
ਪ੍ਰੇਗਾਬਾਲਿਨ ਕੈਪਸੂਲਾਂ ਦੀ ਗੈਰ-ਕਾਨੂੰਨੀ ਖਰੀਦ-ਫਰੋਖਤ ’ਤੇ ਵੀ ਰੋਕ; ਹੁਕਮ 16 ਨਵੰਬਰ ਤੱਕ ਲਾਗੂ
ਕਪੂਰਥਲਾ, 22 ਸਤੰਬਰ (ਹਿੰ.ਸ.)| ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਣਦੀਪ ਸਿੰਘ ਹੀਰ ਨੇ ਕਪੂਰਥਲਾ ਜ਼ਿਲ੍ਹੇ ਵਿੱਚ ਬੰਦੂਕ ਸੱਭਿਆਚਾਰ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ’ਤੇ ਪਾਬੰਦੀ ਲਗਾਉਂਦਿਆਂ ਵੱਖ-ਵੱਖ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਵੀ ਰੋਕ ਲਗਾਈ ਗਈ ਹੈ।
ਹੁਕਮਾਂ ਅਨੁਸਾਰ ਸੋਸ਼ਲ ਮੀਡੀਆ ਸਮੇਤ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਮੈਰਿਜ ਪੈਲੇਸਾਂ, ਵਿਆਹ ਸਮਾਗਮਾਂ ਅਤੇ ਹੋਰ ਜਨਤਕ ਪ੍ਰੋਗਰਾਮਾਂ ਦੌਰਾਨ ਹਥਿਆਰ ਰੱਖਣ ਜਾਂ ਦਿਖਾਉਣ ਦੀ ਮਨਾਹੀ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਭੜਕਾਊ ਭਾਸ਼ਣ ਜਾਂ ਹੇਟ ਸਪੀਚ ਦੇਣ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀ ਹਦੂਦ ਅੰਦਰ ਪ੍ਰੇਗਾਬਾਲਿਨ ਕੈਪਸੂਲਾਂ ਦੀ ਨਿਰਧਾਰਿਤ ਮਾਤਰਾ ਤੋਂ ਵੱਧ ਨਾਜਾਇਜ਼ ਤੌਰ ’ਤੇ ਰੱਖਣ, ਸਾਂਭਣ ਜਾਂ ਵਿਕਰੀ ਕਰਨ ’ਤੇ ਰੋਕ ਲਗਾਈ ਗਈ ਹੈ। ਇਸ ਦੇ ਨਾਲ ਹੀ ਬਿਨਾਂ ਸਹੀ ਬਿੱਲਾਂ ਅਤੇ ਲੋੜੀਂਦੇ ਰਿਕਾਰਡ ਤੋਂ ਪ੍ਰੇਗਾਬਾਲਿਨ ਕੈਪਸੂਲਾਂ ਦੀ ਖਰੀਦ-ਫਰੋਖਤ ਕਰਨ ’ਤੇ ਵੀ ਪਾਬੰਦੀ ਹੋਵੇਗੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਦੋਵੇਂ ਹੁਕਮ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ 16 ਨਵੰਬਰ 2026 ਤੱਕ ਲਾਗੂ ਰਹਿਣਗੇ। ਪ੍ਰਸ਼ਾਸਨ ਵੱਲੋਂ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH