
ਵਿਧਾਇਕ ਸੇਖੋਂ ਤੇ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ
ਫ਼ਰੀਦਕੋਟ, 21 ਸਤੰਬਰ (ਹਿੰ.ਸ.)| ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਮੌਕੇ ਫ਼ਰੀਦਕੋਟ ਵਿੱਚ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ 21 ਤੋਂ 23 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਹ ਮੇਲਾ ਸਾਦਿਕ ਰੋਡ ਸਥਿਤ ਦਾਣਾ ਮੰਡੀ, ਫ਼ਰੀਦਕੋਟ ਵਿਖੇ ਲਗਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੀ ਮੌਜੂਦ ਰਹੇ।
ਵਿਧਾਇਕ ਸੇਖੋਂ ਨੇ ਕਿਹਾ ਕਿ ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਪਸ਼ੂ ਪਾਲਣ ਵਰਗੇ ਸਹਾਇਕ ਧੰਦਿਆਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧੇ ਦੇ ਮੌਕਿਆਂ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਮੱਝਾਂ, ਗਾਵਾਂ, ਘੋੜਿਆਂ ਅਤੇ ਕੁੱਤਿਆਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਦੇ ਨਾਲ ਖੇਤੀਬਾੜੀ ਨਾਲ ਸਬੰਧਤ ਪ੍ਰਦਰਸ਼ਨੀਆਂ ਅਤੇ ਵੱਖ-ਵੱਖ ਗਤੀਵਿਧੀਆਂ ਵੀ ਹੋਣਗੀਆਂ।
ਮੇਲੇ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਸਰਕਾਰੀ ਸਕੀਮਾਂ, ਪਸ਼ੂਆਂ ਦੀ ਸਿਹਤ ਸੰਭਾਲ, ਡੇਅਰੀ ਵਿਕਾਸ ਅਤੇ ਆਧੁਨਿਕ ਖੇਤੀ ਤੇ ਪਸ਼ੂ ਪਾਲਣ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਵਿਧਾਇਕ ਸੇਖੋਂ ਨੇ ਪੰਜਾਬ ਭਰ ਦੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਮੇਲੇ ਵਿੱਚ ਪਹੁੰਚਣ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀ ਸ਼ਮੂਲੀਅਤ ਨਾਲ ਇਹ ਮੇਲਾ ਗਿਆਨ, ਤਜਰਬੇ ਅਤੇ ਨਵੀਆਂ ਤਕਨੀਕਾਂ ਦੇ ਅਦਾਨ-ਪ੍ਰਦਾਨ ਲਈ ਇੱਕ ਵੱਡਾ ਮੰਚ ਬਣ ਸਕਦਾ ਹੈ।
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਫ਼ਰੀਦਕੋਟ ਵਿੱਚ ਪਹਿਲੀ ਵਾਰ ਕਰਵਾਇਆ ਜਾ ਰਿਹਾ ਇਹ ਪਸ਼ੂ ਧਨ ਤੇ ਕਿਸਾਨ ਮੇਲਾ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੇਲੇ ਵਿੱਚ ਸ਼ਮੂਲੀਅਤ ਲਈ ਕਰੀਬ 350 ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ। ਉਨ੍ਹਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਮੇਲੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਸ਼ੂ ਪਾਲਣ ਨਾਲ ਸਬੰਧਤ ਗਿਆਨ ਅਤੇ ਜਾਗਰੂਕਤਾ ਵਧਾਉਣ ਦੇ ਨਾਲ ਨਕਲੀ ਦੁੱਧ ਅਤੇ ਬਣਾਵਟੀ ਵਸਤੂਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਲਈ ਵੀ ਇਹ ਮੇਲਾ ਮਹੱਤਵਪੂਰਨ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ, ਡਾ. ਜਸਵਿੰਦਰ ਸਿੰਘ, ਡਾ. ਜਸਵਿੰਦਰ ਗਰਗ, ਡਾ. ਸੁਰਜੀਤ ਸਿੰਘ ਮੱਲ, ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ ਸਮੇਤ ਹੋਰ ਵੈਟਰਨਰੀ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH