
ਜਲੰਧਰ, 22 ਸਤੰਬਰ (ਹਿੰ.ਸ.)| ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋ ਅਫੀਮ, 5 ਹਜ਼ਾਰ ਪ੍ਰੇਗਾਬਲਿਨ ਦੀਆਂ ਗੋਲੀਆਂ, 3 ਹਜ਼ਾਰ ਹੋਰ ਨਸ਼ੀਲੀਆਂ ਗੋਲੀਆਂ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਦੇ ਤਾਰ ਅੰਤਰਰਾਜੀ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਉਹ ਨਸ਼ੇ ਦੀ ਇਹ ਖੇਪ ਕਿਸੇ ਹੋਰ ਸੂਬੇ ਤੋਂ ਪੰਜਾਬ ਲੈ ਕੇ ਆਏ ਸਨ।
ਮਾਮਲੇ ਵਿੱਚ ਥਾਣਾ ਨੰਬਰ 5 ਦੀ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਨਸ਼ਾ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਮਿਲਣ ਦੀ ਉਮੀਦ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ-2 ਮਾਧਵੀ ਸ਼ਰਮਾ ਨੇ ਦੱਸਿਆ ਕਿ ਨਸ਼ਿਆਂ ਦੇ ਗੈਰਕਾਨੂੰਨੀ ਕਾਰੋਬਾਰ ’ਤੇ ਨਕੇਲ ਕੱਸਣ ਲਈ ਪੁਲਿਸ ਵੱਲੋਂ ਇਲਾਕੇ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਟੀਮ ਨੇ ਇੱਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿਲੋ ਅਫੀਮ ਬਰਾਮਦ ਹੋਈ।
ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਉਸ ਦੀ ਪਛਾਣ ਬਾਬੂ ਲਾਭ ਸਿੰਘ ਨਗਰ ਵਾਸੀ ਸ਼ੁਭਮ ਸ਼ਰਮਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਪੁੱਛਗਿੱਛ ਦੌਰਾਨ ਸ਼ੁਭਮ ਸ਼ਰਮਾ ਨੇ ਆਪਣੇ ਦੋ ਹੋਰ ਸਾਥੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਕਪੂਰਥਲਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਪੁਲਿਸ ਅਨੁਸਾਰ ਤਿੰਨਾਂ ਮੁਲਜ਼ਮਾਂ ਕੋਲੋਂ ਕੁੱਲ 1 ਕਿਲੋ ਅਫੀਮ, 5 ਹਜ਼ਾਰ ਪ੍ਰੇਗਾਬਲਿਨ ਦੀਆਂ ਗੋਲੀਆਂ, 3 ਹਜ਼ਾਰ ਹੋਰ ਨਸ਼ੀਲੀਆਂ ਗੋਲੀਆਂ ਅਤੇ 22 ਹਜ਼ਾਰ ਰੁਪਏ ਨਕਦ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਦੀ ਉਮਰ 24 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਦੀ ਮੁੱਢਲੀ ਪੁੱਛਗਿੱਛ ਮੁਤਾਬਕ ਮੁਲਜ਼ਮ ਅਫੀਮ ਅਤੇ ਨਸ਼ੀਲੀਆਂ ਗੋਲੀਆਂ ਦੀ ਇਹ ਖੇਪ ਕਿਸੇ ਹੋਰ ਸੂਬੇ ਤੋਂ ਤਸਕਰੀ ਕਰਕੇ ਪੰਜਾਬ ਲੈ ਕੇ ਆਏ ਸਨ। ਥਾਣਾ ਨੰਬਰ 5 ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਮੁਲਜ਼ਮ ਨਸ਼ੇ ਦੀ ਖੇਪ ਕਿਸ ਤੋਂ ਖਰੀਦਦੇ ਸਨ ਅਤੇ ਜਲੰਧਰ ਵਿੱਚ ਕਿਹੜੇ ਲੋਕਾਂ ਤੱਕ ਇਸ ਦੀ ਸਪਲਾਈ ਕੀਤੀ ਜਾਣੀ ਸੀ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਅਹਿਮ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH