
ਨਸਲੀ ਮੁਕਾਬਲਿਆਂ ਦੇ ਜੇਤੂ ਪਸ਼ੂਆਂ ਦੇ ਮਾਲਕਾਂ ਨੂੰ ਕੀਤਾ ਸਨਮਾਨਿਤ
ਫਰੀਦਕੋਟ, 23 ਸਤੰਬਰ (ਹਿੰ.ਸ.)| ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਦਾਣਾ ਮੰਡੀ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਪਸ਼ੂਧਨ ਮੇਲੇ ਦੇ ਦੂਜੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਮੇਲੇ ਵਿੱਚ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਫਰੀਦਕੋਟ ਵਾਸੀਆਂ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਰਵਾਇਤੀ ਮੇਲਿਆਂ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਦੌਰਾਨ ਮੰਤਰੀ ਮੁੰਡੀਆਂ ਅਤੇ ਵਿਧਾਇਕ ਸੇਖੋਂ ਨੇ ਮੇਲੇ ਵਿੱਚ ਕਰਵਾਏ ਜਾ ਰਹੇ ਘੋੜੇ-ਘੋੜੀਆਂ, ਵਛੇਰੇ ਅਤੇ ਵਛੇਰੀਆਂ ਦੇ ਨਸਲੀ ਅਤੇ ਸਜਾਵਟੀ ਮੁਕਾਬਲਿਆਂ ਦਾ ਜਾਇਜ਼ਾ ਲਿਆ। ਮੰਤਰੀ ਨੇ ਕਿਹਾ ਕਿ ਅਜਿਹੇ ਮੁਕਾਬਲੇ ਪਸ਼ੂ ਪਾਲਕਾਂ ਨੂੰ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਪ੍ਰੇਰਿਤ ਕਰਦੇ ਹਨ। ਇਸ ਤੋਂ ਇਲਾਵਾ ਮੇਲਿਆਂ ਰਾਹੀਂ ਪਸ਼ੂ ਪਾਲਕਾਂ ਨੂੰ ਵੱਖ-ਵੱਖ ਨਸਲਾਂ ਬਾਰੇ ਜਾਣਕਾਰੀ ਮਿਲਦੀ ਹੈ ਅਤੇ ਉਹ ਆਪਣੇ ਪਸ਼ੂਧਨ ਦੀ ਗੁਣਵੱਤਾ ਵਿੱਚ ਸੁਧਾਰ ਲਈ ਵੀ ਉਤਸ਼ਾਹਿਤ ਹੁੰਦੇ ਹਨ।
ਕੈਬਨਿਟ ਮੰਤਰੀ ਅਤੇ ਵਿਧਾਇਕ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਘੋੜੇ-ਘੋੜੀਆਂ ਅਤੇ ਵਛੇਰਿਆਂ ਦੇ ਮਾਲਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਜੇਤੂ ਪਸ਼ੂ ਪਾਲਕਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਹ ਪਹਿਲਾ ਪਸ਼ੂਧਨ ਮੇਲਾ ਪਸ਼ੂ ਪਾਲਕਾਂ ਲਈ ਇੱਕ ਮਹੱਤਵਪੂਰਨ ਮੰਚ ਵਜੋਂ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪਸ਼ੂ ਪਾਲਕਾਂ ਨੂੰ ਉੱਤਮ ਨਸਲਾਂ ਦੇ ਪਸ਼ੂ ਪਾਲਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪਸ਼ੂ ਪਾਲਣ ਨਾਲ ਜੁੜੀਆਂ ਨਵੀਆਂ ਤਕਨੀਕਾਂ ਅਤੇ ਬਿਹਤਰ ਪ੍ਰਬੰਧਾਂ ਬਾਰੇ ਜਾਣਕਾਰੀ ਦੇਣ ਵਿੱਚ ਵੀ ਸਹਾਇਕ ਹੁੰਦੇ ਹਨ।
ਸੇਖੋਂ ਨੇ ਕਿਹਾ ਕਿ ਮੇਲੇ ਵਿੱਚ ਪਸ਼ੂ ਪਾਲਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਇਸ ਦੀ ਸਫ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮੇਲੇ ਨੂੰ ਹੋਰ ਵੱਡੇ ਪੱਧਰ ’ਤੇ ਕਰਵਾਉਣ ਲਈ ਯਤਨ ਕੀਤੇ ਜਾਣਗੇ।
ਇਸ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਮੈਡਮ ਬੇਅੰਤ ਕੌਰ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਹਰਵੀਨ ਕੌਰ ਧਾਲੀਵਾਲ, ਨਗਰ ਕੌਂਸਲ ਫਰੀਦਕੋਟ ਦੇ ਪ੍ਰਧਾਨ ਬਲਜਿੰਦਰ ਸਿੰਘ ਅਹੂਜਾ, ਅਮਰਜੀਤ ਸਿੰਘ ਪਰਮਾਰ, ਗੁਰਸੇਵਕ ਸਿੰਘ, ਜਗਮੋਹਨ ਸਿੰਘ ਸਮੇਤ ਹੋਰ ਪਤਵੰਤੇ ਅਤੇ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH