
ਤਰਨਤਾਰਨ, 20 ਸਤੰਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੂੰ ਘਰ-ਘਰ ਪਰਚੇ ਵੰਡ ਕੇ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਅਕਾਲੀ ਦਲ, ਨੂੰ ਵੋਟਾਂ ਪਾਉਣ ਤੋਂ ਡਰਾਉਣ ਦੀ ਸਿਆਸਤ ਕਰਨ ਦੀ ਬਜਾਏ ਪੰਜਾਬ ਲਈ ਕੀਤੇ ਕੰਮਾਂ ਦਾ ਹਿਸਾਬ ਦੇਣਾ ਚਾਹੀਦਾ ਹੈ। ਉਹ ਤਰਨ ਤਾਰਨ ਵਿੱਚ ਪਾਰਟੀ ਦੀ ‘ਪੰਜਾਬ ਬਚਾਓ ਮੁਹਿੰਮ’ ਤਹਿਤ ਕਰਵਾਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਆਟਾ-ਦਾਲ ਸਕੀਮ, ਸ਼ਗਨ ਸਕੀਮ, ਸੇਵਾ ਕੇਂਦਰ, ਵਿਦਿਆਰਥਣਾਂ ਲਈ ਮੁਫ਼ਤ ਸਾਈਕਲ, ਮੁਫ਼ਤ ਦਵਾਈਆਂ ਦੀਆਂ ਦੁਕਾਨਾਂ ਅਤੇ ਕਬੱਡੀ ਵਿਸ਼ਵ ਕੱਪ ਵਰਗੀਆਂ ਯੋਜਨਾਵਾਂ ਨੂੰ ਬੰਦ ਕੀਤਾ। ਉਨ੍ਹਾਂ ਅੰਮ੍ਰਿਤਸਰ ਦੇ ਬੀ.ਆਰ.ਟੀ.ਐੱਸ. ਪ੍ਰਾਜੈਕਟ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਚੁੱਕੇ।
‘ਆਪ’ ਦੀ ਘਰ-ਘਰ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਰਚਿਆਂ ਰਾਹੀਂ ਅਕਾਲੀ ਦਲ ਬਾਰੇ ਲੋਕਾਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ, ਸਿਹਤ, ਸਿੱਖਿਆ ਅਤੇ ਕਿਸਾਨਾਂ ਨਾਲ ਸਬੰਧਤ ਕਈ ਮੁੱਦਿਆਂ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਫ਼ਰਕ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ, ਆਟਾ-ਦਾਲ ਸਕੀਮ ਤਹਿਤ 50 ਕਿਲੋ ਕਣਕ, ਸ਼ਗਨ ਸਕੀਮ ਤਹਿਤ ਇੱਕ ਲੱਖ ਰੁਪਏ ਅਤੇ ਬੁਢਾਪਾ ਪੈਨਸ਼ਨ 3100 ਰੁਪਏ ਮਹੀਨਾ ਕਰਨ ਸਮੇਤ ਕਈ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।
ਉਨ੍ਹਾਂ ਐਲਾਨ ਕੀਤਾ ਕਿ ਹਰ ਜ਼ਿਲ੍ਹਾ ਹੈੱਡਕੁਆਰਟਰ ’ਤੇ ਮੈਡੀਕਲ ਅਤੇ ਵੈਟਰਨਰੀ ਕਾਲਜ ਖੋਲ੍ਹੇ ਜਾਣਗੇ। ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ ਅਤੇ ਪਸ਼ੂ ਪਾਲਣ ਪ੍ਰਾਜੈਕਟਾਂ ਲਈ 75 ਫ਼ੀਸਦੀ ਸਬਸਿਡੀ ਦੇਣ ਦੀ ਵੀ ਗੱਲ ਕਹੀ। ਇਸ ਤੋਂ ਇਲਾਵਾ ਬੇਘਰਿਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ, ਲਾਲ ਲਕੀਰ ਅੰਦਰਲੇ ਘਰਾਂ ਦੀ ਰਜਿਸਟਰੀ ਅਤੇ ਬਿਆਸ ਤੇ ਸਤਲੁਜ ਦਰਿਆਵਾਂ ਨੂੰ ਚੈਨਲਾਈਜ਼ ਕਰਨ ਦਾ ਵਾਅਦਾ ਕੀਤਾ।
ਵਾਰਿਸ ਪੰਜਾਬ ਦੇ ਸਬੰਧੀ ਬਾਦਲ ਨੇ ਕਈ ਦੋਸ਼ ਲਗਾਉਂਦਿਆਂ ਸੰਗਠਨ ਦੀਆਂ ਗਤੀਵਿਧੀਆਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਪਰਿਵਾਰ ਬਾਰੇ ਵੀ ਸਿਆਸੀ ਟਿੱਪਣੀਆਂ ਕੀਤੀਆਂ। ਇਨ੍ਹਾਂ ਦੋਸ਼ਾਂ ਦੇ ਸਮਰਥਨ ਵਿੱਚ ਉਨ੍ਹਾਂ ਵੱਲੋਂ ਕੋਈ ਵਿਸਥਾਰਤ ਸਬੂਤ ਇਸ ਮੌਕੇ ਪੇਸ਼ ਨਹੀਂ ਕੀਤਾ ਗਿਆ।
ਇਸ ਮੌਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਰਹੱਦੀ ਖੇਤਰ ਦੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਲਈ ਮੁਆਵਜ਼ਾ ਵਧਾਉਣ ਦੀ ਮੰਗ ਕੀਤੀ। ਕੰਚਨਪ੍ਰੀਤ ਕੌਰ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਅਤੇ ਵਿਰਸਾ ਸਿੰਘ ਵਲਟੋਹਾ ਨੇ ਵੀ ਸੰਬੋਧਨ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH