵੀਂ ਦਾਣਾ ਮੰਡੀ ਫਰੀਦਕੋਟ ਵਿਖੇ ਕਰਾਫਟ ਮੇਲੇ ਦੀ ਸ਼ੁਰੂਆਤ ਹੋ ਗਈ। ਮੇਲੇ ਦਾ ਉਦਘਾਟਨ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕੀਤਾ। ਇਸ ਮੌਕੇ ਵਿਧਾਇਕ ਸੇਖੋਂ ਦੀ ਧਰਮ ਪਤਨੀ ਬੇਅੰਤ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੇਲੇ ਅਤੇ ਤਿਉਹਾਰ ਪੰਜਾਬ ਸਮੇਤ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਅਜਿਹੇ ਮੇਲੇ ਜਿੱਥੇ ਲੋਕਾਂ ਨੂੰ ਆਪਣੀਆਂ ਪੁਰਾਤਨ ਪਰੰਪਰਾਵਾਂ ਨਾਲ ਜੋੜਦੇ ਹਨ, ਉੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਵਿਚਾਲੇ ਆਪਸੀ ਮੇਲ-ਜੋਲ ਨੂੰ ਵੀ ਮਜ਼ਬੂਤ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਕਰਾਫਟ ਮੇਲੇ ਵਿੱਚ ਪੰਜਾਬ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਦਸਤਕਾਰ ਪਹੁੰਚੇ ਹਨ। ਮੇਲੇ ਵਿੱਚ ਦਸਤਕਾਰੀ ਦੀਆਂ ਕਲਾਕ੍ਰਿਤੀਆਂ ਦੇ ਨਾਲ-ਨਾਲ ਵੱਖ-ਵੱਖ ਰਾਜਾਂ ਦੇ ਰਵਾਇਤੀ ਪਕਵਾਨਾਂ ਦੇ ਸਟਾਲ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਮੇਲੇ ਦਾ ਮਕਸਦ ਦੇਸ਼ ਦੀ ਕਲਾ, ਦਸਤਕਾਰੀ ਅਤੇ ਸੱਭਿਆਚਾਰ ਨੂੰ ਇੱਕ ਸਾਂਝੇ ਮੰਚ ਰਾਹੀਂ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਦਸਤਕਾਰਾਂ ਦੀ ਕਲਾ ਦੇਖਣ ਅਤੇ ਖਰੀਦਦਾਰੀ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਰਾਜਾਂ ਤੋਂ ਆਏ ਦਸਤਕਾਰਾਂ ਵੱਲੋਂ ਲਗਭਗ 200 ਸਟਾਲ ਲਗਾਏ ਗਏ ਹਨ। ਇਨ੍ਹਾਂ ਸਟਾਲਾਂ ਵਿੱਚ ਵੱਖ-ਵੱਖ ਕਿਸਮ ਦੀ ਦਸਤਕਾਰੀ ਅਤੇ ਕਲਾਕ੍ਰਿਤੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰ ਸਮੇਤ ਮੇਲੇ ਵਿੱਚ ਪਹੁੰਚ ਕੇ ਵੱਖ-ਵੱਖ ਸੂਬਿਆਂ ਦੀ ਕਲਾ ਅਤੇ ਸੱਭਿਆਚਾਰ ਨਾਲ ਜਾਣੂ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਐਸ.ਡੀ.ਐਮ. ਜੈਤੋ ਵਿਕਰਮਜੀਤ, ਡੀ.ਆਰ.ਓ. ਲਵਪ੍ਰੀਤ ਕੌਰ, ਤਹਿਸੀਲਦਾਰ ਪਰਮਿੰਦਰ ਸਿੰਘ, ਰੈੱਡ ਕਰਾਸ ਦੇ ਸਕੱਤਰ ਮਨਦੀਪ ਮੌਂਗਾ, ਰਜਿੰਦਰ ਸਿੰਘ ਰਿੰਕੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH