ਫਗਵਾੜਾ ਤੇ ਹੁਸ਼ਿਆਰਪੁਰ ਦੀਆਂ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕਰੇਗਾ ਮੰਡੀ ਬੋਰਡ: ਡਾ. ਰਾਜ ਕੁਮਾਰ ਚੱਬੇਵਾਲ
ਸੜਕੀ ਪ੍ਰੋਜੈਕਟਾਂ ਦੀ ਮਨਜ਼ੂਰੀ, ਟੈਂਡਰ ਅਤੇ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਲਿਆ ਫ਼ੈਸਲਾ: ਡਾ. ਰਾਜ ਕੁਮਾਰ ਚੱਬੇਵਾਲ ਫਗਵਾੜਾ, 23 ਸਤੰਬਰ (ਹਿੰ.ਸ.)| ਫਗਵਾੜਾ ਅਤੇ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਡੀ ਬੋਰਡ ਵੱਲੋਂ ਹੁਣ ਇਨ੍ਹਾਂ ਇ
ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ


ਸੜਕੀ ਪ੍ਰੋਜੈਕਟਾਂ ਦੀ ਮਨਜ਼ੂਰੀ, ਟੈਂਡਰ ਅਤੇ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਲਿਆ ਫ਼ੈਸਲਾ: ਡਾ. ਰਾਜ ਕੁਮਾਰ ਚੱਬੇਵਾਲ

ਫਗਵਾੜਾ, 23 ਸਤੰਬਰ (ਹਿੰ.ਸ.)| ਫਗਵਾੜਾ ਅਤੇ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਡੀ ਬੋਰਡ ਵੱਲੋਂ ਹੁਣ ਇਨ੍ਹਾਂ ਇਲਾਕਿਆਂ ਦੀਆਂ ਸਾਰੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਕੀਤਾ ਜਾਵੇਗਾ। ਇਹ ਫ਼ੈਸਲਾ ਸੜਕੀ ਪ੍ਰੋਜੈਕਟਾਂ ਨੂੰ ਜਲਦ ਮਨਜ਼ੂਰੀ ਦੇਣ, ਟੈਂਡਰ ਪ੍ਰਕਿਰਿਆ ਪੂਰੀ ਕਰਨ ਅਤੇ ਮੌਕੇ ’ਤੇ ਕੰਮ ਛੇਤੀ ਸ਼ੁਰੂ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ।

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਕੇ ਫਗਵਾੜਾ ਅਤੇ ਹੁਸ਼ਿਆਰਪੁਰ ਖੇਤਰ ਵਿੱਚ ਪੇਂਡੂ ਸੜਕਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਦੀਆਂ ਪੇਂਡੂ ਲਿੰਕ ਸੜਕਾਂ ਨਾਲ ਸਬੰਧਤ ਇੰਜੀਨੀਅਰਿੰਗ ਕੰਮ ਪੰਜਾਬ ਮੰਡੀ ਬੋਰਡ ਨੂੰ ਸੌਂਪਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਡਾ. ਚੱਬੇਵਾਲ ਨੇ ਦੱਸਿਆ ਕਿ ਪਹਿਲਾਂ ਇਨ੍ਹਾਂ ਸੜਕਾਂ ਦੀ ਦੇਖ-ਰੇਖ ਅਤੇ ਵਿਕਾਸ ਨਾਲ ਸਬੰਧਤ ਕੰਮ ਲੋਕ ਨਿਰਮਾਣ ਵਿਭਾਗ ਅਧੀਨ ਹੁੰਦੇ ਸਨ। ਹੁਣ ਪੰਜਾਬ ਮੰਡੀ ਬੋਰਡ ਨੂੰ ਜ਼ਿੰਮੇਵਾਰੀ ਮਿਲਣ ਨਾਲ ਸੜਕੀ ਪ੍ਰੋਜੈਕਟਾਂ ਦੀ ਯੋਜਨਾ ਤਿਆਰ ਕਰਨ, ਪ੍ਰਸ਼ਾਸਨਿਕ ਪ੍ਰਕਿਰਿਆ ਪੂਰੀ ਕਰਨ ਅਤੇ ਟੈਂਡਰ ਜਾਰੀ ਕਰਨ ਦੇ ਕੰਮ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਨਵੀਂ ਵਿਵਸਥਾ ਨਾਲ ਸੜਕਾਂ ਸਬੰਧੀ ਪ੍ਰਸਤਾਵ ਜਲਦੀ ਤਿਆਰ ਹੋਣਗੇ ਅਤੇ ਮਨਜ਼ੂਰੀਆਂ ਮਿਲਣ ਤੋਂ ਬਾਅਦ ਟੈਂਡਰ ਪ੍ਰਕਿਰਿਆ ਵੀ ਸਮੇਂ ਸਿਰ ਪੂਰੀ ਕੀਤੀ ਜਾ ਸਕੇਗੀ। ਇਸ ਨਾਲ ਫੀਲਡ ਵਿੱਚ ਵਿਕਾਸ ਕਾਰਜ ਸ਼ੁਰੂ ਕਰਨ ਵਿੱਚ ਹੋਣ ਵਾਲੀ ਦੇਰੀ ਘਟੇਗੀ ਅਤੇ ਪੇਂਡੂ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।

ਸੰਸਦ ਮੈਂਬਰ ਨੇ ਕਿਹਾ ਕਿ ਪੇਂਡੂ ਖੇਤਰਾਂ ਲਈ ਚੰਗੀਆਂ ਸੜਕਾਂ ਬੁਨਿਆਦੀ ਸਹੂਲਤ ਦੇ ਨਾਲ-ਨਾਲ ਪਿੰਡਾਂ ਨੂੰ ਨੇੜਲੇ ਸ਼ਹਿਰਾਂ ਅਤੇ ਕਸਬਿਆਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਮੁਤਾਬਕ ਬਿਹਤਰ ਸੜਕੀ ਸੰਪਰਕ ਨਾਲ ਲੋਕਾਂ ਦੀ ਆਵਾਜਾਈ ਸੁਖਾਲੀ ਹੋਣ ਦੇ ਨਾਲ ਪੇਂਡੂ ਖੇਤਰਾਂ ਵਿੱਚ ਵਪਾਰਕ ਅਤੇ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲ ਸਕਦਾ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਫਗਵਾੜਾ ਅਤੇ ਹੁਸ਼ਿਆਰਪੁਰ ਖੇਤਰ ਦੀਆਂ ਪੇਂਡੂ ਲਿੰਕ ਸੜਕਾਂ ਦੀ ਹਾਲਤ ਵਿੱਚ ਸੁਧਾਰ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸੜਕੀ ਸੰਪਰਕ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande