
ਮੋਗਾ, 22 ਸਤੰਬਰ (ਹਿੰ.ਸ.)| ਮੋਗਾ ਜ਼ਿਲ੍ਹੇ ਦੇ ਅਜੀਤਵਾਲ ਰੇਲਵੇ ਸਟੇਸ਼ਨ ਨੇੜੇ ਸੋਮਵਾਰ ਰਾਤ ਟਰੇਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਉਮਰ ਕਰੀਬ 35 ਤੋਂ 40 ਸਾਲ ਦੱਸੀ ਜਾ ਰਹੀ ਹੈ। ਉਸ ਕੋਲੋਂ ਪਛਾਣ ਸਬੰਧੀ ਕੋਈ ਦਸਤਾਵੇਜ਼ ਬਰਾਮਦ ਨਹੀਂ ਹੋਇਆ, ਜਿਸ ਕਾਰਨ ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ।
ਜਾਣਕਾਰੀ ਮੁਤਾਬਕ ਇਹ ਹਾਦਸਾ ਦੇਰ ਰਾਤ ਮੋਗਾ ਅਤੇ ਅਜੀਤਵਾਲ ਰੇਲਵੇ ਸਟੇਸ਼ਨਾਂ ਵਿਚਕਾਰ ਵਾਪਰਿਆ। ਰੇਲਵੇ ਕਿਲੋਮੀਟਰ ਨੰਬਰ 65/01 ਤੋਂ 64/15 ਦੇ ਨੇੜੇ ਨੌਜਵਾਨ ਟਰੇਨ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਅਤੇ ਰੇਲਵੇ ਪੁਲਿਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਲਈ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਮ੍ਰਿਤਕ ਬਾਰੇ ਕੋਈ ਜਾਣਕਾਰੀ ਹੋਵੇ ਜਾਂ ਉਸ ਦਾ ਕੋਈ ਪਰਿਵਾਰਕ ਮੈਂਬਰ ਲਾਪਤਾ ਹੋਵੇ ਤਾਂ ਤੁਰੰਤ ਜਾਂਚ ਅਧਿਕਾਰੀ ਨਾਲ ਸੰਪਰਕ ਕੀਤਾ ਜਾਵੇ। ਮਾਮਲੇ ਦੀ ਜਾਂਚ ਥਾਣੇਦਾਰ ਤਰਲੋਕ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਨਾਲ 94783-31772 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪੁਲਿਸ ਨੇ ਸਮਾਜ ਸੇਵਾ ਸੋਸਾਇਟੀ ਦੀ ਮਦਦ ਨਾਲ ਮ੍ਰਿਤਕ ਦੀ ਲਾਸ਼ ਨੂੰ ਮੋਗਾ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਪਛਾਣ ਵਾਸਤੇ ਰੱਖਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਭਾਲ ਅਤੇ ਪਛਾਣ ਦੀ ਪ੍ਰਕਿਰਿਆ ਜਾਰੀ ਰੱਖੀ ਜਾਵੇਗੀ। ਪਛਾਣ ਹੋਣ ਤੋਂ ਬਾਅਦ ਪੁਲਿਸ ਵੱਲੋਂ ਲੋੜੀਂਦੀ ਕਾਨੂੰਨੀ ਕਾਰਵਾਈ ਪੂਰੀ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH