
ਚੰਡੀਗੜ੍ਹ, 22 ਸਤੰਬਰ (ਹਿੰ.ਸ.)| ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀਏ) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਤਲਬ ਕਰ ਲਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 5 ਅਕਤੂਬਰ ਨੂੰ ਹੋਵੇਗੀ ਅਤੇ ਮੁੱਖ ਸਕੱਤਰ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।
ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਬਕਾਇਆ ਡੀਏ 15 ਦਿਨਾਂ ਵਿੱਚ ਜਾਰੀ ਕਰਨ ਦੇ ਅਦਾਲਤੀ ਹੁਕਮ ’ਤੇ ਕੀ ਕਾਰਵਾਈ ਕੀਤੀ ਗਈ ਹੈ। ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਇਸ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ’ਤੇ ਹਾਈਕੋਰਟ ਨੇ ਸਰਕਾਰ ਨੂੰ ਕਿਹਾ ਸੀ ਕਿ ਉਹ ਸੁਪਰੀਮ ਕੋਰਟ ਵਿੱਚ ਮਾਮਲੇ ਦੀ ਜਲਦ ਸੁਣਵਾਈ ਕਰਵਾਉਣ, ਨਹੀਂ ਤਾਂ ਹਾਈਕੋਰਟ ਵੱਲੋਂ ਮਾਮਲੇ ਦੀ ਅੱਗੇ ਸੁਣਵਾਈ ਕੀਤੀ ਜਾਵੇਗੀ।
ਹਾਈਕੋਰਟ ਨੇ ਸੁਣਵਾਈ ਦੌਰਾਨ ਇਹ ਵੀ ਸਪੱਸ਼ਟ ਕੀਤਾ ਸੀ ਕਿ ਕਿਸੇ ਅਦਾਲਤੀ ਫ਼ੈਸਲੇ ਨੂੰ ਚੁਣੌਤੀ ਦੇਣ ਦਾ ਮਤਲਬ ਇਹ ਨਹੀਂ ਹੈ ਕਿ ਉਸ ਫ਼ੈਸਲੇ ਨੂੰ ਲਾਗੂ ਹੀ ਨਾ ਕੀਤਾ ਜਾਵੇ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਬਕਾਇਆ ਡੀਏ ਜਾਰੀ ਕਰਨ ਦੇ ਹੁਕਮ ਦਿੰਦਿਆਂ ਹਾਈਕੋਰਟ ਨੇ ਸਰਕਾਰ ਨੂੰ ਇਹ ਵੀ ਕਿਹਾ ਸੀ ਕਿ ਜਦੋਂ ਤੱਕ ਮੁਲਾਜ਼ਮਾਂ ਨੂੰ ਬਕਾਇਆ ਰਕਮ ਦਾ ਭੁਗਤਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਰਕਾਰ ਪ੍ਰਿੰਟ ਅਤੇ ਇੰਟਰਨੈੱਟ ਇਸ਼ਤਿਹਾਰਾਂ ’ਤੇ ਪੈਸਾ ਖਰਚ ਨਾ ਕਰੇ। ਹੁਣ 5 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਅਦਾਲਤ ਦੇ ਸਵਾਲਾਂ ਦੇ ਜਵਾਬ ਦੇਣੇ ਹੋਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH