
ਫਾਜ਼ਿਲਕਾ, 23 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਦੀ ਸ਼ੁਰੂਆਤ ਮੌਕੇ ਕੀਤਾ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਹਲਕੇ ਦੇ ਪਿੰਡ ਭਾਗਸਰ ਵਿਖੇ ਘਰ-ਘਰ ਪਹੁੰਚੇ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਰਾਹੀਂ ਇੱਕ ਆਮ ਪੰਜਾਬੀ ਪਰਿਵਾਰ ਨੂੰ ਸਾਲਾਨਾ ਲੱਖਾਂ ਰੁਪਏ ਦੇ ਵੱਖ-ਵੱਖ ਲਾਭ ਮਿਲ ਰਹੇ ਹਨ।
ਵਿਧਾਇਕ ਨੇ ਦੱਸਿਆ ਕਿ ਇਨ੍ਹਾਂ ਸਹੂਲਤਾਂ ਵਿੱਚ ਬਿਜਲੀ ਬਿੱਲਾਂ ਵਿੱਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿੱਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਜਾਂਚ ਅਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀਬਾੜੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਸਮੇਤ ਹੋਰ ਸਹੂਲਤਾਂ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੇ ਲਾਭਾਂ ਦੀ ਜਾਣਕਾਰੀ ਸਿੱਧੇ ਤੌਰ ’ਤੇ ਘਰ-ਘਰ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਲੋਕਾਂ ਨਾਲ ਸੰਪਰਕ ਕਰਕੇ ਸਰਕਾਰੀ ਯੋਜਨਾਵਾਂ ਸਬੰਧੀ ਜਾਣਕਾਰੀ ਸਾਂਝੀ ਕਰਨਗੇ।
ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਉਨ੍ਹਾਂ ਅਨੁਸਾਰ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧੇ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਲੋਕਾਂ ਤੋਂ ਸਰਕਾਰੀ ਯੋਜਨਾਵਾਂ ਬਾਰੇ ਫੀਡਬੈਕ ਵੀ ਲਿਆ ਜਾ ਰਿਹਾ ਹੈ। ਇਸ ਮੌਕੇ ਪਿੰਡ ਭਾਗਸਰ ਦੇ ਵਸਨੀਕਾਂ ਨੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦਾ ਸਵਾਗਤ ਕੀਤਾ ਅਤੇ ਸਰਕਾਰੀ ਯੋਜਨਾਵਾਂ ਰਾਹੀਂ ਉਨ੍ਹਾਂ ਨੂੰ ਮਿਲੇ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH