ਪੰਜਾਬ ਵਿੱਚ ਡੇਂਗੂ ਦੇ 451 ਮਾਮਲੇ, ਚਿਕਨਗੁਨੀਆ ਦੇ 16 ਕੇਸ
ਡੇਂਗੂ ਨਾਲ ਮੌਤ ਦਾ ਕੋਈ ਪੁਸ਼ਟੀਸ਼ੁਦਾ ਮਾਮਲਾ ਨਹੀਂ; ਲੁਧਿਆਣਾ, ਕਪੂਰਥਲਾ, ਫਰੀਦਕੋਟ ਤੇ ਤਰਨਤਾਰਨ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਚੰਡੀਗੜ੍ਹ, 23 ਸਤੰਬਰ (ਹਿੰ.ਸ.)| ਪੰਜਾਬ ਵਿੱਚ ਇਸ ਸਾਲ ਹੁਣ ਤੱਕ ਡੇਂਗੂ ਦੇ 451 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ ਚਿਕਨਗੁਨੀਆ ਦੇ 16 ਮਰੀਜ਼ ਸਾਹਮਣੇ ਆਏ ਹਨ। ਸਿਹ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ


ਡੇਂਗੂ ਨਾਲ ਮੌਤ ਦਾ ਕੋਈ ਪੁਸ਼ਟੀਸ਼ੁਦਾ ਮਾਮਲਾ ਨਹੀਂ; ਲੁਧਿਆਣਾ, ਕਪੂਰਥਲਾ, ਫਰੀਦਕੋਟ ਤੇ ਤਰਨਤਾਰਨ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ

ਚੰਡੀਗੜ੍ਹ, 23 ਸਤੰਬਰ (ਹਿੰ.ਸ.)| ਪੰਜਾਬ ਵਿੱਚ ਇਸ ਸਾਲ ਹੁਣ ਤੱਕ ਡੇਂਗੂ ਦੇ 451 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ ਚਿਕਨਗੁਨੀਆ ਦੇ 16 ਮਰੀਜ਼ ਸਾਹਮਣੇ ਆਏ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਡੇਂਗੂ ਕਾਰਨ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸੂਬੇ ਵਿੱਚ ਡੇਂਗੂ ਦੀ ਜਾਂਚ ਲਈ 1,00,414 ਨਮੂਨੇ ਲਏ ਗਏ ਹਨ। ਇਨ੍ਹਾਂ ਵਿੱਚੋਂ 64,049 ਜਾਂਚਾਂ ਆਮ ਆਦਮੀ ਕਲੀਨਿਕਾਂ ਰਾਹੀਂ ਕੀਤੀਆਂ ਗਈਆਂ। ਜਾਂਚ ਕੀਤੇ ਗਏ ਨਮੂਨਿਆਂ ਵਿੱਚੋਂ 451 ਵਿਅਕਤੀਆਂ ਦੇ ਡੇਂਗੂ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ, ਜਿਸ ਨਾਲ ਪਾਜ਼ੀਟਿਵ ਦਰ 0.45 ਫੀਸਦੀ ਰਹੀ।

ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਸਿਰਫ਼ ਮਰੀਜ਼ਾਂ ਦੀ ਪਛਾਣ ਕਰਨ ਤੱਕ ਹੀ ਕਾਰਵਾਈ ਸੀਮਤ ਨਾ ਰੱਖੀ ਜਾਵੇ, ਸਗੋਂ ਮੱਛਰਾਂ ਦੇ ਲਾਰਵੇ ਦੀ ਪਛਾਣ ਕਰਕੇ ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਨ ਵੱਲ ਵਧੇਰੇ ਧਿਆਨ ਦਿੱਤਾ ਜਾਵੇ। ਉਨ੍ਹਾਂ ਸੰਭਾਵਿਤ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਲਗਾਤਾਰ ਨਿਗਰਾਨੀ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ।

ਲੁਧਿਆਣਾ, ਕਪੂਰਥਲਾ, ਫਰੀਦਕੋਟ ਅਤੇ ਤਰਨਤਾਰਨ ਵਿੱਚ ਡੇਂਗੂ ਦੇ ਮੁਕਾਬਲਤਨ ਵੱਧ ਮਾਮਲੇ ਸਾਹਮਣੇ ਆਉਣ ਕਾਰਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਨਿਗਰਾਨੀ ਅਤੇ ਮੱਛਰਾਂ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਦੀ ਮਦਦ ਨਾਲ ਘਰ-ਘਰ ਸਰਵੇਖਣ ਕਰਕੇ ਮੱਛਰਾਂ ਦੇ ਪੈਦਾ ਹੋਣ ਵਾਲੇ ਸਥਾਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖਤਮ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ।

ਮੰਤਰੀ ਨੇ ਪਿੰਡ ਪੱਧਰ ’ਤੇ ਗ੍ਰਾਮ ਸਿਹਤ, ਸਫ਼ਾਈ ਅਤੇ ਪੋਸ਼ਣ ਕਮੇਟੀਆਂ ਦੀਆਂ ਮੀਟਿੰਗਾਂ ਸਰਗਰਮੀ ਨਾਲ ਕਰਵਾਉਣ ਅਤੇ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਘਰ-ਘਰ ਸਰਵੇਖਣ ਵਿੱਚ ਯੋਗਦਾਨ ਪਾਉਣ ਵਾਲੀਆਂ ਆਸ਼ਾ ਵਰਕਰਾਂ ਨੂੰ ਨਿਰਧਾਰਤ ਭੁਗਤਾਨ ਅਤੇ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ। ਫਰੀਦਕੋਟ ਵਿੱਚ ਡੇਂਗੂ ਰੋਕਥਾਮ ਮੁਹਿੰਮ ਦੌਰਾਨ ਨਰਸਿੰਗ ਵਿਦਿਆਰਥੀਆਂ ਦੀ ਸੌ ਫੀਸਦੀ ਭਾਗੀਦਾਰੀ ਦੀ ਵੀ ਸ਼ਲਾਘਾ ਕੀਤੀ ਗਈ।

ਡਾ. ਬਲਬੀਰ ਸਿੰਘ ਨੇ ਲੋੜ ਅਨੁਸਾਰ ਘਰਾਂ ਅਤੇ ਖੁੱਲ੍ਹੇ ਇਲਾਕਿਆਂ ਵਿੱਚ ਫੌਗਿੰਗ ਕਰਵਾਉਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਸਬੰਧਤ ਜ਼ਿਲ੍ਹਿਆਂ ਵਿੱਚ ਮੈਦਾਨੀ ਪੱਧਰ ’ਤੇ ਨਿਰੀਖਣ ਵਧਾਉਣ ਅਤੇ ਆਸ਼ਾ ਵਰਕਰਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ।

ਮੀਟਿੰਗ ਦੌਰਾਨ ਸੂਬੇ ਵਿੱਚ ਸਾਹਮਣੇ ਆਏ ਚਿਕਨਗੁਨੀਆ ਦੇ 16 ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਤੇਜ਼ ਦਸਤ, ਹੈਜ਼ਾ ਅਤੇ ਹੈਪੇਟਾਈਟਸ ਵਰਗੀਆਂ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਸਥਿਤੀ ’ਤੇ ਵੀ ਵਿਚਾਰ ਕੀਤਾ ਗਿਆ। ਮੰਤਰੀ ਨੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਨਿਯਮਤ ਨਿਗਰਾਨੀ ਕਰਨ, ਪਾਣੀ ਦੇ ਸਰੋਤਾਂ ਦੀ ਜਾਂਚ ਕਰਵਾਉਣ ਅਤੇ ਪਾਣੀ ਦੀਆਂ ਪਾਈਪਾਂ ਵਿੱਚ ਲੀਕੇਜ ਜਾਂ ਦੂਸ਼ਿਤ ਪਾਣੀ ਦੀ ਸਪਲਾਈ ਦੀ ਸ਼ਿਕਾਇਤ ਮਿਲਣ ’ਤੇ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਲਈ ਕਿਹਾ।

ਸਿਹਤ ਸੰਸਥਾਵਾਂ ਵਿੱਚ ਓਆਰਐੱਸ, ਆਈਵੀ ਫਲੂਇਡ, ਕਲੋਰੀਨ ਦੀਆਂ ਗੋਲੀਆਂ ਅਤੇ ਜ਼ਰੂਰੀ ਦਵਾਈਆਂ ਦਾ ਲੋੜੀਂਦਾ ਭੰਡਾਰ ਬਣਾਈ ਰੱਖਣ ਦੇ ਵੀ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡਾਂ ਦੀ ਵੰਡ ਦੀ ਵੀ ਸਮੀਖਿਆ ਕੀਤੀ ਗਈ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਪਿੰਡਾਂ ਤੇ ਮੁਹੱਲਿਆਂ ਵਿੱਚ ਵੰਡ ਸਮਾਗਮ ਕਰਵਾਉਣ ਲਈ ਕਿਹਾ ਗਿਆ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਮੱਛਰਾਂ ਦੇ ਪੈਦਾ ਹੋਣ ਵਾਲੇ ਸੰਭਾਵਿਤ ਸਥਾਨਾਂ ਨੂੰ ਖਤਮ ਕਰਕੇ ਅਤੇ ਆਲੇ-ਦੁਆਲੇ ਸਫ਼ਾਈ ਰੱਖ ਕੇ ਡੇਂਗੂ ਤੇ ਹੋਰ ਮੱਛਰਜਨਿਤ ਬਿਮਾਰੀਆਂ ਦੀ ਰੋਕਥਾਮ ਵਿੱਚ ਲੋਕ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande