
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ; ਨੌਜਵਾਨਾਂ ਨੂੰ ਨਸ਼ੇ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ
ਬਠਿੰਡਾ, 21 ਸਤੰਬਰ (ਹਿੰ.ਸ.)| ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੋਮਵਾਰ ਨੂੰ ਬਠਿੰਡਾ ਪਹੁੰਚੇ। ਉਨ੍ਹਾਂ ਨੇ ਤਲਵੰਡੀ ਸਾਬੋ ਤੋਂ ਸ਼ੁਰੂ ਹੋਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਤਲਵੰਡੀ ਸਾਬੋ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਇਹ ਧਰਤੀ ਕਰਮ ਅਤੇ ਭਗਤੀ ਦੀ ਪਾਵਨ ਧਰਤੀ ਹੈ। ਉਨ੍ਹਾਂ ਕਿਹਾ ਕਿ ਇਹ ਵੀਰਾਂ ਅਤੇ ਸੂਰਮਿਆਂ ਦੀ ਧਰਤੀ ਹੈ। ਪੰਜ ਤਖ਼ਤ ਸਾਹਿਬਾਨ ਵਿੱਚੋਂ ਇੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਚਰਨਾਂ ਵਿੱਚ ਉਹ ਵਾਰ-ਵਾਰ ਨਮਨ ਕਰਦੇ ਹਨ।
ਉਨ੍ਹਾਂ ਕਿਹਾ ਕਿ ਇਸ ਪਾਵਨ ਧਰਤੀ ਦੀ ਹਵਾ ਵਿੱਚ ਗੁਰਬਾਣੀ ਦੀ ਮਿਠਾਸ ਅਤੇ ਮਿੱਟੀ ਵਿੱਚ ਸ਼ਹਾਦਤ ਦੀ ਮਹਿਕ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਪੰਜਾਬ ਵਿੱਚ ਨਸ਼ਿਆਂ ਦੇ ਫੈਲ ਰਹੇ ਕਾਰੋਬਾਰ ’ਤੇ ਉਨ੍ਹਾਂ ਚਿੰਤਾ ਜ਼ਾਹਰ ਕੀਤੀ। ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਪਵਿੱਤਰ ਅਸਥਾਨ ’ਤੇ ਆਏ ਹਨ, ਪਰ ਪੰਜਾਬ ਵਿੱਚ ਨਸ਼ਿਆਂ ਕਾਰਨ ਮਾਵਾਂ ਦੀਆਂ ਗੋਦਾਂ ਸੁੰਨੀਆਂ ਹੁੰਦੀਆਂ ਦੇਖ ਕੇ ਉਨ੍ਹਾਂ ਦੀ ਆਤਮਾ ਰੋਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਰੇ ਲੋਕ ਗੁਰੂ ਸਾਹਿਬਾਨ ਵੱਲੋਂ ਦਿਖਾਏ ਮਾਰਗ ’ਤੇ ਚੱਲਣ, ਸੇਵਾ ਭਾਵਨਾ ਅਪਣਾਉਣ ਅਤੇ ਸੱਚ ਦੇ ਹੱਕ ਵਿੱਚ ਖੜ੍ਹੇ ਹੋਣ।
ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੋਕਾਂ ਦੀ ਆਵਾਜ਼ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਕੇਂਦਰੀ ਮੰਤਰੀ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਧਰਮ ਤੇ ਸੱਚ ਪ੍ਰਤੀ ਉਨ੍ਹਾਂ ਦੀ ਅਟੱਲ ਨਿਸ਼ਠਾ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਧਰਮ ਅਤੇ ਸੱਚ ਦੀ ਰੱਖਿਆ ਲਈ ਸਾਹਿਬਜ਼ਾਦਿਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਤਾਂ ਇਸ ਮੁਹਿੰਮ ਤੋਂ ਪਿੱਛੇ ਨਾ ਹਟਣ। ਉਨ੍ਹਾਂ ‘ਨਸ਼ਾ ਮੁਕਤ ਪੰਜਾਬ’ ਦਾ ਸੰਕਲਪ ਲੈਣ ਦੀ ਅਪੀਲ ਕੀਤੀ।
ਸਮਾਗਮ ਦੇ ਅੰਤ ਵਿੱਚ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਜੈਕਾਰਿਆਂ ਦੇ ਨਾਅਰੇ ਲਗਾਏ ਗਏ, ਜਿਸ ਤੋਂ ਬਾਅਦ ਪੂਰਾ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚ ਨਹੀਂ ਡੁੱਬਣ ਦਿੱਤਾ ਜਾਵੇਗਾ ਅਤੇ ਪੰਜਾਬ ਦੀ ਜਵਾਨੀ ਤੇ ਵਿਰਾਸਤ ਦੀ ਰੱਖਿਆ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH