
ਚੰਡੀਗੜ੍ਹ, 22 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਦੇਸ਼ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਲਈ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਦੀ ਮੌਜੂਦਗੀ ਵਿੱਚ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਸ਼ੋਭਾ ਯਾਤਰਾਵਾਂ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬਸਾਂਝੇ ਸੰਦੇਸ਼ ਅਤੇ ਪਵਿੱਤਰ ਬਾਣੀ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇਹ ਸਮਾਗਮ ਕਰਵਾਏ ਜਾ ਰਹੇ ਹਨ।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਲ ਤਿਆਰ ਕੀਤੇ ਰੋਡਮੈਪ ਤਹਿਤ ਸੂਬੇ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਫਲਸਫੇ ਅਤੇ ਸਿੱਖਿਆਵਾਂ ਦੇ ਪ੍ਰਚਾਰ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਇਨ੍ਹਾਂ ਵਿੱਚ ਡਰੋਨ ਸ਼ੋਅ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਅਕਾਦਮਿਕ ਸੈਮੀਨਾਰ, ਸਕੂਲਾਂ ਵਿੱਚ ਲੇਖ ਮੁਕਾਬਲੇ, ਗੁਰੂ ਸਾਹਿਬ ਦੀ ਪਵਿੱਤਰ ਬਾਣੀ ’ਤੇ ਵਿਚਾਰ-ਚਰਚਾਵਾਂ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਸ਼ਾਮਲ ਹਨ।
ਵਿੱਤ ਮੰਤਰੀ ਅਨੁਸਾਰ ਪਹਿਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋਵੇਗੀ। ਇਹ ਕਾਨਪੁਰ, ਦਿੱਲੀ, ਅੰਬਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਰੂਪਨਗਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ।
ਦੂਜੀ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਰਵਾਨਾ ਹੋਵੇਗੀ। ਇਸ ਦਾ ਰੂਟ ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਗੜ੍ਹਸ਼ੰਕਰ ਰਾਹੀਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਹੋਵੇਗਾ। ਤੀਜੀ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗੀ ਅਤੇ ਬਰਨਾਲਾ, ਮਾਨਸਾ, ਲਹਿਰਾਗਾਗਾ, ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਮੋਰਿੰਡਾ ਅਤੇ ਰੂਪਨਗਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ।
ਚੌਥੀ ਸ਼ੋਭਾ ਯਾਤਰਾ 30 ਨਵੰਬਰ ਨੂੰ ਜੰਮੂ ਤੋਂ ਸ਼ੁਰੂ ਹੋ ਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਚਾਰੋਂ ਸ਼ੋਭਾ ਯਾਤਰਾਵਾਂ ਦੇ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚਣ ਤੋਂ ਬਾਅਦ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਮੁੱਖ ਧਾਰਮਿਕ ਸਮਾਗਮਾਂ ਦੀ ਰਸਮੀ ਸ਼ੁਰੂਆਤ ਹੋਵੇਗੀ। ਉਨ੍ਹਾਂ ਅਨੁਸਾਰ ਪਹਿਲੇ ਪੜਾਅ ਦੇ ਸਮਾਗਮਾਂ ਦੀ ਸਮਾਪਤੀ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਵੇਗੀ। ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ, ਬਾਣੀ ਅਤੇ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH