ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਪਸ਼ੂਧਨ ਤੇ ਕਿਸਾਨ ਮੇਲੇ ਵਿੱਚ ਨਸਲੀ ਮੁਕਾਬਲੇ ਕਰਵਾਏ
ਮੱਝਾਂ, ਗਾਵਾਂ ਤੇ ਵੱਛੀਆਂ ਦੇ ਮੁਕਾਬਲਿਆਂ ਵਿੱਚ ਪਸ਼ੂ ਪਾਲਕਾਂ ਨੇ ਲਿਆ ਉਤਸ਼ਾਹ ਨਾਲ ਹਿੱਸਾ; ਗੁਰਮੀਤ ਸਿੰਘ ਖੁੱਡੀਆਂ ਨੇ ਜੇਤੂਆਂ ਨੂੰ ਕੀਤਾ ਸਨਮਾਨਿਤ ਫ਼ਰੀਦਕੋਟ, 24 ਸਤੰਬਰ (ਹਿੰ.ਸ.)| ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਹਿਲੇ ਪਸ਼ੂਧਨ ਤੇ ਕਿਸਾਨ ਮੇਲੇ ਦੇ ਤੀਜੇ ਅਤੇ ਆਖਰੀ ਦਿਨ ਮੱਝਾਂ, ਗ
ਸ਼ੂਧਨ ਤੇ ਕਿਸਾਨ ਮੇਲੇ ਵਿੱਚ ਨਸਲੀ ਮੁਕਾਬਲਿਆਂ ਦੌਰਾਨ ਸੰਬੋਧਨ ਕਰਦੇ ਹੋਏ ਮੰਤਰੀ ਗੁਰਮੀਤ ਸਿੰਘ ਖੁੱਡੀਆਂ


ਮੱਝਾਂ, ਗਾਵਾਂ ਤੇ ਵੱਛੀਆਂ ਦੇ ਮੁਕਾਬਲਿਆਂ ਵਿੱਚ ਪਸ਼ੂ ਪਾਲਕਾਂ ਨੇ ਲਿਆ ਉਤਸ਼ਾਹ ਨਾਲ ਹਿੱਸਾ; ਗੁਰਮੀਤ ਸਿੰਘ ਖੁੱਡੀਆਂ ਨੇ ਜੇਤੂਆਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 24 ਸਤੰਬਰ (ਹਿੰ.ਸ.)| ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਹਿਲੇ ਪਸ਼ੂਧਨ ਤੇ ਕਿਸਾਨ ਮੇਲੇ ਦੇ ਤੀਜੇ ਅਤੇ ਆਖਰੀ ਦਿਨ ਮੱਝਾਂ, ਗਾਵਾਂ ਅਤੇ ਵੱਛੀਆਂ ਦੇ ਵੱਖ-ਵੱਖ ਨਸਲੀ ਮੁਕਾਬਲੇ ਕਰਵਾਏ ਗਏ। ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਅਤੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਕਰਵਾਏ ਇਸ ਮੇਲੇ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਪਸ਼ੂ ਪਾਲਕਾਂ ਨੂੰ ਸਨਮਾਨਿਤ ਕੀਤਾ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀ ਭਲਾਈ ਲਈ ਖੇਤੀਬਾੜੀ ਤੇ ਪਸ਼ੂ ਪਾਲਣ ਖੇਤਰ ਵਿੱਚ ਆਧੁਨਿਕ ਤਕਨੀਕਾਂ ਅਤੇ ਵਿਗਿਆਨਕ ਢੰਗਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਨਾਲ ਸਿੱਧਾ ਸੰਵਾਦ ਕਰਨ, ਨਵੀਆਂ ਖੇਤੀ ਤਕਨੀਕਾਂ ਅਤੇ ਉੱਨਤ ਪਸ਼ੂ ਨਸਲਾਂ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਮੰਡੀਕਰਨ ਲਈ ਮੰਚ ਪ੍ਰਦਾਨ ਕਰਦੇ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ, ਡੇਅਰੀ ਫਾਰਮਿੰਗ ਅਤੇ ਹੋਰ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਆਮਦਨ ਵਧਾ ਸਕਦੇ ਹਨ। ਉਨ੍ਹਾਂ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਸ ਪਹਿਲੇ ਪਸ਼ੂਧਨ ਤੇ ਕਿਸਾਨ ਮੇਲੇ ਨੂੰ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ ਲਾਹੇਵੰਦ ਉਪਰਾਲਾ ਦੱਸਿਆ ਅਤੇ ਭਰਵੀਂ ਸ਼ਮੂਲੀਅਤ ਲਈ ਸਭ ਦਾ ਧੰਨਵਾਦ ਕੀਤਾ।

ਮੇਲੇ ਦੌਰਾਨ ਮੁਰ੍ਹਾ ਅਤੇ ਨੀਲੀ ਰਾਵੀ ਨਸਲ ਦੀਆਂ ਮੱਝਾਂ, ਐਚ.ਐਫ. ਅਤੇ ਜਰਸੀ ਨਸਲ ਦੀਆਂ ਗਾਵਾਂ ਤੋਂ ਇਲਾਵਾ ਦੋ ਪੱਕੇ ਦੰਦਾਂ ਤੋਂ ਘੱਟ ਉਮਰ ਦੀਆਂ ਵੱਛੀਆਂ ਅਤੇ ਝੋਟੀਆਂ ਦੇ ਨਸਲੀ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਐਚ.ਐਫ. ਸੈਕਸਡ ਸੀਮਨ ਨਾਲ ਪੈਦਾ ਹੋਈਆਂ ਛੇ ਮਹੀਨੇ ਤੋਂ ਘੱਟ ਉਮਰ ਦੀਆਂ ਅਤੇ ਐਨ.ਡੀ.ਐਲ.ਐਮ. ਪੋਰਟਲ ’ਤੇ ਰਜਿਸਟਰਡ ਵੱਛੀਆਂ ਦੀ ਵਿਸ਼ੇਸ਼ ਕਾਫ਼ ਰੈਲੀ ਵੀ ਕਰਵਾਈ ਗਈ।

ਮੇਲੇ ਵਿੱਚ ਖੇਤੀਬਾੜੀ ਅਤੇ ਖੇਤੀ ਜਿਣਸਾਂ ਤੋਂ ਤਿਆਰ ਕੀਤੇ ਪ੍ਰੋਸੈਸਡ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਕਿਸਾਨਾਂ ਅਤੇ ਕਿਸਾਨ ਸਮੂਹਾਂ ਵੱਲੋਂ ਆਪਣੇ ਉਤਪਾਦਾਂ ਦਾ ਸਵੈ-ਮੰਡੀਕਰਨ ਕੀਤਾ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਪਸ਼ੂ ਫੀਡ ਅਤੇ ਦਵਾਈਆਂ ਦੀਆਂ ਕੰਪਨੀਆਂ ਅਤੇ ਖੇਤੀ ਇਨਪੁਟ ਡੀਲਰਾਂ ਵੱਲੋਂ ਕੀਟਨਾਸ਼ਕਾਂ, ਬੀਜਾਂ ਅਤੇ ਹੋਰ ਖੇਤੀ ਸਮੱਗਰੀ ਦੀਆਂ ਪ੍ਰਦਰਸ਼ਨੀ ਸਟਾਲਾਂ ਲਗਾਈਆਂ ਗਈਆਂ।

ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਰਾਜਿੰਦਰ ਸਿੰਘ, ਚੇਅਰਮੈਨ ਪਲਾਨਿੰਗ ਬੋਰਡ ਗੁਰਤੇਜ ਸਿੰਘ ਖੋਸਾ, ਪਸ਼ੂ ਪਾਲਣ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਡਾ. ਹਰਵੀਨ ਕੌਰ ਧਾਲੀਵਾਲ, ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਹਾਈਡ੍ਰੋਲੋਜੀ ਡਾ. ਅਰੁਣ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਰੀਦਕੋਟ ਡਾ. ਜਸਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ, ਡਾ. ਜਸਵਿੰਦਰ ਕੁਮਾਰ ਗਰਗ ਅਤੇ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਡਾ. ਸੁਰਜੀਤ ਸਿੰਘ ਮੱਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਮੇਲੇ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਡਾ. ਕੇਵਲ ਅਰੋੜਾ ਅਤੇ ਡਾ. ਭੁਪੇਸ਼ ਜੋਸ਼ੀ, ਡੀ.ਪੀ.ਡੀ. ਆਤਮਾ ਵੱਲੋਂ ਨਿਭਾਈ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande